ਡੇਂਗੂ ਦੇ ਖ਼ਾਤਮੇ ਲਈ ਸਿਹਤ ਵਿਭਾਗ ਹੋਇਆ ਪੱਬਾਂ ਭਾਰ

Last Updated: May 14 2019 13:40
Reading time: 1 min, 7 secs

ਡੇਂਗੂ ਬੁਖ਼ਾਰ ਏਡੀਜ ਅਜਪਿਟੀ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਅਤੇ ਇਹ ਮੱਛਰ ਦਿਨ ਦੇ ਸਮੇਂ ਕੱਟਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਫ਼ਿਰੋਜ਼ਪੁਰ ਡਾਕਟਰ ਰਜਿੰਦਰ ਕੁਮਾਰ ਨੇ ਕੀਤਾ। ਉਨ੍ਹਾਂ ਨੇ ਦੱਸਿਆ ਕਿ ਡੇਂਗੂ ਦੇ ਕੱਟਣ ਨਾਲ ਇੱਕ ਦਮ ਤੇਜ਼ ਬੁਖ਼ਾਰ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਪੱਠਿਆ ਵਿੱਚ ਦਰਦ, ਜੀ ਕੱਚਾ ਹੋਣਾ, ਉਲਟੀਆਂ ਆਉਣਾ, ਨੱਕ, ਮੂੰਹ, ਜਬਾੜ੍ਹਿਆਂ ਵਿੱਚੋਂ ਖ਼ੂਨ ਆਉਣਾ ਤੇ ਚਮੜੀ ਤੇ ਨੀਲ ਪੈਣਾ ਡੇਂਗੂ ਬੁਖ਼ਾਰ ਦੇ ਲੱਛਣ ਹਨ। ਡੇਂਗੂ ਜਿਹੀ ਭਿਆਨਕ ਬਿਮਾਰੀ ਤੋਂ ਬਚਣ ਲਈ ਸਾਨੂੰ ਕੱਪੜੇ ਅਜਿਹੇ ਪਹਿਨਣੇ ਚਾਹੀਦੇ ਹਨ ਕਿ ਸ਼ਰੀਰ ਪੂਰੀ ਤਰ੍ਹਾਂ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟ ਸਕੇ, ਸੌਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕਰਨਾ ਚਾਹੀਦਾ ਹੈ। 

ਇਸ ਤੋਂ ਇਲਾਵਾ ਘਰਾਂ ਅਤੇ ਦਫ਼ਤਰਾਂ ਵਿੱਚ ਲੱਗੇ ਫ਼ਰਿਜ ਦੀ ਪਿੱਛੇ ਲੱਗੀ ਟਰੇਆਂ ਅਤੇ ਕੂਲਰਾਂ ਨੂੰ ਚੰਗੀ ਤਰ੍ਹਾਂ ਰਗੜ ਕੇ ਸਾਫ਼ ਕਰਨਾ ਚਾਹੀਦਾ ਹੈ। ਡੇਂਗੂ ਜਿਹੀ ਭਿਆਨਕ ਬਿਮਾਰੀ ਤੋਂ ਬਚਣ ਲਈ ਘਰਾਂ ਦੇ ਆਲ਼ੇ ਦੁਆਲੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ, ਛੱਪੜਾਂ ਵਿੱਚ ਖੜੇ ਪਾਣੀ ਵਿੱਚ ਹਫ਼ਤੇ ਵਿੱਚ ਇੱਕ ਵਾਰ ਕਾਲੇ ਤੇਲ ਦਾ ਛਿੜਕਾਵ ਕੀਤਾ ਜਾਵੇ। ਉਨ੍ਹਾਂ ਨੇ ਦੱਸਿਆ ਕਿ ਜੇ ਕਿਸੇ ਮਰੀਜ਼ ਨੂੰ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਬੁਖ਼ਾਰ ਦੇ ਲੱਛਣ ਹੁੰਦੇ ਤਾਂ ਉਹ ਤੁਰੰਤ ਆਪਣਾ ਟੈੱਸਟ ਅਤੇ ਇਲਾਜ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿੱਚ ਕਰਵਾਏ ਜੋ ਕਿ ਮੁਫ਼ਤ ਕੀਤਾ ਜਾਂਦਾ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ ਘਰ ਜਾਂ ਕੇ ਡੇਂਗੂ ਦੀ ਬਿਮਾਰੀ ਤੋਂ ਬਚਣ ਅਤੇ ਰੋਕਥਾਮ ਸਬੰਧੀ ਸਿਹਤ ਸਿੱਖਿਆ ਵੀ ਦਿੱਤੀ ਜਾ ਰਹੀ ਹੈ।