ਤ੍ਰਿਪਤ ਬਾਜਵਾ ਨੇ ਬਟਾਲਾ ਧਮਾਕੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਵਾਰਸਾਂ ਨੂੰ ਮਾਲੀ ਸਹਾਇਤਾ ਦੇ ਚੈੱਕ ਤਕਸੀਮ ਕੀਤੇ

Last Updated: Sep 20 2019 17:32
Reading time: 1 min, 42 secs

ਬੀਤੇ ਦਿਨੀਂ ਬਟਾਲਾ ਵਿਖੇ ਇੱਕ ਪਟਾਖਾ ਫੈਕਟਰੀ ਵਿੱਚ ਹੋਏ ਧਮਾਕੇ ਦੌਰਾਨ ਮਾਰੇ ਗਏ ਵਿਅਕਤੀਆਂ ਦੇ ਵਾਰਸਾਂ ਨੂੰ ਅੱਜ ਪੰਜਾਬ ਸਰਕਾਰ ਵੱਲੋਂ ਮਾਲੀ ਇਮਦਾਦ ਦਿੱਤੀ ਗਈ ਹੈ। ਸੂਬੇ ਦੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਸਥਾਨਕ ਐੱਸ.ਡੀ.ਐੱਮ. ਦਫ਼ਤਰ ਵਿਖੇ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਚੈੱਕ ਤਕਸੀਮ ਕੀਤੇ। ਧਮਾਕੇ ਵਿੱਚ ਮਾਰੇ ਗਏ 24 ਵਿਅਕਤੀਆਂ ਵਿੱਚੋਂ 18 ਵਿਅਕਤੀਆਂ ਦੇ ਵਾਰਸਾਂ ਨੂੰ ਅੱਜ ਇਹ ਸਹਾਇਤਾ ਦਿੱਤੀ ਗਈ ਹੈ, ਜਦਕਿ ਬਾਕੀ ਦੇ ਕੇਸਾਂ ਵਿੱਚ ਵਾਰਸਾਂ ਸਬੰਧੀ ਪੜਤਾਲ ਚੱਲ ਰਹੀ ਹੈ। ਬਾਕੀ ਰਹਿੰਦੇ ਪੀੜ੍ਹਤ ਪਰਿਵਾਰਾਂ ਨੂੰ ਵੀ ਬਹੁਤ ਜਲਦੀ ਸਹਾਇਤਾ ਰਾਸ਼ੀ ਦੇ ਇਹ ਚੈੱਕ ਦੇ ਦਿੱਤੇ ਜਾਣਗੇ। ਜ਼ਖਮੀਆਂ ਨੂੰ ਸਰਕਾਰ ਵੱਲੋਂ ਐਲਾਨੀ ਵਿੱਤੀ ਸਹਾਇਤਾ ਅਗਲੇ ਹਫ਼ਤੇ ਦਿੱਤੀ ਜਾਵੇਗੀ।

ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪੀੜ੍ਹਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਇਨ੍ਹਾਂ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਇਨ੍ਹਾਂ ਪਰਿਵਾਰਾਂ ਦੀ ਬੇਹਤਰੀ ਲਈ ਜੋ ਵੀ ਸੰਭਵ ਹੋਵੇਗਾ ਉਹ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੀੜ੍ਹਤ ਪਰਿਵਾਰਾਂ ਵਿੱਚ ਜੋ ਲੋੜਵੰਦ ਪਰਿਵਾਰ ਹਨ ਉਨ੍ਹਾਂ ਦੇ ਸਸਤੇ ਆਟਾ-ਦਾਲ ਦੇ ਕਾਰਡ ਬਣਾਏ ਗਏ ਹਨ, ਵਿਧਵਾ ਅਤੇ ਬੇਸਹਾਰਾ ਪੈਨਸ਼ਨਾਂ ਲਗਾਈਆਂ ਗਈਆਂ ਹਨ ਅਤੇ ਉਨ੍ਹਾਂ ਦੇ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਵੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਸ ਹਾਦਸੇ ਦੇ ਪੀੜ੍ਹਤ ਪਰਿਵਾਰਾਂ ਦੀਆਂ ਧੀਆਂ ਅਤੇ ਔਰਤਾਂ ਨੂੰ ਸਮਾਜ ਸੇਵੀ ਸੰਸਥਾ ਆਲ ਇੰਡੀਆ ਵੂਮੈਨ ਕਾਨਫ਼ਰੰਸ ਬਟਾਲਾ ਵੱਲੋਂ ਮੁਫ਼ਤ ਸਿਲਾਈ ਕਢਾਈ, ਬਿਊਟੀ ਪਾਰਲਰ ਅਤੇ ਕੰਪਿਊਟਰ ਕੋਰਸ ਕਰਾਉਣ ਦੀ ਪੇਸ਼ਕਸ਼ ਕੀਤੀ ਗਈ ਹੈ। 

ਸ਼ਹਿਰ ਦੇ ਕੁਝ ਸਕੂਲਾਂ ਵੱਲੋਂ ਪੀੜ੍ਹਤ ਪਰਿਵਾਰਾਂ ਦੇ ਬੱਚਿਆਂ ਦੀ ਮੁਫ਼ਤ ਪੜ੍ਹਾਈ ਦੀ ਗੱਲ ਕਹੀ ਗਈ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਪੀੜ੍ਹਤ ਪਰਿਵਾਰਾਂ ਦੇ ਯੋਗ ਲੜਕੇ-ਲੜਕੀਆਂ ਨੂੰ ਰੁਜ਼ਗਾਰ ਮੇਲੇ ਰਾਹੀਂ ਉਨ੍ਹਾਂ ਦੀ ਯੋਗਤਾ ਅਨੁਸਾਰ ਰੁਜ਼ਗਾਰ ਦੇਣ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਸ. ਬਾਜਵਾ ਨੇ ਕਿਹਾ ਕਿ ਇਸ ਹਾਦਸੇ ਵਿੱਚ ਜੋ ਵਿਅਕਤੀ ਜ਼ਖਮੀ ਹੋਏ ਹਨ ਉਨ੍ਹਾਂ ਨੂੰ ਵੀ ਸਰਕਾਰ ਵੱਲੋਂ ਐਲਾਨੀ ਵਿੱਤੀ ਸਹਾਇਤਾ ਬਹੁਤ ਜਲਦੀ ਦੇ ਦਿੱਤੀ ਜਾਵੇਗੀ। ਪੀੜ੍ਹਤ ਪਰਿਵਾਰਾਂ ਨੂੰ ਚੈੱਕ ਦੇਣ ਮੌਕੇ ਸ. ਬਾਜਵਾ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਣਬੀਰ ਸਿੰਘ ਮੂਧਲ, ਐੱਸ.ਡੀ.ਐੱਮ. ਬਟਾਲਾ ਬਲਬੀਰ ਰਾਜ ਸਿੰਘ, ਸਹਾਇਕ ਕਮਿਸ਼ਨਰ ਗੁਰਦਾਸਪੁਰ ਰਮਨ ਕੋਛੜ, ਡੀ.ਡੀ.ਪੀ.ਓ. ਲਖਵਿੰਦਰ ਸਿੰਘ ਰੰਧਾਵਾ, ਤਹਿਸੀਲਦਾਰ ਬਟਾਲਾ ਬਲਜਿੰਦਰ ਸਿੰਘ, ਨਾਇਬ ਤਹਿਸੀਲਦਾਰ ਅਮਰਜੀਤ ਸਿੰਘ, ਵਰਿਆਮ ਸਿੰਘ, ਜਸਕਰਨ ਸਿੰਘ ਵੀ ਹਾਜ਼ਰ ਸਨ।