ਮਗਨਰੇਗਾ ਕਾਮਿਆਂ ਨੇ ਫੂਕਿਆ ਕੈਪਟਨ ਦਾ ਪੁਤਲਾ.!!

Last Updated: Sep 20 2019 17:13
Reading time: 2 mins, 27 secs

ਮਗਨਰੇਗਾ ਮੁਲਾਜ਼ਮ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਪਿਛਲੇ ਲਗਭਗ 11 ਸਾਲਾਂ ਤੋਂ ਸੰਘਰਸ਼ ਕਰਦੇ ਆ ਰਹੇ ਨਰੇਗਾ ਮੁਲਾਜ਼ਮਾਂ ਵੱਲੋਂ 16 ਸਤੰਬਰ ਤੋਂ ਚੱਲ ਰਹੀ ਕਲਮ ਛੋੜ ਹੜਤਾਲ ਅੱਜ ਪੰਜਵੇਂ ਦਿਨ ਵੀ ਜਾਰੀ ਰਹੀ। ਭਾਵੇਂ ਕਿ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਮੁਲਾਜ਼ਮ ਆਗੂਆਂ ਨਾਲ ਮੀਟਿੰਗ ਕਰਕੇ ਜਲਦ ਮਸਲਾ ਹੱਲ ਕਰਨ ਦਾ ਭਰੋਸਾ ਦਿੱਤਾ ਹੈ, ਪਰ ਯੂਨੀਅਨ ਵੱਲੋਂ ਆਪਣੇ ਪਹਿਲਾਂ ਤੋਂ ਮਿਥੇ ਪ੍ਰੋਗਰਾਮ ਅਨੁਸਾਰ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਫ਼ਿਰੋਜ਼ਪੁਰ ਵਿਖੇ ਦਿੱਤੇ ਗਏ ਧਰਨੇ ਦੌਰਾਨ ਮੁਲਾਜ਼ਮਾਂ ਨੇ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਧਰਨਾ ਦੇਣ ਤੋਂ ਬਾਅਦ ਸ਼ਹਿਰ ਦੀਆਂ ਸੜਕਾਂ 'ਤੇ ਉਤਰ ਕੇ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਲੈ ਕੇ ਫ਼ਿਰੋਜ਼ਪੁਰ ਛਾਉਣੀ ਦੇ ਬਾਜ਼ਾਰ ਤੱਕ ਮਾਰਚ ਕਰਦਿਆਂ ਮੁਲਾਜ਼ਮਾਂ ਨੇ ਕੈਪਟਨ ਸਰਕਾਰ ਦਾ ਪਿੱਟ ਸਿਆਪਾ ਕੀਤਾ ਅਤੇ ਪੁਤਲਾ ਫੂਕਿਆ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਨੇ ਦੱਸਿਆ ਕਿ ਨਿਗੁਣੀਆਂ ਤਨਖ਼ਾਹਾਂ 'ਤੇ 10-12 ਵਰ੍ਹਿਆਂ ਤੋਂ ਨੌਕਰੀ ਕਰ ਰਹੇ 1539 ਨਰੇਗਾ ਮੁਲਾਜ਼ਮਾਂ ਦੀ ਭਰਤੀ ਪੂਰੇ ਪਾਰਦਰਸ਼ੀ ਢੰਗ ਨਾਲ ਰੈਗੂਲਰ ਭਰਤੀ ਲਈ ਅਪਣਾਏ ਜਾਂਦੇ ਮਾਪਦੰਡਾਂ ਅਨੁਸਾਰ ਹੋਈ ਹੈ। ਵਿਭਾਗ 'ਚ ਹਜ਼ਾਰਾਂ ਅਸਾਮੀਆਂ ਖ਼ਾਲੀ ਪਈਆਂ ਹਨ। ਖ਼ਾਲੀ ਅਸਾਮੀਆਂ ਦੇ ਕੰਮ ਦਾ ਵਾਧੂ ਬੋਝ ਵੀ ਨਰੇਗਾ ਮੁਲਾਜ਼ਮਾਂ 'ਤੇ ਪਾਇਆ ਜਾ ਰਿਹਾ ਹੈ।

ਵਿਭਾਗ ਡੰਗ ਟਪਾਓ ਨੀਤੀ 'ਤੇ ਚੱਲ ਰਿਹਾ ਹੈ। ਪਿੰਡਾਂ ਦੇ 90 ਫ਼ੀਸਦੀ ਵਿਕਾਸ ਕਾਰਜ ਨਰੇਗਾ ਤਹਿਤ ਹੀ ਹੋ ਰਹੇ ਹਨ, ਜਿਸ 'ਤੇ ਪੰਜਾਬ ਸਰਕਾਰ ਨੇ ਬੁੱਕਲੈੱਟ ਵੀ ਜਾਰੀ ਕੀਤਾ ਹੈ। ਜਦੋਂ ਨਰੇਗਾ ਮੁਲਾਜ਼ਮ ਪੰਚਾਇਤ ਵਿਭਾਗ ਵਿੱਚ ਮਰਜ਼ ਕਰਨ ਦੀ ਮੰਗ ਕਰਦੇ ਹਨ ਤਾਂ ਸਰਕਾਰ ਅਤੇ ਵਿਭਾਗ ਲਾਰਿਆਂ 'ਤੇ ਉੱਤਰ ਆਉਂਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਬੇਰੁਜ਼ਗਾਰਾਂ ਨੂੰ ਗਰੰਟੀ ਨਾਲ ਰੁਜ਼ਗਾਰ ਦੇਣ ਵਾਲੇ ਨਰੇਗਾ ਮੁਲਾਜ਼ਮ ਅੱਜ ਖ਼ੁਦ ਬੇਰੁਜ਼ਗਾਰ ਹਨ। ਸੱਤਾ ਵਿੱਚ ਆਉਣ ਤੋਂ ਪਹਿਲੋਂ ਮੁਲਾਜ਼ਮਾਂ ਦੇ ਧਰਨਿਆਂ ਵਿੱਚ ਜਾ ਕੇ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਦ ਸਰਕਾਰ ਬਣਨ ਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ, ਚੋਣ ਮਨੋਰਥ ਪੱਤਰ ਵਿੱਚ ਅਤੇ ਟਵੀਟ ਕਰਕੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ।

ਵਿਧਾਨ ਸਭਾ ਚੋਣਾਂ 2017 ਦੌਰਾਨ ਵੋਟਾਂ ਦੀ ਗਿਣਤੀ ਤੋਂ ਪਹਿਲਾ ਅਤੇ ਕੈਪਟਨ ਅਮਰਿੰਦਰ ਸਿੰਘ ਦਾ ਇਕ ਸਾਲ ਪੂਰਾ ਹੋਣ 'ਤੇ ਦੋ ਵਾਰ ਨਰੇਗਾ ਮੁਲਾਜ਼ਮ ਦੀ ਚੰਡੀਗੜ੍ਹ ਦੇ ਸੈਕਟਰ 17 ਵਿੱਚ ਰੱਖੀ ਲਗਾਤਾਰ ਭੁੱਖ ਹੜਤਾਲ ਮੁੱਖ ਮੰਤਰੀ ਦੇ ਸੰਦੀਪ ਸਿੰਘ ਸੰਧੂ ਨੇ ਮੁੱਖ ਮੰਤਰੀ ਦਾ ਸੁਨੇਹਾ ਮੁਲਾਜ਼ਮਾਂ ਨੂੰ ਦੇ ਕੇ ਜਲਦੀ ਮਸਲਾ ਹੱਲ ਕਰਨ ਦਾ ਭਰੋਸਾ ਦੇ ਕੇ ਖੁਲ੍ਹਵਾਈ ਸੀ। ਕੈਪਟਨ ਸਰਕਾਰ ਨੇ ਤਿੰਨ ਕੈਬਨਿਟ ਮੰਤਰੀਆਂ ਦੀ ਸਬ ਕਮੇਟੀ ਬਣਾ ਕੇ 37000 ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਬਿਆਨ ਵੀ ਕਈ ਵਾਰ ਦਿੱਤਾ ਹੈ, ਪਰ ਕਮੇਟੀ ਅੰਕੜਿਆਂ ਵਿੱਚ ਉਲਝ ਕੇ ਰਹਿ ਗਈ।

ਮੁਲਾਜ਼ਮ ਆਗੂਆਂ ਨੇ ਕਿਹਾ ਕਿ ਹੁਣ ਹੋਰ ਸਹਿਣ ਨਹੀਂ ਕਰਾਂਗੇ, ਨਰੇਗਾ ਮੁਲਾਜ਼ਮਾਂ ਦੇ ਸਬਰ ਦਾ ਬੰਨ੍ਹ ਟੁੱਟ ਚੁੱਕਿਆ ਹੈ, ਨਾ ਤਾਂ ਨਰੇਗਾ ਮੁਲਾਜ਼ਮਾਂ ਨੂੰ ਕੋਈ ਸਿਹਤ ਸਹੂਲਤ, ਬੈਂਕ ਲੋਨ, ਡਿਊਟੀ ਦੌਰਾਨ ਮੌਤ ਹਣ ਤੇ ਵੀ ਪਰਿਵਾਰ ਨੂੰ ਕੋਈ ਆਰਥਿਕ ਸਹਾਇਤਾ ਮਿਲਦੀ ਹੈ, ਨਾ ਹੀ ਗੁਜ਼ਾਰੇ ਜੋਗੀ ਤਨਖ਼ਾਹ ਮਿਲਦੀ ਹੈ। ਇਸ ਲਈ ਹੁਣ ਕਿਸੇ ਭਰੋਸੇ ਤੇ ਵਿਸ਼ਵਾਸ ਨਹੀਂ ਕੀਤਾ ਜਾਵੇਗਾ। ਜਦੋਂ ਤੱਕ ਸਰਕਾਰ ਨਰੇਗਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਖ਼ਾਲੀ ਅਸਾਮੀਆਂ ਤੇ ਮਰਜ਼ ਕਰਨ ਦਾ ਬਿੱਲ ਪੰਜਾਬ ਕੈਬਨਿਟ ਵਿੱਚ ਪਾਸ ਨਹੀਂ ਕੀਤਾ ਜਾਂਦਾ, ਉਦੋਂ ਤੱਕ ਕਲਮ ਛੋੜ ਹੜਤਾਲ ਅਤੇ ਧਰਨੇ ਪ੍ਰਦਰਸ਼ਨ ਜਾਰੀ ਰਹਿਣਗੇ। ਅੱਜ ਦੇ ਧਰਨੇ ਨੂੰ ਮਗਨਰੇਗਾ ਮੁਲਾਜ਼ਮਾਂ ਤੋਂ ਇਲਾਵਾ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਅਤੇ ਦਰਜਾ ਚਾਰ ਕਰਮਚਾਰੀ ਅਤੇ ਹੋਰ ਵੀ ਭਰਾਤਰੀ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।