ਨੌਜਵਾਨ ਮੁਲਾਜ਼ਮਾਂ ਦਾ ਭਵਿੱਖ ਖਤਰੇ 'ਚ? (ਨਿਊਜ਼ਨੰਬਰ ਖ਼ਾਸ ਖ਼ਬਰ)

Last Updated: Sep 19 2019 11:10
Reading time: 2 mins, 38 secs

ਇੱਕ ਪਾਸੇ ਤਾਂ ਪੰਜਾਬ ਸਰਕਾਰ ਦੇ ਵੱਲੋਂ ਹਜ਼ਾਰਾਂ ਦੀ ਗਿਣਤੀ ਵਿੱਚ ਨਵੀਆਂ ਅਸਾਮੀਆਂ ਭਰਨ ਦਾ ਬਿਆਨ ਜਾਰੀ ਕੀਤਾ ਜਾ ਰਿਹਾ ਹੈ। ਪਰ ਦੂਜੇ ਪਾਸੇ ਸਰਕਾਰ ਦੇ ਵੱਲੋਂ ਪਹਿਲਾਂ ਰੱਖੇ ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਦੇ ਬਾਰੇ ਵਿੱਚ ਕੋਈ ਰਣਨੀਤੀ ਨਹੀਂ ਬਣਾਈ ਜਾ ਰਹੀ। ਵੱਡੇ ਪੱਧਰ 'ਤੇ ਪੰਜਾਬ ਦੇ ਅੰਦਰ ਕੱਚੇ ਮੁਲਾਜ਼ਮਾਂ ਦੇ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਸਰਕਾਰ ਦੀ ਸਿਹਤ 'ਤੇ ਕੋਈ ਅਸਰ ਨਹੀਂ ਹੋ ਰਿਹਾ। ਭਾਵੇਂ ਹੀ ਪੰਜਾਬ ਦੀ ਕੈਪਟਨ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਈ ਵਾਅਦੇ ਕੀਤੇ ਸਨ।

ਪਰ ਉਕਤ ਵਾਅਦੇ ਸਭ ਹਵਾਈ ਸਾਬਤ ਹੋ ਰਹੇ ਹਨ। ਅੱਜ ਪੰਜਾਬ ਦਾ ਮੁਲਾਜ਼ਮ ਵਰਗ ਕੰਮ 'ਤੇ ਘੱਟ ਅਤੇ ਧਰਨਿਆਂ 'ਤੇ ਜ਼ਿਆਦਾ ਰਹਿੰਦਾ ਹੈ। ਜਿਸਦਾ ਨੁਕਸਾਨ ਪਬਲਿਕ ਨੂੰ ਹੀ ਹੁੰਦਾ ਹੈ। ਪਰ ਸਰਕਾਰ ਦੇ ਵੱਲੋਂ ਪਬਲਿਕ ਦੀਆਂ ਸਮੱਸਿਆਵਾਂ ਨੂੰ ਵੇਖਦੇ ਹੋਏ ਵੀ ਕੋਈ ਅਹਿਮ ਫੈਸਲਾ ਨਹੀਂ ਲਿਆ ਜਾ ਰਿਹਾ, ਜਿਸਦੇ ਤਹਿਤ ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਕੀਤਾ ਜਾ ਸਕੇ। ਭਾਵੇਂ ਹੀ ਸਰਕਾਰ ਦੇ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਅਫ਼ਸੋਸ, ਉਕਤ ਵਾਅਦਾ ਹੁਣ ਤੱਕ ਪੂਰਾ ਨਹੀਂ ਹੋ ਸਕਿਆ।

ਦੱਸ ਦਈਏ ਕਿ ਪੰਜਾਬ ਦੇ ਮਗਨਰੇਗਾ ਮੁਲਾਜ਼ਮ ਜੋ ਕਿ ਪਿਛਲੇ 12-13 ਸਾਲ ਤੋਂ ਪੱਕੇ ਹੋਣ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ, ਉਨ੍ਹਾਂ ਦੇ ਵੱਲੋਂ ਪਿਛਲੇ ਤਿੰਨ-ਚਾਰ ਦਿਨਾਂ ਤੋਂ ਮੁਕੰਮਲ ਕੰਮਕਾਜ ਠੱਪ ਕਰਕੇ ਹੜਤਾਲਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਮਗਨਰੇਗਾ ਮੁਲਾਜ਼ਮ ਦੀਆਂ ਮੰਗਾਂ ਭਾਵੇਂ ਹੀ ਜਾਇਜ਼ ਹਨ ਅਤੇ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਣ ਸਬੰਧੀ ਭਰੋਸਾ ਵੀ ਦੇ ਚੁੱਕੀ ਹੈ, ਪਰ ਸਰਕਾਰ ਆਪਣੇ ਕੀਤੇ ਵਾਅਦੇ ਤੋਂ ਵਾਰ-ਵਾਰ ਮੁੱਕਰ ਰਹੀ ਹੈ, ਜਿਸਦੇ ਕਾਰਨ ਮਗਨਰੇਗਾ ਮੁਲਾਜ਼ਮ ਦੇ ਵਿੱਚ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ।

ਮਿਲੀ ਜਾਣਕਾਰੀ ਮੁਤਾਬਿਕ ਮਗਨਰੇਗਾ ਮੁਲਾਜ਼ਮ 2007-2008 ਤੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਡਿਊਟੀ ਕਰ ਰਹੇ ਹਨ। ਸਾਰੇ 1539 ਨਰੇਗਾ ਮੁਲਾਜ਼ਮਾਂ ਦੀ ਭਰਤੀ ਪੂਰੇ ਪਾਰਦਰਸ਼ੀ ਢੰਗ ਨਾਲ ਸਮੇਂ-ਸਮੇਂ 'ਤੇ ਰੈਗੂਲਰ ਮੁਲਾਜ਼ਮਾਂ ਦੀ ਭਰਤੀ ਲਈ ਅਪਣਾਏ ਜਾਂਦੇ ਮਾਪਦੰਡਾਂ ਅਨੁਸਾਰ ਹੋਈ ਹੈ, ਪਰ ਸਰਕਾਰ ਰੈਗੂਲਰ ਦੀ ਮੰਗ ਤੇ ਲਾਰੇ ਲਾ ਕੇ ਵਕਤ ਟਪਾ ਰਹੀ ਹੈ। ਅੱਜ ਤੱਕ ਨਾ ਤਾਂ ਨਰੇਗਾ ਮੁਲਾਜ਼ਮਾਂ ਦਾ ਏ.ਪੀ.ਐਫ ਕੱਟਿਆ ਜਾ ਰਿਹਾ ਹੈ, ਨਾ ਮੋਬਾਈਲ ਭੱਤਾ, ਡਿਊਟੀ ਦੌਰਾਨ ਮੌਤ ਹੋਣ 'ਤੇ ਵੀ ਨਾ ਕੋਈ ਲਾਭ ਅਤੇ ਨਾ ਹੀ ਮੈਡੀਕਲ ਸਹੂਲਤਾਂ।

ਇਸ ਤੋਂ ਇਲਾਵਾ ਨਿਗੂਣਾ ਆਵਾਜਾਈ ਭੱਤਾ, ਨਾ ਸਰਵਿਸ ਰਿਕਾਰਡ ਰੱਖਿਆ ਜਾਂਦਾ ਹੈ ਅਤੇ ਨਾ ਹੀ ਤਨਖਾਹਾਂ ਦਾ ਕੋਈ ਬਜਟ ਰੱਖਿਆ ਜਾਂਦਾ ਹੈ। ਜਿਸ ਕਾਰਨ ਨੌਜਵਾਨ ਮੁਲਾਜ਼ਮਾਂ ਦਾ ਭਵਿੱਖ ਖਤਰੇ ਵਿੱਚ ਹੈ। ਜਾਣਕਾਰੀ ਦਿੰਦੇ ਹੋਏ ਮਗਨਰੇਗਾ ਮੁਲਾਜ਼ਮਾਂ ਨੇ ਦੱਸਿਆ ਕਿ ਉਪਰੋਕਤ ਵਿਭਾਗੀ ਮੰਗਾਂ ਤਾਂ ਪਿਛਲੇ ਡੇਢ ਸਾਲ ਤੋਂ ਪ੍ਰਵਾਨ ਵੀ ਸਰਕਾਰ ਦੇ ਵੱਲੋਂ ਕਰ ਲਈਆਂ ਗਈਆਂ ਸਨ, ਪਰ ਅੱਜ ਤੱਕ ਲਾਰਿਆਂ ਤੋਂ ਇਲਾਵਾ ਕੋਈ ਵੀ ਠੋਸ ਹੱਲ ਨਹੀਂ ਹੋ ਸਕਿਆ। 21 ਅਗਸਤ ਦੀ ਸੂਬਾਈ ਮੀਟਿੰਗ ਵਿੱਚ ਸੂਬਾ ਕਮੇਟੀ ਦੇ ਫੈਸਲੇ ਮੁਤਾਬਿਕ ਨਰੇਗਾ ਦੇ ਹਰ ਤਰ੍ਹਾਂ ਦੇ ਕੰਮਾਂ ਦਾ ਮੁਕੰਮਲ ਬਾਈਕਾਟ ਕਰਕੇ 16, 17, 18 ਸਤੰਬਰ ਨੂੰ ਬਲਾਕ ਪੱਧਰ 'ਤੇ ਧਰਨੇ ਦੇ ਰਹੇ ਹਨ।

ਅੱਜ 19 ਅਤੇ 20 ਸਤੰਬਰ ਨੂੰ ਜ਼ਿਲ੍ਹਾ ਪੱਧਰ 'ਤੇ ਵਿਸ਼ਾਲ ਧਰਨੇ ਦਿੱਤੇ ਜਾਣਗੇ ਅਤੇ ਨਰੇਗਾ ਮੁਲਾਜ਼ਮ ਪੰਜਾਬ ਵਿੱਚ ਹੋ ਰਹੀਆਂ ਜ਼ਿਮਨੀ ਚੋਣਾਂ ਵਿੱਚ ਚਾਰਾਂ ਹਲਕਿਆਂ ਵਿੱਚ ਕਾਂਗਰਸ ਸਰਕਾਰ ਦੀਆਂ ਪੋਲਾਂ ਖੋਲ੍ਹਣਗੇ। ਮਗਨਰੇਗਾ ਮੁਲਾਜ਼ਮਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਫਿਰ ਵੀ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਸੂਬਾ ਪੱਧਰੀ ਧਰਨੇ ਦੀਆਂ ਤਿਆਰੀਆਂ ਕੀਤੀਆਂ ਜਾਣਗੀਆਂ, ਜੋ ਕਿ ਅਣਮਿੱਥੇ ਸਮੇਂ ਲਈ ਪੱਕੇ ਮੋਰਚੇ ਵਿੱਚ ਵੀ ਤਬਦੀਲ ਹੋ ਸਕਦਾ ਹੈ। ਦੋਸਤੋ, ਦੇਖ਼ਣਾ ਹੁਣ ਇਹ ਹੋਵੇਗਾ ਕਿ ਮਗਨਰੇਗਾ ਮੁਲਾਜ਼ਮਾਂ ਦੀਆਂ ਮੰਗਾਂ ਸਰਕਾਰ ਕਦੋਂ ਤੱਕ ਮੰਨਦੀ ਹੈ?

ਨੋਟ:- ਉਕਤ ਵਿਚਾਰ ਲੇਖਕ ਦੇ ਆਪਣੇ ਨਿਜੀ ਵਿਚਾਰ ਹਨ, NewsNumber ਇਨ੍ਹਾਂ ਵਿਚਾਰਾਂ ਲਈ ਜ਼ਿੰਮੇਵਾਰ ਨਹੀਂ ਹੈ।