550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਠਾਨਕੋਟ ਵਿਖੇ ਡਿਜੀਟਲ ਮਿਊਜ਼ੀਅਮ ਅਤੇ ਲਾਇਟ ਐਂਡ ਸਾਊਂਡ ਸ਼ੋਅ ਦੀ ਕੀਤੀ ਸ਼ੁਰੂਆਤ

Last Updated: Nov 13 2019 17:25
Reading time: 2 mins, 49 secs

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਜੀ ਦੇ ਜੀਵਨ, ਉਦਾਸੀਆਂ ਤੇ ਉਪਦੇਸ਼ਾਂ ਬਾਰੇ ਜਾਣੂੰ ਕਰਵਾਉਣ ਲਈ ਜ਼ਿਲ੍ਹਾ ਪਠਾਨਕੋਟ ਵਿਖੇ ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੈਦਾਨ ਮਲਿਕਪੁਰ ਵਿਖੇ ਅਤਿ ਆਧੁਨਿਕ ਤਕਨੀਕ ਨਾਲ ਡਿਜੀਟਲ ਮਿਊਜ਼ੀਅਮ ਅਤੇ ਲਾਇਟ ਐਂਡ ਸਾਊਂਡ (ਅਵਾਜ਼ ਤੇ ਰੌਸ਼ਨੀ) ਅੱਜ ਸ਼ੁਰੂ ਹੋ ਗਿਆ ਹੈ। 13 ਨਵੰਬਰ ਦੇ ਦਿਨ ਸ਼ੋਅ ਦੇ ਸ਼ੁਰੂਆਤ ਵਿੱਚ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ, ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਅਤੇ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਰਿਬਿਨ ਕੱਟ ਕੇ ਡਿਜੀਟਲ ਮਿਊਜ਼ੀਅਮ ਅਤੇ ਲਾਇਟ ਐਂਡ ਸਾਊਂਡ (ਅਵਾਜ਼ ਤੇ ਰੌਸ਼ਨੀ) ਸ਼ੋਅ ਦਾ ਉਦਘਾਟਨ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵ ਅਭਿਜੀਤ ਕਪਲਿਸ ਵਧੀਕ ਡਿਪਟੀ ਕਮਿਸ਼ਨਰ (ਜ), ਅਰਸ਼ਦੀਪ ਸਿੰਘ ਐਸ.ਡੀ.ਐਮ. ਪਠਾਨਕੋਟ, ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਡਿਜੀਟਲ ਮਿਊਜ਼ੀਅਮ ਅਤੇ ਲਾਇਟ ਐਂਡ ਸਾਊਂਡ (ਅਵਾਜ਼ ਤੇ ਰੌਸ਼ਨੀ) ਦੀ ਸ਼ੁਰੂਆਤ ਮੁੱਖ ਮਹਿਮਾਨਾਂ ਵੱਲੋਂ ਕਰਨ ਮਗਰੋਂ ਡਿਜੀਟਲ ਮਿਊਜ਼ੀਅਮ ਵੀ ਦੇਖਿਆ। ਇਸ ਸ਼ੋਅ ਦੇ ਪਹਿਲੇ ਦਿਨ ਕਰੀਬ 2170 ਪਠਾਨਕੋਟ ਨਿਵਾਸੀਆਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਅਤਿ-ਆਧੁਨਿਕ ਤਕਨੀਕਾਂ ਵਾਲੇ ਇਸ ਮਿਊਜ਼ੀਅਮ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਿਰਤਾਂਤ ਨੂੰ ਮਲਟੀ ਮੀਡੀਆ ਤਕਨੀਕਾਂ ਜ਼ਰੀਏ ਦੇਖਿਆ। ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਪਠਾਨਕੋਟ ਸ਼ਹਿਰ ਵਿੱਚ ਡਿਜੀਟਲ ਮਿਊਜ਼ੀਅਮ ਅਤੇ ਲਾਇਟ ਐਂਡ ਸਾਊਂਡ ਸ਼ੋਅ ਕਰਵਾਕੇ ਗੁਰੂ ਸਾਹਿਬ ਦੇ ਜੀਵਨ ਤੋਂ ਜਾਣੂ ਕਰਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਡਿਜੀਟਲ ਮਿਊਜ਼ੀਅਮ 14 ਤੇ 15 ਨਵੰਬਰ ਤੱਕ ਸਵੇਰੇ 7 ਵਜੇ ਤੋਂ ਸ਼ਾਮ 5:30 ਵਜੇ ਤੱਕ ਖੁੱਲ੍ਹਾ ਰਹੇਗਾ। ਉਨ੍ਹਾਂ ਦੱਸਿਆ ਕਿ 14 ਤੇ 15 ਨਵੰਬਰ ਸ਼ਾਮ ਨੂੰ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ 'ਤੇ ਚਾਨਣਾ ਪਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਚੱਲਣਗੇ, ਜੋ ਕਿ ਦੋਵੇਂ ਦਿਨ ਸ਼ਾਮ 6:15 ਤੋਂ 7 ਵਜੇ ਅਤੇ ਰਾਤ 7:45 ਤੋਂ 8:30 ਵਜੇ ਤੱਕ ਹੋਣਗੇ। ਉਨ੍ਹਾਂ ਦੱਸਿਆ ਕਿ ਰੰਗਦਾਰ ਦ੍ਰਿਸ਼ ਪੇਸ਼ਕਾਰੀਆਂ, ਅਤਿ-ਆਧੁਨਿਕ ਲੇਜ਼ਰ ਤਕਨੀਕਾਂ ਅਤੇ ਵਿਲੱਖਣ ਧੁਨੀਆਂ ਵਾਲੇ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਅਦਭੁੱਤ ਨਜ਼ਾਰਾ ਪੇਸ਼ ਕਰਨਗੇ। ਉਨ੍ਹਾਂ ਸਮੂਹ ਸੰਗਤਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਵਿਲੱਖਣ ਨਜ਼ਾਰੇ ਦਾ ਗਵਾਹ ਬਣਨ ਲਈ ਹੁੰਮ-ਹੁੰਮਾ ਕੇ ਪਹੁੰਚਣ। ਉਨ੍ਹਾਂ ਕਿਹਾ ਕਿ ਸੰਗਤਾਂ ਲਈ ਦਾਖਲਾ ਬਿਲਕੁਲ ਮੁਫ਼ਤ ਹੈ ਅਤੇ ਸੰਗਤਾਂ ਸ਼ੋਅ ਦਾ ਅਨੰਦ ਮਾਨਣ ਲਈ ਆਪਣੇ ਪਰਿਵਾਰ ਸਮੇਤ ਪਹੁੰਚਣ।

ਅੱਜ ਡਿਜੀਟਲ ਮਿਊਜ਼ੀਅਮ ਵਿੱਚ ਵੱਖ-ਵੱਖ ਸਕਰੀਨਾਂ ਰਾਹੀਂ ਮਲਟੀਮੀਡੀਆ ਤਕਨੀਕ ਨਾਲ ਗੁਰੂ ਸਾਹਿਬ ਦੇ ਜੀਵਨ ਉੱਪਰ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਮਿਊਜ਼ੀਅਮ ਵਿੱਚ ਇੱਕ ਸਮੇਂ 60 ਵਿਅਕਤੀ ਦਾਖਲ ਹੋ ਸਕਦੇ ਹਨ ਅਤੇ ਉਸ ਤੋਂ ਬਾਅਦ ਦੂਸਰਾ ਬੈਚ ਇਸ ਮਿਊਜ਼ੀਅਮ ਨੂੰ ਦੇਖਦਾ ਹੈ। ਮਿਊਜ਼ੀਅਮ ਵਿੱਚ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੇ ਮਾਡਲ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਮਿਊਜ਼ੀਅਮ ਦੇ ਅੰਦਰ ਅਤੇ ਬਾਹਰ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਤ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀਆਂ ਤਸਵੀਰਾਂ ਵੀ ਲਗਾਈਆਂ ਗਈਆਂ ਹਨ।

ਮਿਊਜ਼ੀਅਮ ਦੇਖਣ ਆਈਆਂ ਸੰਗਤਾਂ ਇੱਕ ਅਨੋਖੇ ਵਿਸਮਾਦ ਦਾ ਅਹਿਸਾਸ ਕਰ ਰਹੀਆਂ ਹਨ ਅਤੇ ਸੰਗਤਾਂ ਵੱਲੋਂ ਇਸ ਉਪਰਾਲੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਜਾ ਰਿਹਾ ਹੈ। ਇਸ ਮੌਕੇ ਤੇ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਇੱਕ ਵਧੀਆ ਉਪਰਾਲਾ ਹੈ ਕਿ ਪਠਾਨਕੋਟ ਵਿਖੇ ਅਜਿਹਾ ਡਿਜੀਟਲ ਮਿਊਜ਼ੀਅਮ ਅਤੇ ਲਾਇਟ ਐਂਡ ਸਾਊਂਡ (ਅਵਾਜ਼ ਤੇ ਰੌਸ਼ਨੀ) ਸ਼ੋਅ ਕਰਵਾਇਆ ਗਿਆ ਹੈ ਉਹ ਜੋ ਬਹੁਤ ਉਪਯੋਗੀ ਹੈ ਬੱਚਿਆਂ ਅਤੇ ਲੋਕਾਂ ਦੀ ਜਾਣਕਾਰੀ ਵਿੱਚ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਹੋਰ ਸਕੂਲਾਂ ਦੇ ਵਿਦਿਆਰਥੀਆਂ ਨੂੰ ਚਾਹੀਦਾ ਹੈ ਕਿ ਅਜਿਹੇ ਪ੍ਰੋਗਰਾਮਾਂ ਤੋਂ ਲਾਭ ਪ੍ਰਾਪਤ ਕਰਨ। ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਕਿਹਾ ਕਿ ਸਾਨੂੰ ਸਾਡੇ ਇਤਿਹਾਸ ਸਾਡੀ ਵਿਰਾਸਤ ਬਾਰੇ ਜਾਣਨ ਦਾ ਇੱਕ ਬਹੁਤ ਵਧੀਆਂ ਮੌਕਾ ਮਿਲਿਆ ਹੈ ਕਿ ਪੰਜਾਬ ਸਰਕਾਰ ਅਜਿਹਾ ਉਪਰਾਲਾ ਕਰ ਕੇ ਸਾਨੂੰ ਸਾਡੇ ਗੁਰੂ ਸਾਹਿਬਾਨ ਬਾਰੇ ਜਾਣਕਾਰੀ ਪ੍ਰਾਪਤ ਕਰਵਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ਼ੋਅ ਵਿੱਚ ਪਹੁੰਚ ਕੇ ਜ਼ਿਆਦਾ ਤੋਂ ਜ਼ਿਆਦਾ ਅਜਿਹੀਆਂ ਜਾਣਕਾਰੀਆਂ ਪ੍ਰਾਪਤ ਕਰਨ।