ਮੁਲਕ ਦਾ ਢਿੱਡ ਭਰਨ ਵਾਲਿਆਂ ਨੂੰ ਬਚਾਉਣ ਦੀ ਲੋੜ ਹੈ, ਨਾ ਕਿ ਧੱਕੇ ਮਾਰਨ ਦੀ.!! (ਨਿਊਜ਼ਨੰਬਰ ਖ਼ਾਸ ਖ਼ਬਰ)

Last Updated: Nov 27 2020 13:43
Reading time: 1 min, 51 secs

ਇੱਕ ਪਾਸੇ ਤਾਂ ਕਿਸਾਨਾਂ ਦਾ ਅੰਦੋਲਨ ਦਿਨ ਪ੍ਰਤੀ ਦਿਨ ਮੋਦੀ ਸਰਕਾਰ ਦੇ ਖ਼ਿਲਾਫ਼ ਤਿੱਖਾ ਹੁੰਦਾ ਜਾ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਮੋਦੀ ਸਰਕਾਰ ਦੇ ਵੱਲੋਂ ਕਿਸਾਨਾਂ ਦੇ ਅੰਦੋਲਨ ਨੂੰ ਖ਼ਤਮ ਕਰਨ ਦੇ ਲਈ ਵੰਨ ਸੁਵੰਨੀਆਂ ਸਕੀਮਾਂ ਘੜੀਆਂ ਜਾ ਰਹੀਆਂ ਹਨ। ਅੰਨਦਾਤਾ ਇਸ ਵੇਲੇ ਸੜਕਾਂ 'ਤੇ ਹੈ, ਪਰ ਦੇਸ਼ ਦੇ ਹਾਕਮ ਐਸ਼ੋ ਅਰਾਮ ਦੀ ਜ਼ਿੰਦਗੀ ਬਤੀਤ ਕਰ ਰਹੇ ਹਨ। ਜਿਹੜਾ ਅੰਨਦਾਤਾ ਮੁਲਕ ਦਾ ਢਿੱਡ ਭਰਦਾ ਹੈ, ਉਹ ਇਸ ਵਕਤ ਸੜਕਾਂ 'ਤੇ ਹੈ।

ਪਰ ਉਸ ਦੀ ਮਜ਼ਬੂਰੀ ਦਾ ਫ਼ਾਇਦਾ ਚੁੱਕਦੇ ਹੋਏ ਹਾਕਮ ਤਾਨਾਸ਼ਾਹੀ ਫ਼ਰਮਾਨ ਉਨ੍ਹਾਂ 'ਤੇ ਲਗਾਤਾਰ ਲਾਗੂ ਕਰ ਰਹੇ ਹਨ। ਜਾਣਕਾਰੀ ਦੇ ਮੁਤਾਬਿਕ ਕਿਸਾਨ ਵਿਰੋਧੀ ਤਿੰਨ ਖੇਤੀ ਕਾਨੂੰਨ ਖਿਲਾਫ਼ 'ਦਿੱਲੀ ਚੱਲੋ' ਦੇ ਸੱਦੇ ਨੂੰ ਲੈ ਕੇ ਹਰਿਆਣਾ ਸਰਕਾਰ ਵੱਲੋਂ ਸਰਹੱਦਾਂ ਸੀਲ ਕਰਨ ਅਤੇ ਕਿਸਾਨਾਂ ਨੂੰ ਉੱਥੇ ਜਬਰਨ ਰੋਕਣ ਦਾ ਬੇਸ਼ੱਕ ਵਿਰੋਧ ਹੋ ਰਿਹਾ ਹੈ, ਪਰ ਦੂਜੇ ਪਾਸੇ ਹਰਿਆਣੇ ਦੀ ਖੱਟੜ ਸਰਕਾਰ ਇਹ ਕਹਿੰਦੀ ਨਜ਼ਰੀ ਆ ਰਹੀ ਹੈ, ਕਿ ਕਿਸਾਨ ਕਾਨੂੰਨ ਦੀ ਉਲੰਘਣਾ ਕਰ ਰਹੇ ਹਨ।

ਕੱਲ੍ਹ ਸੰਵਿਧਾਨ ਦਿਵਸ ਮੌਕੇ ਹੀ ਹਰਿਆਣਾ ਸਰਕਾਰ ਸੰਵਿਧਾਨ ਦੀ ਉਲੰਘਣਾ ਕਰ ਰਿਹਾ ਹੈ। ਕਿਸਾਨਾਂ ਨੂੰ ਪੰਜਾਬ ਹਰਿਆਣਾ ਬਾਰਡਰ 'ਤੇ ਪਹਿਲੋਂ ਤਾਂ ਰੋਕਿਆ ਗਿਆ ਅਤੇ ਫਿਰ ਉਨ੍ਹਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ।ਅੱਥਰੂ ਗੈਸ ਦੇ ਗੋਲੇ ਵੀ ਸੁੱਟੇ ਗਏ। ਦੱਸਣਾ ਬਣਦਾ ਹੈ ਕਿ ਖੱਟੜ ਸਰਕਾਰ ਨੂੰ ਦਿੱਲੀ ਵਿੱਚ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਉਠਾਉਣ ਲਈ ਮੁਜ਼ਾਹਰਾਕਾਰੀ ਕਿਸਾਨਾਂ ਨੂੰ ਕੌਮੀ ਮਾਰਗ ਰਾਹੀਂ ਲੰਘਣ ਦੀ ਇਜਾਜ਼ਤ ਦੇਣ ਦੀ ਅਪੀਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਅੱਗੇ ਵੱਧਣ ਤੋਂ ਰੋਕਣ ਦੀ ਲੋੜ 'ਤੇ ਸਵਾਲ ਉਠਾਇਆ।

ਮੁੱਖ ਮੰਤਰੀ ਨੇ ਕਿਹਾ, ਖੱਟੜ ਸਰਕਾਰ ਕਿਸਾਨਾਂ ਨੂੰ ਦਿੱਲੀ ਵੱਲ ਜਾਣ ਤੋਂ ਕਿਉਂ ਰੋਕ ਰਹੀ ਹੈ? 'ਸ਼ਾਂਤਮਈ ਢੰਗ ਨਾਲ ਰੋਸ ਜ਼ਾਹਰ ਕਰ ਰਹੇ ਕਿਸਾਨਾਂ ਉੱਪਰ ਨਿਰਦਈ ਤਾਕਤ ਦੀ ਦਮਨਕਾਰੀ ਵਰਤੋਂ ਕਰਨਾ ਪੂਰੀ ਤਰ੍ਹਾਂ ਗੈਰ-ਜਮਹੂਰੀ ਅਤੇ ਗੈਰ-ਸੰਵਿਧਾਨਕ ਹੈ। ਮੁਲਕ ਦਾ ਢਿੱਡ ਭਰਨ ਵਾਲਿਆਂ ਨੂੰ ਬਚਾਉਣ ਦੀ ਲੋੜ ਹੈ, ਨਾ ਕਿ ਧੱਕੇ ਮਾਰਨ ਦੀ। ਦੱਸ ਦਈਏ ਕਿ ਹਰਿਆਣਾ ਪੁਲਿਸ ਵੱਲੋਂ ਤਾਕਤ ਦੀ ਬੇਰਹਿਮ ਵਰਤੋਂ ਕੀਤੇ ਜਾਣ ਦੀ ਸਖ਼ਤ ਆਲੋਚਨਾ ਸਾਰੇ ਪਾਸੇ ਹੋ ਰਹੀ ਹੈ।

ਪੁਲਿਸ ਨੇ ਸੂਬੇ ਰਾਹੀਂ ਦਿੱਲੀ ਵੱਲ ਕੂਚ ਕਰ ਰਹੇ ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਪਾਣੀ ਦੀਆਂ ਤੋਪਾਂ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੀ ਅਤੇ ਬਹੁਤ ਥਾਵਾਂ 'ਤੇ ਹਰਿਆਣਾ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਪਿੰਡਾਂ ਤੋਂ ਬਾਹਰ ਨਿਕਲਣ ਦੀ ਆਗਿਆ ਨਹੀਂ ਦਿੱਤੀ ਗਈ। ਪੰਜਾਬ ਵਿੱਚ ਕਿਸਾਨ ਬਿਨਾਂ ਕਿਸੇ ਦਿੱਕਤ ਤੋਂ ਪਿਛਲੇ ਦੋ ਮਹੀਨਿਆਂ ਤੋਂ ਅੰਦੋਲਨ ਕਰ ਰਹੇ ਹਨ, ਪਰ ਹਰਿਆਣੇ ਦੀ ਭਾਜਪਾ ਸਰਕਾਰ ਨੂੰ ਕਿਸਾਨਾਂ ਅਤੇ ਕਿਸਾਨ ਅੰਦੋਲਨ ਨੂੰ ਬੇਵਜ੍ਹਾ ਪ੍ਰੇਸ਼ਾਨੀ ਹੈ।