ਜਲੂਸ ਕੱਢਣ ਅਤੇ ਜਨਤਕ ਥਾਵਾਂ 'ਤੇ ਹਥਿਆਰ ਚੁੱਕਣ 'ਤੇ ਰੋਕ

Last Updated: Jun 03 2019 12:16
Reading time: 1 min, 22 secs

ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਡੀ.ਪੀ.ਐਸ ਖਰਬੰਦਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕਪੂਰਥਲਾ ਵਿੱਚ ਕਿਸੇ ਕਿਸਮ ਦੇ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ, ਨਾਅਰੇਬਾਜ਼ੀ ਕਰਨ, ਲਾਠੀਆਂ, ਗੰਡਾਸੇ, ਤੇਜ਼ਧਾਰ ਟਕੂਏ, ਕੁਹਾੜੀ, ਬੰਦੂਕ, ਪਿਸਤੌਲ ਅਤੇ ਕਿਸੇ ਵੀ ਕਿਸਮ ਦੇ ਵਿਸਫੋਟਕ ਹਥਿਆਰ ਆਦਿ ਜਨਤਕ ਥਾਵਾਂ 'ਤੇ ਚੁੱਕਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜੇਕਰ ਕਿਸੇ ਵੀ ਅਦਾਰੇ/ਸੰਸਥਾ ਨੇ ਜ਼ਿਲ੍ਹਾ ਕਪੂਰਥਲਾ ਵਿੱਚ ਜਲੂਸ/ਧਰਨਾ ਦੇਣਾ ਹੋਵੇ ਤਾਂ ਉਸ ਲਈ ਉੱਪ ਮੰਡਲ ਪੱਧਰ 'ਤੇ ਸਥਾਨ ਨਿਸ਼ਚਿਤ ਕੀਤੇ ਗਏ ਹਨ।

ਇਸ ਸਬੰਧੀ ਸਬੰਧਤ ਅਦਾਰਾ/ਸੰਸਥਾ ਧਰਨੇ ਦੀ ਅਗੇਤਰੀ ਸੂਚਨਾ/ਪ੍ਰਵਾਨਗੀ ਸਬੰਧਤ ਉੱਪ ਮੰਡਲ ਮੈਜਿਸਟ੍ਰੇਟ ਪਾਸੋਂ ਪ੍ਰਾਪਤ ਕਰੇਗਾ। ਜਾਰੀ ਹੁਕਮਾਂ ਅਨੁਸਾਰ ਉੱਪ ਮੰਡਲ ਕਪੂਰਥਲਾ ਲਈ ਸ਼ਾਲਾਮਾਰ ਬਾਗ਼, ਅੰਮ੍ਰਿਤਸਰ ਰੋਡ, ਕਪੂਰਥਲਾ, ਉੱਪ ਮੰਡਲ ਫਗਵਾੜਾ ਲਈ ਨਗਰ ਸੁਧਾਰ ਟਰੱਸਟ ਫਗਵਾੜਾ ਦੇ ਸਾਹਮਣੇ ਸਥਿਤ ਹਰਗੋਬਿੰਦ ਨਗਰ, ਉੱਪ ਮੰਡਲ ਸੁਲਤਾਨਪੁਰ ਲੋਧੀ ਲਈ ਬੱਸ ਅੱਡਾ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਅੰਤਰਯਾਮਤਾ ਵਾਲੇ ਪਾਸੇ ਅਤੇ ਉੱਪ ਮੰਡਲ ਭੁਲੱਥ ਲਈ ਦਾਣਾ ਮੰਡੀ ਨੰਬਰ 1 ਭੁਲੱਥ ਅਤੇ ਦਾਣਾ ਮੰਡੀ ਫੋਕਲ ਪੁਆਇੰਟ ਪਿੰਡ ਰਾਮਗੜ (ਫ਼ਸਲਾਂ ਦੇ ਖ਼ਰੀਦ ਸੀਜ਼ਨ ਦੌਰਾਨ ਬੱਸ ਸਟੈਂਡ ਭੁਲੱਥ) ਜਲੂਸ/ਧਰਨੇ ਲਈ ਸਥਾਨ ਨਿਰਧਾਰਤ ਕੀਤੇ ਗਏ ਹਨ।

ਇਹ ਹੁਕਮ 1 ਅਗਸਤ 2019 ਤੱਕ ਲਾਗੂ ਰਹਿਣਗੇ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਕਪੂਰਥਲਾ ਵਿੱਚ ਪਿਛਲੇ ਸਮੇਂ ਤੋਂ ਵੱਖ-ਵੱਖ ਜੱਥੇਬੰਦੀਆਂ ਵੱਲੋਂ ਵੱਖ-ਵੱਖ ਥਾਵਾਂ 'ਤੇ ਧਰਨੇ/ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ, ਜਿਸ ਨਾਲ ਆਮ ਆਵਾਜਾਈ ਵਿੱਚ ਕਾਫੀ ਵਿਘਨ ਪੈਂਦਾ ਹੈ ਅਤੇ ਆਮ ਪਬਲਿਕ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਨਹੀਂ ਰਹਿੰਦੀ ਹੈ। ਇਸ ਲਈ ਆਮ ਪਬਲਿਕ ਦੀਆਂ ਪ੍ਰੇਸ਼ਾਨੀਆਂ, ਆਵਾਜਾਈ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਕਪੂਰਥਲਾ ਦੀਆਂ ਸੀਮਾਵਾਂ ਅੰਦਰ ਦਫ਼ਾ 144 ਸੀ.ਆਰ.ਪੀ.ਸੀ ਦੇ ਤਹਿਤ ਹੁਕਮ ਫੌਰੀ ਤੌਰ 'ਤੇ ਜਾਰੀ ਕੀਤੇ ਜਾਣ ਦੀ ਲੋੜ ਹੈ।