ਜਲ ਸਪਲਾਈ ਵਿਭਾਗ ਨੇ ਪਾਣੀ ਵਾਲੀਆਂ ਟੈਂਕੀਆਂ ਦੀ ਸਫ਼ਾਈ ਕੀਤੀ ਸ਼ੁਰੂ

Last Updated: Jun 05 2019 17:46
Reading time: 0 mins, 54 secs

ਮਿਸ਼ਨ ਤੰਦਰੁਸਤ ਪੰਜਾਬ ਅਤੇ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਸਾਰੀਆਂ ਸਰਕਾਰੀ ਜਲ ਸਪਲਾਈ ਦੀਆਂ ਟੈਂਕੀਆਂ ਦੀ ਸਫ਼ਾਈ ਦਾ ਅਭਿਆਨ ਸ਼ੁਰੂ ਕੀਤਾ ਹੈ। ਇਸ ਸਫ਼ਾਈ ਅਭਿਆਨ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਬਟਾਲਾ-1 ਦੇ ਐਕਸੀਅਨ ਸ੍ਰੀ ਨਿਤਨ ਕਾਲੀਆ ਨੇ ਦੱਸਿਆ ਕਿ ਬਟਾਲਾ ਸਬ-ਡਵੀਜ਼ਨ ਅਧੀਨ ਆਉਂਦੀਆਂ ਸਾਰੀਆਂ ਪਾਣੀ ਵਾਲੀ ਟੈਂਕੀਆਂ ਦੀ ਸਫ਼ਾਈ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਪੀਣ ਲਈ ਸਾਫ਼ ਤੇ ਸ਼ੁੱਧ ਪਾਣੀ ਮਿਲ ਸਕੇ। ਉਨ੍ਹਾਂ ਕਿਹਾ ਕਿ ਟੈਂਕੀਆਂ ਨੂੰ ਖਾਲੀ ਕਰਕੇ ਉਨ੍ਹਾਂ ਦੀ ਅੰਦਰੋਂ ਸਫਾਈ ਕੀਤੀ ਜਾ ਰਹੀ ਹੈ ਅਤੇ ਇਹ ਮੁਹਿੰਮ ਸਾਰੇ ਪਿੰਡਾਂ ਅਤੇ ਸ਼ਹਿਰਾਂ ਦੀਆਂ ਸਰਕਾਰੀ ਪਾਣੀ ਵਾਲੀਆਂ ਟੈਂਕੀਆਂ ਲਈ ਚੱਲ ਰਹੀ ਹੈ।

ਐਕਸੀਅਨ ਸ੍ਰੀ ਕਾਲੀਆ ਨੇ ਦੱਸਿਆ ਕਿ ਟੈਂਕੀਆਂ ਦੀ ਸਫ਼ਾਈ ਤੋਂ ਇਲਾਵਾ ਸਾਰੇ ਜਲ-ਸਪਲਾਈ ਘਰਾਂ ਦੀ ਵੀ ਵਿਸ਼ੇਸ਼ ਸਫ਼ਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਪਾਣੀ ਦੀ ਲੀਕੇਜ ਨੂੰ ਵੀ ਠੀਕ ਕੀਤਾ ਜਾ ਰਿਹਾ ਹੈ ਤਾਂ ਜੋ ਪਾਣੀ ਦੀ ਬਰਬਾਦੀ ਨਾ ਹੋਵੇ। ਉਨ੍ਹਾਂ ਨਾਲ ਹੀ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਪਾਣੀ ਦੀ ਵਰਤੋਂ ਬਹੁਤ ਸੰਜਮ ਨਾਲ ਕਰਨ ਅਤੇ ਜੇਕਰ ਕਿਤੇ ਪਾਣੀ ਦੀ ਲੀਕੇਜ ਹੁੰਦੀ ਹੈ ਤਾਂ ਵਿਭਾਗ ਦੇ ਧਿਆਨ ਵਿੱਚ ਲਿਆਂਦਾ ਜਾਵੇ।