ਘਰ-ਘਰ ਰੋਜ਼ਗਾਰ ਪ੍ਰੋਗਰਾਮ ਤਹਿਤ 81 ਸਕੂਲਾਂ ਤੇ 132 ਕਾਲਜਾਂ 'ਚ ਆਯੋਜਿਤ ਕੀਤੇ ਗਏ ਮਾਸ ਕਾਊਂਸਲਿੰਗ ਪ੍ਰੋਗਰਾਮ

Last Updated: Jun 11 2019 18:03
Reading time: 2 mins, 10 secs

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਬੇਰੋਜ਼ਗਾਰਾਂ ਨੂੰ ਵੱਖ-ਵੱਖ ਕਿੱਤਿਆਂ ਦੀ ਸਿਖਲਾਈ ਦੇ ਕੇ ਜਿੱਥੇ ਉਨ੍ਹਾਂ ਨੂੰ ਆਪਣੇ ਪੈਰਾਂ 'ਤੇ ਖੜੇ ਹੋਣ ਦੇ ਯੋਗ ਬਣਾਉਣ ਲਈ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾ ਰਿਹਾ ਹੈ, ਉੱਥੇ ਹੀ ਬਿਊਰੋ ਵੱਲੋਂ ਨੌਜਵਾਨਾਂ ਦੀ ਜ਼ਿੰਦਗੀ ਬਿਹਤਰ ਬਣਾਉਣ 'ਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ ਜਾ ਰਹੀ ਹੈ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਪ੍ਰਸ਼ਾਂਤ ਗੋਇਲ ਨੇ ਦੱਸਿਆ ਕਿ ਪਿਛਲੇ ਮਈ ਮਹੀਨੇ ਦੌਰਾਨ 81 ਸਕੂਲਾਂ ਅਤੇ 13 ਕਾਲਜਾਂ 'ਚ ਮਾਸ ਕਾਊਂਸਲਿੰਗ ਪ੍ਰੋਗਰਾਮ ਆਯੋਜਿਤ ਕੀਤੇ ਗਏ। ਜਿਸ ਵਿੱਚ 248 ਵੱਖ-ਵੱਖ ਕਿੱਤਾ ਮਾਹਰਾਂ ਨੇ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਨੁਕਤਿਆਂ ਸਬੰਧੀ ਜਾਣਕਾਰੀ ਦਿੱਤੀ। ਇਸ ਦੌਰਾਨ 12,799 ਪ੍ਰਾਰਥੀਆਂ ਵੱਲੋਂ ਹਿੱਸਾ ਲਿਆ ਗਿਆ।

ਡਿਪਟੀ ਕਮਿਸ਼ਨਰ ਡਾ. ਪ੍ਰਸ਼ਾਂਤ ਗੋਇਲ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਹਰ ਮਹੀਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੋ ਪਲੇਸਮੈਂਟ ਕੈਂਪ ਵੀ ਆਯੋਜਿਤ ਕੀਤੇ ਜਾਂਦੇ ਹਨ ਜਿਨ੍ਹਾਂ ਵਿੱਚ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਂਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਪਲੇਸਮੈਂਟ ਕੈਂਪਾਂ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ ਤਾਂ ਜੋ ਜ਼ਿਲ੍ਹੇ ਦਾ ਕੋਈ ਵੀ ਨੌਜਵਾਨ ਬੇਰੋਜ਼ਗਾਰ ਨਾ ਰਹੇ। ਬਿਊਰੋ ਵੱਲੋਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਦੀ ਵਿਜ਼ਟ ਵੀ ਕਰਵਾਈ ਜਾਂਦੀ ਹੈ ਅਤੇ ਉਨ੍ਹਾਂ ਨੂੰ ਬਿਊਰੋ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਅਤੇ ਭਵਿੱਖ ਵਿੱਚ ਸਹੀ ਭਵਿੱਖੀ ਯੋਜਨਾਵਾਂ ਅਪਣਾਉਣ ਸਬੰਧੀ ਵੀ ਜਾਣਕਾਰੀ ਦਿੱਤੀ ਜਾਂਦੀ ਹੈ।

ਡਿਪਟੀ ਕਮਿਸ਼ਨਰ ਡਾ. ਗੋਇਲ ਨੇ ਦੱਸਿਆ ਕਿ ਇਸ ਤੋਂ ਇਲਾਵਾ ਪ੍ਰਾਰਥੀਆਂ ਦਾ ਸਾਇਕੋਮੈਟ੍ਰਿਕ ਟੈਸਟ ਵੀ ਕੀਤਾ ਜਾਂਦਾ ਹੈ ਜਿਸ ਨਾਲ ਵਿਦਿਆਰਥੀਆਂ ਦੇ ਰੁਝਾਨ ਸਬੰਧੀ ਪਤਾ ਚੱਲਦਾ ਹੈ ਅਤੇ ਉਸ ਅਨੁਸਾਰ ਹੀ ਪ੍ਰਾਰਥੀਆਂ ਨੂੰ ਰੋਜ਼ਗਾਰ ਬਾਰੇ ਪ੍ਰੇਰਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਪ੍ਰੋਗਰਾਮ ਅਧੀਨ ਸਾਰੇ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸਥਾਪਤ ਕੀਤੇ ਗਏ ਹਨ ਤਾਂ ਜੋ ਵੱਧ ਤੋਂ ਵੱਧ ਨੌਜਵਾਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਨਾਲ ਜੁੜ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਆਰਥਿਕ ਪੱਧਰ ਉੱਚਾ ਚੁੱਕ ਸਕਣ।

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਫਸਰ-ਕਮ-ਅਸਿਸਟੈਂਟ ਡਿਪਟੀ ਕਮਿਸ਼ਨਰ (ਜਨਰਲ) ਜਸਪ੍ਰੀਤ ਸਿੰਘ ਨੇ ਦੱਸਿਆ ਕਿ ਬਿਊਰੋ ਵਿੱਚ ਸਵੈ ਰੋਜ਼ਗਾਰ ਲਈ ਵੱਖ-ਵੱਖ ਵਿਭਾਗਾਂ ਵੱਲੋਂ ਦਿੱਤੇ ਜਾਂਦੇ ਕਰਜ਼ੇ ਅਤੇ ਸਹਾਇਤਾ ਰਾਸ਼ੀਆਂ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ ਜਾਂਦਾ ਹੈ। ਇਸ ਤੋਂ ਇਲਾਵਾ ਪ੍ਰਾਰਥੀਆਂ ਦੀ ਸਹਾਇਤਾ ਅਤੇ ਮਾਰਗ ਦਰਸ਼ਨ ਲਈ ਬਿਊਰੋ ਹਰ ਤਰ੍ਹਾਂ ਦੀ ਸਹੂਲਤ ਨਾਲ ਲੈਸ ਹੈ, ਜਿਸ ਵਿੱਚ ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ ਤੋਂ ਲੈ ਕੇ ਉਨ੍ਹਾਂ ਦੀ ਪਲੇਸਮੈਂਟ ਕਰਵਾਉਣ ਤੱਕ ਸਹਾਇਤਾ ਕੀਤੀ ਜਾਂਦੀ ਹੈ।

ਪ੍ਰਾਰਥੀ ਆਪਣੇ ਕੈਰੀਅਰ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਵਿਭਾਗ 'ਚ ਤਾਇਨਾਤ ਕੈਰੀਅਰ ਕਾਊਂਸਲਰ ਨੂੰ ਕਿਸੇ ਵੀ ਕੰਮ ਵਾਲੇ ਦਿਨ ਮਿਲ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪ੍ਰਾਰਥੀਆਂ ਨੂੰ ਸਹੀ ਜਾਣਕਾਰੀ ਦੇਣ ਅਤੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਿਭਾਗ ਵਿੱਚ ਪਲੇਸਮੈਂਟ ਅਫਸਰ ਵੀ ਤਾਇਨਾਤ ਕੀਤੇ ਗਏ ਹਨ। ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਤੇ ਟਰੇਨਿੰਗ ਅਫਸਰ ਸ਼੍ਰੀਮਤੀ ਅਰਵਿੰਦਰਪ੍ਰੀਤ ਕੌਰ ਨੇ ਵੀ ਸਵੈ ਰੋਜ਼ਗਾਰ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ।