ਠੇਕਾ ਮੁਲਾਜ਼ਮਾਂ ਨੇ ਕੀਤਾ ਐਲਾਨ, ਕਰਨਗੇ 8 ਜਨਵਰੀ ਦੀ ਦੇਸ਼ ਵਿਆਪੀ ਹੜਤਾਲ ਦਾ ਸਮਰਥਨ !!!

Last Updated: Jan 06 2020 16:20
Reading time: 1 min, 4 secs

ਟਰੇਡ ਯੂਨੀਅਨ ਦੇ ਸੱਦੇ 'ਤੇ 8 ਜਨਵਰੀ 2020 ਨੂੰ ਪੇਂਡੂ ਭਾਰਤ ਬੰਦ ਰੱਖ ਕੇ ਹੋ ਰਹੀ ਦੇਸ਼ ਵਿਆਪੀ ਹੜਤਾਲ ਦਾ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਜਿੱਥੇ ਪਟਿਆਲਾ ਅਤੇ ਬਠਿੰਡਾ ਵਿਖੇ ਵੱਡੇ ਐਕਸ਼ਨ ਕੀਤੇ ਜਾਣਗੇ, ਉੱਥੇ ਇਸ ਦੇ ਨਾਲ ਹੀ ਸੂਬੇ ਭਰ ਵਿੱਚ ਜ਼ਿਲ੍ਹਾ ਅਤੇ ਤਹਿਸੀਲ ਪੱਧਰ 'ਤੇ ਹੋਣ ਵਾਲੇ ਵੱਖ-ਵੱਖ ਜੱਥੇਬੰਦੀਆਂ ਦੇ ਐਕਸ਼ਨਾਂ ਵਿੱਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ 'ਚ ਸ਼ਾਮਲ ਜੱਥੇਬੰਦੀਆਂ ਵੀ ਸ਼ਿਰਕਤ ਕਰਨਗੀਆਂ ਅਤੇ ਸਮੂਹ ਅਦਾਰਿਆਂ ਦੇ ਠੇਕਾ ਮੁਲਾਜ਼ਮਾਂ ਨੂੰ ਆਪਣੇ-ਆਪਣੇ ਪਿੱਤਰੀ ਵਿਭਾਗ ਵਿੱਚ ਰੈਗੂਲਰ ਕਰਨ ਦੀ ਮੰਗ ਕੀਤੀ ਜਾਵੇਗੀ। 

ਇਹ ਜਾਣਕਾਰੀ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੇ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਅਤੇ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਂਵਾਲਾ ਵੱਲੋਂ ਦਿੱਤੀ ਗਈ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਮੰਗ ਕੀਤੀ ਗਈ ਕਿ "ਵੈੱਲਫੇਅਰ ਐਕਟ 2016" ਨੂੰ ਇੰਨ-ਬਿੰਨ ਲਾਗੂ ਕਰਕੇ ਉਪਰੋਕਤ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਪਿੱਤਰੀ ਵਿਭਾਗਾਂ ਵਿੱਚ ਰੈਗੂਲਰ ਕੀਤਾ ਜਾਵੇ ਅਤੇ ਐਕਟ-2016 ਤੋਂ ਬਾਹਰ ਰੱਖੀਆਂ ਕੈਟਾਗਰੀਆਂ ਨੂੰ ਇਸ ਐਕਟ ਵਿੱਚ ਸ਼ਾਮਲ ਕੀਤਾ ਜਾਵੇ, ਸਮੂਹ ਅਦਾਰਿਆਂ ਵਿੱਚੋਂ ਕੱਚੇ ਮੁਲਾਜ਼ਮਾਂ ਦੀਆਂ ਛਾਂਟੀਆਂ ਤੁਰੰਤ ਬੰਦ ਕੀਤੀਆਂ ਜਾਣ ਅਤੇ ਸਮੂਹ ਠੇਕਾ ਮੁਲਾਜ਼ਮਾਂ ਦੀਆਂ ਤਨਖਾਹਾਂ ਦੀ ਅਦਾਇਗੀ ਸਮੇਂ ਸਿਰ ਕੀਤੀ ਜਾਵੇ, ਸਮੂਹ ਸਰਕਾਰੀ ਅਦਾਰਿਆਂ ਦਾ ਕੀਤਾ ਜਾ ਰਿਹਾ ਨਿੱਜੀਕਰਨ ਤੇ ਪੰਚਾਇਤੀਕਰਨ ਬੰਦ ਕੀਤਾ ਜਾਵੇ, ਬਠਿੰਡਾ ਥਰਮਲ ਤੋਂ ਸ੍ਰਪਲੱਸ ਹੋਏ ਕੱਚੇ ਮੁਲਾਜ਼ਮਾਂ ਨਾਲ ਕੀਤੇ ਲਿਖਤੀ ਸਮਝੌਤੇ ਲਾਗੂ ਕੀਤੇ ਜਾਣ।