ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਬੈਠਕ

Last Updated: Jun 14 2018 18:50

ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਹਿੱਤ ਵਿੱਚ 5 ਜੂਨ 2018 ਨੂੰ ਸ਼ੁਰੂ ਕੀਤੇ “ਮਿਸ਼ਨ ਤੰਦਰੁਸਤ ਪੰਜਾਬ” ਦੇ ਲਈ ਕਰੀਬ ਮਹੀਨਾ ਭਰ ਲਈ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਅਧੀਨ ਵੱਖ-ਵੱਖ ਵਿਭਾਗ ਆਪਣੇ-ਆਪਣੇ ਕਾਰਜ ਵਿੱਚ ਸਬੰਧਿਤ ਮਿਸ਼ਨ ਤਹਿਤ ਗਤੀਵਿਧੀਆਂ ਕਰਨਗੇ ਅਤੇ ਇਸ ਦੇ ਨਾਲ ਹੀ ਵਾਤਾਵਰਨ ਨੂੰ ਸਾਫ਼ ਸੁੱਥਰਾ ਰੱਖਣ ਦੇ ਲਈ ਲੋਕਾਂ ਨੂੰ ਜਾਗਰੂਕ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਨੀਲਿਮਾ ਨੇ “ਮਿਸ਼ਨ ਤੰਦਰੁਸਤ ਪੰਜਾਬ” ਅਧੀਨ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਹਾਲ ਵਿੱਚ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਿਤ ਕਰਦਿਆਂ ਡਿਪਟੀ ਕਮਿਸ਼ਨਰ ਨੀਲਿਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਮਿਸ਼ਨ ਤੰਦਰੁਸਤ ਪੰਜਾਬ” ਅਧੀਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਉਣ ਵਾਲੇ ਦਿਨਾਂ ਦੇ ਲਈ ਪ੍ਰੋਗਰਾਮ ਉਲੀਕੇ ਗਏ ਹਨ।

ਜਿਸ ਅਨੁਸਾਰ ਨਿਰਧਾਰਤ ਦਿਨ ਅਨੁਸਾਰ ਵੱਖ-ਵੱਖ ਸਰਕਾਰੀ ਵਿਭਾਗ ਮਿਸ਼ਨ ਅਧੀਨ ਆਪਣਾ ਕਾਰਜ ਕਰਨਗੇ ਅਤੇ ਲੋਕਾਂ ਨੂੰ “ਮਿਸ਼ਨ ਤੰਦਰੁਸਤ ਪੰਜਾਬ” ਦੇ ਲਈ ਜਾਗਰੂਕ ਕਰਨਗੇ। ਉਨ੍ਹਾਂ ਕਿਹਾ ਕਿ “ਮਿਸ਼ਨ ਤੰਦਰੁਸਤ ਪੰਜਾਬ” ਅਧੀਨ ਜੋ ਕਾਰਜ ਦੋ ਜਾ ਤਿੰਨ ਵਿਭਾਗਾਂ ਦੇ ਤਾਲਮੇਲ ਨਾਲ ਹੋਣੇ ਹਨ ਪਰ ਕਾਫ਼ੀ ਲੰਮੇ ਸਮੇਂ ਤੋਂ ਰੁਕੇ ਹੋਏ ਹਨ, ਉਨ੍ਹਾਂ ਕਾਰਜਾਂ ਨੂੰ ਸਮੇਂ ਤੇ ਪੂਰਾ ਕਰਨ ਦੇ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਅਧੀਨ ਇੱਕ ਕਮੇਟੀ ਬਣਾਈ ਜਾਵੇਗੀ। ਸਬੰਧਿਤ ਵਿਭਾਗ ਅਧਿਕਾਰੀ ਕਾਰਜ ਦੇ ਮਾਮਲੇ ਨੂੰ ਉਕਤ ਅਧਿਕਾਰੀ ਦੇ ਧਿਆਨ ਵਿੱਚ ਲਿਆਏਗਾ ਅਤੇ ਉਨ੍ਹਾਂ ਵੱਲੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਸਮੇਂ ਤੇ ਕਾਰਜ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ “ਮਿਸ਼ਨ ਤੰਦਰੁਸਤ ਪੰਜਾਬ” ਅਧੀਨ ਜਾਗਰੂਕ ਕਰੇਗਾ ਤਾਂ ਜੋ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਅਧੀਨ ਪੰਜਾਬ ਦੀ ਇੱਕ ਵੱਖਰੀ ਪਹਿਚਾਣ ਬਣਾਈ ਜਾ ਸਕੇ।