ਲੋਕਾਂ ਨੂੰ ਮਲਟੀਪਰਪਜ਼ ਹੈਲਥ ਵਰਕਰਾਂ ਨਾਲ ਸਹਿਯੋਗ ਕਰਨ ਦੀ ਅਪੀਲ

Last Updated: May 11 2019 16:23
Reading time: 1 min, 27 secs

ਸਿਵਲ ਸਰਜਨ ਡਾ. ਬਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਨੈਸ਼ਨਲ ਵੈਕਟਰ ਬੌਰਨ ਡਜੀਜ ਕੰਟਰੋਲ ਪ੍ਰੋਗਰਾਮ ਦੇ ਤਹਿਤ ਜ਼ਿਲ੍ਹੇ ਦੇ ਮਲਟੀਪਰਪਜ਼ ਹੈਲਥ ਵਰਕਰਾਂ ਦੀ ਇੱਕ ਮੀਟਿੰਗ ਟ੍ਰੇਨਿੰਗ ਹਾਲ ਵਿਖੇ ਆਯੋਜਿਤ ਕੀਤੀ ਗਈ। ਇਸ ਮੌਕੇ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਜੀਵ ਭਗਤ ਤੇ ਡਾ. ਨਵਪ੍ਰੀਤ ਕੌਰ ਵੱਲੋਂ ਉਨ੍ਹਾਂ ਨੂੰ ਡੇਂਗੂ ਅਤੇ ਮਲੇਰੀਆ ਦੇ ਸੀਜ਼ਨ ਦੇ ਮੱਦੇਨਜ਼ਰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ। ਡਾ. ਰਾਜੀਵ ਭਗਤ ਨੇ ਕਿਹਾ ਕਿ ਉਹ ਫ਼ੀਲਡ ਵਿੱਚ ਜਾ ਕੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਦੇ ਕਾਰਣਾਂ, ਲੱਛਣਾਂ ਤੇ ਬਚਾਅ ਪ੍ਰਤੀ ਜਾਗਰੂਕ ਕਰਨ। ਜੇਕਰ ਫ਼ੀਲਡ ਵਿੱਚ ਉਨ੍ਹਾਂ ਨੂੰ ਕੰਮ ਕਰਨ ਦੌਰਾਨ ਕੋਈ ਸਮੱਸਿਆ ਆਉਂਦੀ ਹੈ ਤਾਂ ਉਸ ਬਾਰੇ ਉਨ੍ਹਾਂ ਨੂੰ ਦੱਸਿਆ ਜਾਵੇ। ਉਨ੍ਹਾਂ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਕਿਹਾ ਕਿ ਲੋਕਾਂ ਨੂੰ ਹਰ ਸ਼ੁੱਕਰਵਾਰ ਡਰਾਈ ਡੇ ਮਨਾਉਣ ਬਾਰੇ ਜਾਗਰੂਕ ਕੀਤਾ ਜਾਵੇ।

ਡਾ. ਰਾਜੀਵ ਭਗਤ ਨੇ ਲੋਕਾਂ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਸਹਿਯੋਗ ਕਰਨ। ਇਸ ਤੋਂ ਇਲਾਵਾ ਜੇਕਰ ਮਲੇਰੀਆ ਬੁਖ਼ਾਰ ਦਾ ਕੋਈ ਲੱਛਣ ਨਜ਼ਰ ਆਉਂਦਾ ਹੈ ਤਾਂ ਲੋਕ ਮਲਟੀਪਰਪਜ਼ ਹੈਲਥ ਵਰਕਰ ਕੋਲੋਂ ਮਲੇਰੀਆ ਦੀ ਸਲਾਈਡ ਬਣਵਾ ਸਕਦੇ ਹਨ ਜੋਕਿ ਬਿਲਕੁਲ ਮੁਫ਼ਤ ਹੈ। ਇਸ ਤੋਂ ਇਲਾਵਾ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਕਿਹਾ ਗਿਆ ਕਿ ਲੋਕਾਂ ਨੂੰ ਦੱਸਿਆ ਜਾਵੇ ਕਿ ਆਲੇ-ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ। ਡੇਂਗੂ ਅਤੇ ਮਲੇਰੀਆ ਮੱਛਰ ਪੈਦਾ ਹੋਣ ਦੇ ਜਿਹੜੇ ਸੋਮੇ ਹਨ ਉਨ੍ਹਾਂ ਬਾਰੇ ਦੱਸਿਆ ਜਾਵੇ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਡਾ. ਨਵਪ੍ਰੀਤ ਕੌਰ ਨੇ ਕਿਹਾ ਕਿ ਲੋਕਾਂ ਨੂੰ ਪੂਰੀਆਂ ਬਾਂਹਾਂ ਦੇ ਕੱਪੜੇ ਪਾਉਣ, ਮੱਛਰ ਭਜਾਉਣ ਵਾਲੇ ਤੇਲ ਤੇ ਕਰੀਮਾਂ ਆਦਿ ਦੀ ਵਰਤੋਂ ਕਰਨ ਲਈ ਕਿਹਾ ਜਾਵੇ। ਸਕੂਲਾਂ ਵਿੱਚ ਜਾ ਕੇ ਵੀ ਮਲਟੀਪਰਪਜ਼ ਹੈਲਥ ਵਰਕਰ ਵਿਦਿਆਰਥੀਆਂ ਨੂੰ ਡੇਂਗੂ ਤੇ ਮਲੇਰੀਆ ਤੋਂ ਬਚਾਅ ਬਾਰੇ ਜਾਗਰੂਕ ਕਰਨ। ਡਾ. ਨਵਪ੍ਰੀਤ ਨੇ ਇਹ ਵੀ ਕਿਹਾ ਕਿ ਲੋਕਾਂ ਨੂੰ ਸੈਲਫ ਮੈਡੀਕੇਸ਼ਨ ਤੋਂ ਬਚਣ ਲਈ ਕਿਹਾ ਜਾਵੇ ਤੇ ਡੇਂਗੂ ਤੇ ਮਲੇਰੀਆ ਸਬੰਧੀ ਕਿਸੇ ਵੀ ਤਰ੍ਹਾਂ ਦੇ ਲੱਛਣ ਨਜ਼ਰ ਆਉਣ ਤੇ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕਰਨ ਨੂੰ ਕਿਹਾ ਜਾਵੇ।