ਸੁਨੀਲ ਜਾਖੜ ਨੂੰ ਵੱਡੀ ਲੀਡ ਨਾਲ ਜਿਤਾਵਾਂਗੇ: ਸੁਖਜਿੰਦਰ ਰੰਧਾਵਾ

Last Updated: Apr 18 2019 16:35
Reading time: 0 mins, 51 secs

ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਹਲਕੇ ਵੱਖ ਵੱਖ ਪਿੰਡਾਂ ਵਿੱਚ ਵਰਕਰਾਂ ਨਾਲ ਮੀਟਿੰਗਾਂ ਕਰਨ ਤੋਂ ਬਾਅਦ ਗੱਲਬਾਤ ਕਰਦਿਆਂ ਕਿਹਾ ਕਿ ਗੁਰਦਾਸਪੁਰ ਤੋਂ ਕਾਂਗਰਸ ਦੇ ਉਮੀਦਵਾਰ ਸ਼੍ਰੀ ਸੁਨੀਲ ਜਾਖੜ ਨੇ ਪਹਿਲਾਂ ਵੀ ਆਪਣੇ ਸੰਸਦ ਮੈਂਬਰ ਦੇ ਕਾਰਜਕਾਲ ਦੌਰਾਨ ਦਿੱਲੀ ਪਾਰਲੀਮੈਂਟ ਵਿੱਚ ਪੰਜਾਬ ਅਤੇ ਗੁਰਦਾਸਪੁਰ ਨਾਲ ਸਬੰਧਿਤ ਅਹਿਮ ਮਸਲਿਆਂ ਨੂੰ ਬੜੇ ਹੀ ਜ਼ੋਰ ਸ਼ੋਰ ਨਾਲ ਉਠਾਇਆ ਸੀ। ਰੰਧਾਵਾ ਨੇ ਕਿਹਾ ਕਿ ਐਮ ਪੀ ਦਾ ਕੰਮ ਹੁੰਦਾ ਹੈ ਕਿ ਹਲਕੇ ਅਤੇ ਸੂਬੇ ਦੀ ਆਵਾਜ਼ ਸੰਸਦ ਤੱਕ ਪਹੁੰਚਾਏ ਜੋ ਸ਼੍ਰੀ ਜਾਖੜ ਵਲੋਂ ਬਾਖ਼ੂਬੀ ਕੀਤਾ ਜਾਂਦਾ ਰਿਹਾ ਹੈ। ਉਨ੍ਹਾਂ ਨੇ ਇਸ ਮੌਕੇ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼੍ਰੀ ਜਾਖੜ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਕਾਮਯਾਬ ਕੀਤਾ ਜਾਵੇ। ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪੰਚ ਹਰਕੀਰਤ ਸਿੰਘ ਪੱਡਾ ਆਪਣੇ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਲ ਹੋ ਗਏ ਜਿਸ ਨਾਲ ਕਾਂਗਰਸ ਪਾਰਟੀ ਨੂੰ ਕਸਬਾ ਕਲਾਨੌਰ ਵਿਖੇ ਵੀ ਵੱਡਾ ਬਲ ਮਿਲਿਆ ਦੱਸਿਆ ਜਾ ਰਿਹਾ ਹੈ ਕਿਉਂਕਿ ਹਰਕੀਰਤ ਸਿੰਘ ਪੱਡਾ ਕਲਾਨੌਰ ਤੇ ਹੀ ਸਰਪੰਚ ਰਹੇ ਹਨ ਤੇ ਕਾਫ਼ੀ ਰਸੂਖਦਾਰ ਗਿਣੇ ਜਾਂਦੇ ਹਨ।