Batala

Last Updated: Oct 04 2020 16:26
Reading time: 1 min, 43 secs



ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਮਸ਼ੀਨਾਂ ਦੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਭਾਗ ਨੇ ਦੱਸਿਆ ਹੈ ਕਿ ਪਰਾਲੀ ਨੂੰ ਖੇਤ ਵਿੱਚੋਂ ਇਕੱਠਾ ਕਰਨ ਲਈ ਬੇਲਰ ਮਸ਼ੀਨ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ। ਇਹ ਮਸ਼ੀਨ ਖੇਤ ਵਿਚ ਖਿਲਰੀ ਪਰਾਲੀ ਨੂੰ ਇਕੱਠਾ ਕਰਕੇ ਆਇਤਾਕਾਰ ਗੰਢਾਂ ਬਣਾ ਦਿੰਦੀ ਹੈ। ਇਨਾਂ ਆਇਤਾਕਾਰ ਗੰਢਾਂ ਨੂੰ ਖੇਤ ਵਿਚੋਂ ਆਸਾਨੀ ਨਾਲ ਇਕੱਠਾ ਕੀਤਾ ਜਾ ਸਕਦਾ ਹੈ। ਪਰਾਲੀ ਦੀਆਂ ਇਹ ਗੰਢਾਂ ਬਾਲਣ ਲਈ ਗੋਲੇ ਬਣਾਉਣ ਵਾਸਤੇ, ਗੱਤਾ ਬਣਾਉਣ ਲਈ, ਕੰਪੋਸਟ ਤਿਆਰ ਕਰਨ, ਪਰਾਲੀਚਾਰ ਬਣਾਉਣ ਲਈ, ਬਿਜਲੀ ਪੈਦਾ ਕਰਨ ਲਈ ਵਰਤੀਆਂ ਜਾ ਸਕਦੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਟਾਲਾ ਬਲਾਕ ਦੀ ਖੇਤੀਬਾੜੀ ਵਿਕਾਸ ਅਧਿਕਾਰੀ ਕੰਵਲਜੀਤ ਕੌਰ ਨੇ ਦੱਸਿਆ ਕਿ ਬੇਲਰ ਮਸ਼ੀਨ ਕੇਵਲ ਕੱਟੇ ਹੋਏ ਪਰਾਲ (ਕੰਬਾਈਨ ਦੇ ਪਿੱਛੇ ਸੁੱਟਿਆ ਹੋਇਆ) ਹੀ ਇੱਕਠਾ ਕਰਦੀ ਹੈ, ਇਸ ਲਈ ਜੇ ਸਾਰਾ ਪਰਾਲ ਖੇਤ ਵਿੱਚੋਂ ਇੱਕਠਾ ਕਰ ਕੇ ਬਾਹਰ ਕੱਢਣੇ ਹੋਣ ਤਾਂ ਇਸ ਮਸ਼ੀਨ ਨੂੰ ਚਲਾਉਣ ਤੋਂ ਪਹਿਲਾਂ ਖੇਤ ਵਿਚ ਪਰਾਲੀ ਦੇ ਖੜੇ ਕਰਚਿਆਂ ਨੂੰ ਸਟੱਬਲ ਸੇਵਰ ਨਾਲ ਕੱਟ ਲੈਣਾ ਚਾਹੀਦਾ ਹੈ। ਬੇਲਰ ਮਸ਼ੀਨ 40-110 ਸੈਂਟੀਮੀਟਰ ਦੀ ਲੰਬਾਈ ਦੀਆਂ ਗੰਢਾਂ ਬਣਾਉਂਦੀ ਹੈ। ਗੰਢ ਦੀ ਉਚਾਈ 36 ਸੈਂਟੀਮੀਟਰ ਅਤੇ ਚੌੜਾਈ 46 ਸੈਂਟੀਮੀਟਰ ਦੀ ਹੁੰਦੀ ਹੈ। ਗੰਢਾਂ ਦਾ ਭਾਰ 15-35 ਕਿਲੋ ਤੱਕ ਦਾ ਹੁੰਦਾ ਹੈ ਜੋ ਕਿ ਗੰਢ ਦੀ ਲੰਬਾਈ ਅਤੇ ਪਰਾਲੀ ਦੀ ਸਿੱਲ ’ਤੇ ਨਿਰਭਰ ਕਰਦਾ ਹੈ। ਇਹ ਮਸ਼ੀਨ ਇੱਕ ਦਿਨ ਵਿਚ 8-10 ਏਕੜ ਦੇ ਰਕਬੇ ਦੀ ਪਰਾਲੀ ਦੀਆਂ ਗੰਢਾਂ ਬਣਾ ਦਿੰਦੀ ਹੈ।

ਖੇਤੀਬਾੜੀ ਵਿਕਾਸ ਅਧਿਕਾਰੀ ਕੰਵਲਜੀਤ ਕੌਰ ਨੇ ਦੱਸਿਆ ਕਿ ਇੱਕ ਹੋਰ ਰੇਕ ਮਸ਼ੀਨ ਨਾਲ ਖੇਤ ਵਿੱਚ ਕੱਟੀ ਅਤੇ ਖਿੱਲਰੀ ਪਰਾਲੀ ਦੀਆਂ ਖੇਤ ਵਿੱਚ ਕਤਾਰਾਂ ਬਣਾ ਲਈਆਂ ਜਾਂਦੀਆਂ ਹਨ। ਖਿੱਲਰੀ ਹੋਈ ਪਰਾਲੀ ਦੀਆਂ ਕਤਾਰਾਂ ਬਣਾਉਣ ਨਾਲ ਇਸ ਮਗਰੋਂ ਚੱਲਣ ਵਾਲੇ ਬੇਲਰ ਦਾ ਕੰਮ ਬਹੁਤ ਤੇਜੀ ਨਾਲ ਹੋ ਜਾਂਦਾ ਹੈ।

ਖੇਤੀਬਾੜੀ ਅਧਿਕਾਰੀ ਨੇ ਦੱਸਿਆ ਕਿ ਮਸ਼ੀਨਾਂ ਦੁਆਰਾ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਾਇਆਂ ਸਾਂਭਿਆ ਜਾ ਸਕਦਾ ਹੈ ਅਤੇ ਕਣਕ, ਆਲੂ ਅਤੇ ਸਬਜੀਆਂ ਆਦਿ ਦੀ ਬਿਜਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਸਾਨਾ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਸਾਂਭਣ ਦੇ ਬਹੁਤ ਸਾਰੇ ਤਰੀਕੇ ਹਨ ਜਿਨ੍ਹਾਂ ਵਿਚੋਂ ਕਿਸੇ ਇੱਕ ਨੂੰ ਵਰਤ ਕੇ ਅੱਗ ਲਗਾਉਣ ਦੀ ਕਾਰਵਾਈ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ ਦੇ ਨਿਪਟਾਰੇ ਦੇ ਤਕਨੀਕੀ ਹੱਲ ਲਈ ਨੇੜੇ ਦੇ ਖੇਤੀ ਦਫ਼ਤਰ ਵਿੱਚ ਵੀ ਸੰਪਰਕ ਕਰ ਸਕਦੇ ਹਨ।