ਜੇ ਖੇਤੀ ਕਾਨੂੰਨ ਰੱਦ ਹੋਏ ਤਾਂ ਰਾਜੋਆਣਾ ਦੀ ਰਿਹਾਈ ਪੱਕੀ! (ਨਿਊਜ਼ਨੰਬਰ ਖ਼ਾਸ ਖ਼ਬਰ)

Last Updated: Jan 13 2021 14:27
Reading time: 2 mins, 51 secs

ਬਲਵੰਤ ਸਿੰਘ ਰਾਜੋਆਣਾ, ਸਾਬਕਾ ਮੁੱਖ ਮੰਤਰੀ ਦੇ ਕਤਲ ਕੇਸ ਵਿੱਚ ਸਜ਼ਾ ਭੁਗਤ ਰਹੇ ਹਨ ਅਤੇ ਉਨ੍ਹਾਂ ਨੂੰ ਫਾਂਸੀ ਦੀ ਸਜ਼ਾ ਵੀ ਅਦਾਲਤ ਵੱਲੋਂ ਸੁਣਾਈ ਗਈ ਹੈ। ਲਗਾਤਾਰ ਉਸ ਦੀ ਫਾਂਸੀ ਦਾ ਵਿਰੋਧ ਵੀ ਹੋ ਰਿਹਾ ਹੈ। ਅਕਾਲੀ ਦਲ ਦੇ ਵੱਲੋਂ ਰਾਜੋਆਣਾ ਦੀ ਸਜ਼ਾ ਤੇ ਸਵਾਲ ਵੀ ਚੁੱਕੇ ਜਾ ਰਹੇ ਹਨ ਅਤੇ ਸਜ਼ਾ ਦਾ ਵਿਰੋਧ ਕਰਿਆ ਜਾ ਰਿਹਾ ਹੈ। ਅਕਾਲੀ ਦਲ ਦੇ ਵੱਲੋਂ ਹਮੇਸ਼ਾਂ ਹੀ ਰਾਜੋਆਣਾ ਨੂੰ ਮਿਲੀ ਸਜ਼ਾ ਤੇ ਕਾਂਗਰਸ ਪਾਰਟੀ ਨੂੰ ਤਿੱਖੇ ਸਵਾਲ ਕੀਤੇ ਜਾਂਦੇ ਰਹੇ ਹਨ ਅਤੇ ਅਕਾਲੀ ਦਲ ਹਮੇਸ਼ਾ ਹੀ ਸਿੱਖਾਂ ਦੀ ਹਮਾਇਤੀ ਪਾਰਟੀ ਦੱਸਦਾ ਰਿਹਾ ਹੈ, ਜਦੋਂ ਕਿ ਅਸਲੀਅਤ ਸਾਨੂੰ ਸਭ ਨੂੰ ਪਤਾ ਹੈ ਕਿ ਜਿਹੜੀ ਪਾਰਟੀ ਦਾ ਪਿਛੋਕੜ ਆਰਐਸਐਸ ਵਰਗੀਆਂ ਧਿਰਾਂ ਦੇ ਨਾਲ ਰਿਹਾ ਹੋਵੇ, ਉਹ ਕਿਹੋ ਜਿਹੀਆਂ ਪਾਰਟੀਆਂ ਹੋਣਗੀਆਂ। ਖੈਰ ਇਸ ਵਕਤ ਖੇਤੀ ਕਾਨੂੰਨਾਂ ਦਾ ਵਿਰੋਧ ਜਿੱਥੇ ਪੂਰੇ ਦੇਸ਼ ਦੇ ਅੰਦਰ ਜਾਰੀ ਹੈ, ਉੱਥੇ ਹੀ ਲਗਾਤਾਰ ਕਿਸਾਨ ਮੋਰਚੇ ਦੀ ਹਮਾਇਤ ਕਰਦਿਆਂ ਵਿਰੋਧੀ ਧਿਰਾਂ ਵੱਲੋਂ ਵੀ ਖੇਤੀ ਕਾਨੂੰਨਾਂ ਦਾ ਵਿਰੋਧ ਕਰਿਆ ਜਾ ਰਿਹਾ ਹੈ ਅਤੇ ਮੰਗ ਕੀਤੀ ਜਾ ਰਹੀ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। ਲਗਾਤਾਰ ਖੇਤੀ ਕਾਨੂੰਨਾਂ ਖ਼ਿਲਾਫ਼ ਤਿੱਖੇ ਹੁੰਦੇ ਜਾ ਰਹੇ ਪ੍ਰਦਰਸ਼ਨ ਨੂੰ ਵੇਖਦੇ ਹੋਏ ਅਸੀਂ ਕਹਿ ਸਕਦੇ ਹਾਂ ਕਿ ਇਹ ਪ੍ਰਦਰਸ਼ਨ ਇਸ ਵਕਤ ਦੁਨੀਆ ਦੇ ਕਈ ਦੇਸ਼ਾਂ ਵਿੱਚ ਫੈਲ ਚੁੱਕਿਆ ਹੈ ਅਤੇ ਇਹ ਪ੍ਰਦਰਸ਼ਨ ਹੁਣ ਉਦੋਂ ਹੀ ਸਮਾਪਤ ਹੋਵੇਗਾ ਜਦੋਂ ਖੇਤੀ ਕਾਨੂੰਨ ਰੱਦ ਹੋਣਗੇ। ਖੇਤੀ ਕਾਨੂੰਨਾਂ ਦੇ ਵਿਰੋਧ ਦੇ ਵਿਚਾਲੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਭਾਈ ਰਾਜੋਆਣਾ ਦੀ ਰਿਹਾਈ ਦੀ ਮੰਗ ਕਰੀ ਜਾ ਰਹੀ ਹੈ, ਉਥੇ ਹੀ ਦੂਜੇ ਪਾਸੇ ਕਾਂਗਰਸ ਦੇ ਵੱਲੋਂ ਇਸ ਤੇ ਵਿਰੋਧ ਜਤਾਇਆ ਜਾ ਰਿਹਾ ਹੈ। ਕਾਂਗਰਸ ਵੱਲੋਂ ਹੁਣ ਰਾਜੋਆਣਾ ਦੀ ਰਿਹਾਈ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੇ ਪਾ ਦਿੱਤੀ ਗਈ ਹੈ। ਦਰਅਸਲ ਲੰਘੇ ਦਿਨੀਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਮੋਦੀ ਸਰਕਾਰ ਦੇ ਵੱਲੋਂ ਜੋ ਤਿੰਨੋਂ ਖੇਤੀ ਕਾਨੂੰਨ ਲਿਆਂਦੇ ਗਏ ਹਨ, ਉਹ ਕਿਸਾਨ ਵਿਰੋਧੀ ਹਨ, ਇਸ ਲਈ ਉਹ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹਨ। ਦੂਜੇ ਪਾਸੇ ਰਵਨੀਤ ਬਿੱਟੂ ਨੇ ਇਹ ਵੀ ਕਿਹਾ ਕਿ ਕਾਂਗਰਸ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਹੈ ਅਤੇ ਮੰਗ ਕਰਦੀ ਹੈ ਕਿ ਤਿੰਨੋਂ ਖੇਤੀ ਕਾਨੂੰਨ ਰੱਦ ਹੋਣ। ਉੱਥੇ ਹੀ ਬਿੱਟੂ ਨੇ ਇਹ ਵੀ ਕਿਹਾ ਕਿ ਲਗਾਤਾਰ ਅਕਾਲੀ ਦਲ ਤੋਂ ਇਲਾਵਾ ਸਿੱਖ ਕੌਮ ਦੇ ਵੱਲੋਂ ਇਹ ਮੰਗ ਕਰੀ ਜਾਰੀ ਹੈ ਕਿ ਬਲਵੰਤ ਸਿੰਘ ਰਾਜੋਆਣਾ ਨੂੰ ਰਿਹਾਅ ਕੀਤਾ ਜਾਵੇ, ਜਦੋਂ ਕਿ ਉਨ੍ਹਾਂ ਨੂੰ ਇਸ ਰਿਹਾਈ ਤੇ ਇਤਰਾਜ਼ ਹੈ। ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਾਂਗਰਸ ਪਾਰਟੀ ਹੈ ਅਤੇ ਰਹੇਗੀ ਵੀ। ਬਿੱਟੂ ਨੇ ਇੱਥੋਂ ਤੱਕ ਕਿਹਾ ਕਿ ਜੇਕਰ ਖੇਤੀ ਕਾਨੂੰਨਾਂ ਨੂੰ ਮੋਦੀ ਸਰਕਾਰ ਰੱਦ ਕਰਦੀ ਹੈ ਤਾਂ ਉਨ੍ਹਾਂ ਦੇ ਪਰਿਵਾਰ ਨੂੰ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਤੇ ਕੋਈ ਇਤਰਾਜ਼ ਨਹੀਂ ਹੋਵੇਗਾ ਅਤੇ ਉਹ ਅਕਾਲੀ ਦਲ ਦੀ ਇਸ ਮੰਗ ਤੇ ਵੀ ਸਹਿਮਤੀ ਪ੍ਰਗਟਾਉਣਗੇ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦਾ ਰੱਦ ਹੋਣਾ ਜ਼ਰੂਰੀ ਹੈ, ਕਿਉਂਕਿ ਇਹ ਕਿਸਾਨੀ ਨੂੰ ਬਰਬਾਦ ਕਰ ਦੇਣਗੇ। ਦਰਅਸਲ ਆਪਣੇ ਬਿਆਨ ਵਿਚ ਰਵਨੀਤ ਬਿੱਟੂ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿਚਾਲੇ ਮੋਦੀ ਸਰਕਾਰ ਸਭ ਨੂੰ ਵੰਡਣ ਦੀ ਗੱਲ ਕਰ ਰਹੀ ਹੈ, ਪਰ ਅਸੀਂ ਸਭ ਦਾ ਭਲਾ ਸੋਚਦੇ ਹੋਏ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਰਾਜ਼ੀ ਹਾਂ। ਪਰ ਖੇਤੀ ਕਾਨੂੰਨ ਰੱਦ ਹੋਣੇ ਚਾਹੀਦੇ ਹਨ ਅਤੇ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣੀਆਂ ਚਾਹੀਦੀਆਂ ਹਨ। ਕਿਉਂਕਿ ਕੜਾਕੇ ਦੀ ਠੰਢ ਵਿੱਚ ਇਸ ਵਕਤ ਦਿੱਲੀ ਦੀਅਾਂ ਸਰਹੱਦਾਂ ਤੇ ਲਗਾਤਾਰ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ, ਪਰ ਮੋਦੀ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕ ਰਹੀ। ਬਿੱਟੂ ਨੇ ਕਿਹਾ ਕਿ ਇਸ ਲਈ ਉਹ ਚਾਹੁੰਦੇ ਹਨ ਕਿ ਮੋਦੀ ਸਰਕਾਰ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰੇ ਅਤੇ ਜੇਕਰ ਖੇਤੀ ਕਾਨੂੰਨ ਰੱਦ ਹੁੰਦੇ ਹਨ ਤੇ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਤੇ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੋਵੇਗਾ। ਇੱਥੇ ਹੁਣ ਅਸੀਂ ਸਾਫ ਸ਼ਬਦਾਂ ਵਿਚ ਇਹ ਕਹਿ ਸਕਦੇ ਹਾਂ ਕਿ ਜੇਕਰ ਖੇਤੀ ਕਾਨੂੰਨ ਰੱਦ ਹੁੰਦੇ ਹਨ ਤੇ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਪੱਕੀ ਹੈ।