ਮਿਊਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਨੇ ਮੰਗਾਂ ਸਬੰਧੀ ਕੀਤੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ.!!

Last Updated: Jun 14 2018 18:45

ਆਪਣੀਆਂ ਹੱਕੀ ਮੰਗਾਂ ਦੇ ਸਬੰਧ ਵਿੱਚ ਅੱਜ ਫਿਰੋਜ਼ਪੁਰ ਨਗਰ ਕੌਂਸਲ ਦੇ ਸਾਹਮਣੇ ਮਿਊਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਰੋਸ ਧਰਨੇ ਨੂੰ ਸੰਬੋਧਨ ਕਰਦੇ ਹੋਏ ਮਿਊਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਫਿਰੋਜ਼ਪੁਰ ਦੇ ਆਗੂਆਂ ਨੇ ਦੱਸਿਆ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਦੇ ਸਬੰਧ ਵਿੱਚ ਸੰਘਰਸ਼ ਕਰਦੇ ਆ ਰਹੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਵੀ ਮੰਗ ਨੂੰ ਨਹੀਂ ਮੰਨਿਆ ਜਾ ਰਿਹਾ।

ਜਿਸਦੇ ਚੱਲਦਿਆਂ ਮੁਲਾਜ਼ਮਾਂ ਵਿੱਚ ਕਾਫੀ ਜ਼ਿਆਦਾ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ 'ਤੇ ਮਿਊਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਦੇ ਆਗੂਆਂ ਨੇ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਠੇਕਾ ਮੁਲਾਜ਼ਮਾਂ ਨੂੰ ਪੱਕਿਆ ਕੀਤਾ ਜਾਵੇ, ਸ਼ਹਿਰਾਂ ਦੀਆਂ ਬੀਟਾਂ ਅਨੁਸਾਰ ਨਵੀਂ ਭਰਤੀ ਕੀਤੀ ਜਾਵੇ, ਤਨਖਾਹਾਂ ਸਮੇਂ ਸਿਰ ਦੇਣ ਲਈ ਵੈਟ ਦੀ ਰਾਸ਼ੀ ਦੁੱਗਣੀ ਕੀਤੀ ਜਾਵੇ ਜਾਂ ਤਨਖਾਹ ਪੰਜਾਬ ਸਰਕਾਰ ਦੇ ਖਜ਼ਾਨੇ ਵਿੱਚੋਂ ਦਿੱਤੀ ਜਾਵੇ। ਉਨ੍ਹਾਂ ਚੇਤਾਵਨੀ ਭਰੇ ਲਹਿਜ਼ੇ ਵਿੱਚ ਆਖਿਆ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਛੇਤੀ ਪ੍ਰਵਾਨ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਨੂੰ ਹੋਰ ਤਿੱਖਾ ਕਰ ਦੇਣਗੇ।