ਕਿਸਾਨ ਦੀ ਕਿਸਾਨਾਂ ਨੂੰ ਅਪੀਲ, ਰਹਿੰਦ-ਖੂਹਿੰਦ ਨੂੰ ਨਾ ਲਾਈ ਜਾਵੇ ਅੱਗ

Last Updated: Sep 18 2019 14:37
Reading time: 1 min, 22 secs

ਫ਼ਾਜ਼ਿਲਕਾ ਨੇੜਲੇ ਪਿੰਡ ਥੇਹਕਲੰਦਰ ਦੇ ਵਸਨੀਕ ਕਿਸਾਨ ਸੁਖਮੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਰਹਿੰਦ-ਖੂਹਿੰਦ ਨੂੰ ਅੱਗ ਲਗਾਉਣਾ ਜਿੱਥੇ ਵਾਤਾਵਰਨ ਲਈ ਘਾਤਕ ਸਿੱਧ ਹੁੰਦਾ ਹੈ ਉੱਥੇ ਕਿਸਾਨਾਂ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਇਸ ਲਈ ਰਹਿੰਦ ਖੁਹਿੰਦ ਨੂੰ ਅੱਗ ਨਾ ਲਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਆਧੁਨਿਕ ਸੰਦਾਂ ਦੀ ਵਰਤੋਂ ਕਰਕੇ ਫ਼ਸਲਾਂ ਦੀ ਪਰਾਲੀ ਤੇ ਰਹਿੰਦ-ਖੂਹਿੰਦ ਦੀ ਸਾਂਭ-ਸੰਭਾਲ ਕੀਤੀ ਜਾ ਸਕਦੀ ਹੈ ਜਿਸ ਨਾਲ ਫ਼ਸਲ ਦਾ ਝਾੜ ਵੱਧ ਪ੍ਰਾਪਤ ਹੁੰਦਾ ਹੈ।

ਅਗਾਂਹਵਧੂ ਕਿਸਾਨ ਨੇ ਦੱਸਿਆ ਕਿ ਉਹ ਪਿੰਡ ਵਿੱਚ 50 ਏਕੜ ਜ਼ਮੀਨ ਉੱਪਰ ਖੇਤੀ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਉਸ ਨੇ 50 ਏਕੜ ਵਿੱਚ ਬਾਸਮਤੀ ਦੀ ਬਿਜਾਈ ਕੀਤੀ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਦੋ ਸਾਲਾਂ ਤੋਂ ਉਹ ਪਰਾਲੀ ਤੇ ਰਹਿੰਦ-ਖੂਹਿੰਦ ਨੂੰ ਅੱਗ ਨਾ ਲਗਾ ਕੇ ਸਗੋਂ ਜ਼ਮੀਨ ਵਿੱਚ ਰਲਾ ਰਿਹਾ ਹੈ। ਉਨ੍ਹਾਂ ਨੇ ਹੋਰਨਾਂ ਕਿਸਾਨ ਭਰਾਵਾਂ ਨੂੰ ਸਲਾਹ ਦਿੱਤੀ ਕਿ ਝੋਨੇ ਦੀ ਰਹਿੰਦ-ਖੂਹਿੰਦ ਨੂੰ ਅੱਗ ਲਗਾਉਣ ਦੀ ਬਜਾਏ ਖੇਤ ਵਿੱਚ ਹੀ ਦੱਬ ਦਿੱਤਾ ਜਾਵੇ ਤਾਂ ਜ਼ਮੀਨ ਦੀ ਉਪਜਾਊ ਸ਼ਕਤੀ ਬਣੀ ਰਹਿੰਦੀ ਹੈ, ਮਿੱਤਰ ਕੀੜਿਆਂ ਦਾ ਨੁਕਸਾਨ ਨਹੀਂ ਹੁੰਦਾ ਅਤੇ ਵਾਤਾਵਰਨ ਵੀ ਪ੍ਰਦੂਸ਼ਿਤ ਹੋਣ ਤੋਂ ਬਚ ਜਾਂਦਾ ਹੈ। ਉਨ੍ਹਾਂ ਨੇ ਦੱਸਿਆ ਕਿ ਫ਼ਸਲ ਦੀ ਰਹਿੰਦ-ਖੂਹਿੰਦ ਨੂੰ ਖੇਤ ਵਿੱਚ ਐਮ.ਬੀ.ਪਲੋਅ ਤੇ ਹੈਪੀ ਸੀਡਰ ਦੀ ਮਦਦ ਨਾਲ ਜ਼ਮੀਨ ਵਿੱਚ ਹੀ ਰਲਾ ਦਿੰਦਾ ਹੈ। ਉਨ੍ਹਾਂ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦੋ ਸਾਲਾਂ ਤੋਂ ਉਨ੍ਹਾਂ ਨੇ ਆਪਣੇ ਖੇਤ ਵਿੱਚ ਕਦੇ ਵੀ ਕਣਕ ਜਾਂ ਝੋਨੇ ਦੀ ਰਹਿੰਦ-ਖੂਹਿੰਦ ਨੂੰ ਅੱਗ ਨਹੀਂ ਲਗਾਈ ਸਗੋਂ ਉਨ੍ਹਾਂ ਨੂੰ ਖੇਤੀਬਾੜੀ ਦੇ ਆਧੁਨਿਕ ਸੰਦਾਂ ਦੀ ਵਰਤੋਂ ਨਾਲ ਜ਼ਮੀਨ ਵਿੱਚ ਹੀ ਗਾਲ ਦਿੰਦਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਇਲਾਕੇ ਦੇ ਹੋਰ ਕਿਸਾਨਾਂ ਨੂੰ ਅੱਗ ਨਾ ਲਾਉਣ ਦੀ ਪ੍ਰੇਰਿਤ ਕਰ ਰਹੇ ਹਨ ਅਤੇ ਉਨ੍ਹਾਂ ਦੀ ਹੋਰ ਕਿਸਾਨਾਂ ਨੂੰ ਵੀ ਅਪੀਲ ਹੈ ਕਿ ਉਹ ਉਨ੍ਹਾਂ ਨੂੰ ਇਸ ਸਬੰਧੀ ਪ੍ਰੇਰਿਤ ਕਰਨ।