Batala

Last Updated: Oct 07 2020 13:33
Reading time: 1 min, 27 secs



ਪੰਜਾਬ ਸਰਕਾਰ ਵਲੋਂ ਮੰਡੀਆਂ ਵਿੱਚ ਝੋਨੇ ਦੀ ਖਰੀਦੇ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਆਪਣੀ ਜਿਨਸ ਵੇਚਣ ਸਮੇਂ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਅੱਜ ਘੁਮਾਣ ਅਤੇ ਗੰਡੇਕੇ ਪਿੰਡਾਂ ਦੀਆਂ ਦਾਣਾ ਮੰਡੀਆਂ ਦੇ ਦੌਰੇ ਦੌਰਾਨ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀ ਸਭ ਤੋਂ ਵੱਡੀ ਦਾਣਾ ਮੰਡੀ ਬਟਾਲਾ ਸਮੇਤ ਹੋਰ ਸ਼ਹਿਰਾਂ ਅਤੇ ਫੋਕਲ ਪੁਅਇੰਟਾਂ ਤੇ ਪਿੰਡਾਂ ਦੀਆਂ ਮੰਡੀਆਂ ਵਿੱਚ ਖਰੀਦ ਬਹੁਤ ਵਧੀਆ ਢੰਗ ਨਾਲ ਚੱਲ ਰਹੀ ਹੈ।

ਐੱਸ.ਡੀ.ਐੱਮ. ਬਟਾਲਾ ਨੇ ਮੰਡੀ ਵਿੱਚ ਫਸਲ ਲੈ ਕੇ ਆਏ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਖਰੀਦ ਪ੍ਰਬੰਧਾਂ ਬਾਰੇ ਉਨ੍ਹਾਂ ਦੀ ਰਾਇ ਲਈ। ਸਾਰੇ ਹੀ ਕਿਸਾਨਾਂ ਨੇ ਝੋਨੇ ਦੀ ਖਰੀਦ ਉੱਪਰ ਪੂਰੀ ਤਰਾਂ ਤਸੱਲੀ ਜ਼ਾਹਰ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਸਮੱਸਿਆ ਨਹੀਂ ਆਈ ਹੈ।

ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਰ੍ਹਾਂ ਪੱਕਣ ’ਤੇ ਹੀ ਝੋਨੇ ਦੀ ਕਟਾਈ ਕਰਨ ਅਤੇ ਪੱਕਿਆ ਹੋਇਆ ਝੋਨਾ ਹੀ ਮੰਡੀ ਵਿੱਚ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਝੋਨਾ ਵੇਚਣ ਸਮੇਂ ਆੜ੍ਹਤੀਏ ਕੋਲੋ ‘ਜੇ’ ਫਾਰਮ ਜਰੂਰ ਲਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਮੰਡੀ ਵਿੱਚ ਆਪਣੀ ਫਸਲ ਵੇਚਣ ਸਮੇਂ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾ ਸਕਦਾ ਹੈ।

ਇਸ ਮੌਕੇ ਮਾਰਕਿਟ ਕਮੇਟੀ ਸ੍ਰੀ ਹਰਗੋਬਿੰਦਪੁਰ ਦੇ ਚੇਅਰਮੈਨ ਸ੍ਰੀ ਸਵਾਮੀ ਪਾਲ ਖੋਸਲਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਹਰ ਵਾਰ ਦੀ ਤਰਾਂ ਇਸ ਵਾਰ ਵੀ ਫਸਲਾਂ ਦੀ ਖਰੀਦ ਲਈ ਮੰਡੀਆਂ ਵਿੱਚ ਵਧੀਆ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਮਾਰਕਿਟ ਕਮੇਟੀ ਸ੍ਰੀ ਹਰਗੋਬਿੰਦਪੁਰ ਦੇ ਅਧੀਨ ਆਉਂਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਬਹੁਤ ਵਧੀਆ ਚੱਲ ਰਹੀ ਹੈ ਅਤੇ ਕਿਸੇ ਨੂੰ ਕੋਈ ਸਮੱਸਿਆ ਨਹੀਂ ਹੈ। ਇਸ ਮੌਕੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ, ਆੜ੍ਹਤੀਏ ਅਤੇ ਕਿਸਾਨ ਵੀ ਹਾਜ਼ਰ ਸਨ।