ਸਮਾਰਟ ਵਿਲੇਜ ਸਕੀਮ ਤਹਿਤ 31 ਪਿੰਡਾਂ 'ਚ ਖਰਚੇ ਜਾ ਰਹੇ 27 ਕਰੋੜ ਰੁਪਏ--ਡੀ.ਸੀ ਗੋਇਲ

Last Updated: Jun 12 2019 11:11
Reading time: 1 min, 31 secs

ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ 'ਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਸਮਾਰਟ ਵਿਲੇਜ਼ ਸਕੀਮ ਸ਼ੁਰੂ ਕੀਤੀ ਗਈ ਹੈ। ਸਮਾਰਟ ਵਿਲੇਜ਼ ਸਕੀਮ ਤਹਿਤ ਜਿਲ੍ਹਾ ਫਤਹਿਗੜ ਸਾਹਿਬ ਦੇ 31 ਪਿੰਡਾਂ 'ਚ ਸਰਵਪੱਖੀ ਵਿਕਾਸ ਲਈ 27 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਪਰੋਕਤ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਡਾ.ਪ੍ਰਸ਼ਾਂਤ ਕੁਮਾਰ ਗੋਇਲ ਨੇ ਦੱਸਿਆ ਕਿ ਸਮਾਰਟ ਵਿਲੇਜ਼ ਸਕੀਮ ਤਹਿਤ ਚੁਣੇ ਗਏ ਪਿੰਡਾਂ 'ਚ ਵਿਕਾਸ ਕਾਰਜ਼ ਕਰਵਾਕੇ ਪਿੰਡਾਂ ਦੀ ਨੁਹਾਰ ਬਦਲ ਦਿੱਤੀ ਜਾਵੇਗੀ ਅਤੇ ਲੋਕਾਂ ਨੂੰ ਹਰੇਕ ਪ੍ਰਕਾਰ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਡਾ.ਪ੍ਰਸ਼ਾਂਤ ਗੋਇਲ ਨੇ ਦੱਸਿਆ ਕਿ ਪਿੰਡਾਂਦੀ ਨੁਹਾਰ ਬਦਲਣ ਲਈ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਕੀਮ ਤਹਿਤ ਪਿੰਡਾਂ 'ਚ ਸੀਵਰੇਜ ਸਿਸਟਮ, ਟੋਭਿਆਂ ਦੀ ਕਾਇਆ ਕਲਪ, ਗਲੀਆਂ, ਨਾਲੀਆਂ ਪੱਕੀਆਂ ਕਰਨਾ, ਪਾਰਕਾਂ ਦਾ ਨਿਰਮਾਣ, ਖੇਡ ਮੈਦਾਨ, ਸਟੇਡੀਅਮ, ਜਿਮਨੇਜ਼ੀਅਮ, ਕਮਿਊਨਿਟੀ ਹਾਲ, ਗ੍ਰਾਮ ਸਭਾ ਹਾਲ, ਧਰਮਸ਼ਾਲਾ, ਸਟਰੀਟ ਲਾਈਟਾਂ, ਪਿੰਡਾਂ ਦੀਆਂ ਪ੍ਰਮੁੱਖ ਥਾਵਾਂ ਤੇ ਸੀ.ਸੀ.ਟੀ.ਵੀ ਕੈਮਰੇ ਲਗਾਉਣੇ, ਬੱਸ ਸ਼ੈਲਟਰਾਂ ਦੀ ਉਸਾਰੀ, ਸਮਸ਼ਾਨਘਾਟ ਜਾਂ ਕਬਰਿਸਤਾਨ, ਪੀਣ ਵਾਲੇ ਪਾਣੀ ਦੀ ਸਪਲਾਈ, ਲਾਇਬਰੇਰੀ, ਕੂੜਾ ਕਰਕਟ ਦੀ ਉਚਿਤ ਸੰਭਾਲ, ਕਮਿਊਨਿਟੀ ਇਮਾਰਤਾਂ ਨੂੰ ਵਿਲੱਖਣ ਸਮਰੱਥਾ ਵਾਲੇ ਵਿਅਕਤੀਆਂ ਦੇ ਜਾਣ ਲਈ ਯੋਗ ਬਣਾਉਣਾ, ਸਕੂਲ, ਸਿਵਲ ਡਿਸਪੈਂਸਰੀ ਆਦਿ ਸਕੀਮ ਦਾ ਹਿੱਸਾ ਹਨ।

ਡੀ.ਸੀ ਡਾ.ਗੋਇਲ ਨੇ ਦੱਸਿਆ ਕਿ ਸਕੀਮ ਅਧੀਨ ਟੋਭਿਆਂ ਦੀ ਕਾਇਆ ਕਲਪ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਕਿ ਪਿੰਡਾਂ ਦੇ ਲੋਕਾਂ ਨੂੰ ਪਾਣੀ ਦੀ ਨਿਕਾਸੀ ਸਬੰਧੀ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ। ਪਿੰਡ ਦੇ ਪਾਣੀ ਨੂੰ ਸਾਫ਼ ਕਰਕੇ ਟੋਭਿਆਂ 'ਚ ਪਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਟੋਭਿਆਂ ਦਾ ਪਾਣੀ ਖੇਤਾਂ ਚ ਸਿੰਚਾਈ ਲਈ ਵੀ ਵਰਤਿਆ ਜਾ ਸਕੇਗਾ। ਇਨਾਂ ਵਿਕਾਸ ਕਾਰਜਾਂ ਨਾਲ ਸਬੰਧਿਤ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਸਕੀਮ ਤਹਿਤ ਵਿਕਾਸ ਕਾਰਜਾਂ ਸਬੰਧੀ ਚੱਲ ਰਿਹਾ ਕੰਮ ਛੇਤੀ ਮੁਕੰਮਲ ਕੀਤਾ ਜਾਵੇ ਅਤੇ ਬਾਕੀ ਵਿਕਾਸ ਕਾਰਜਾਂ ਸਬੰਧੀ ਕਾਰਵਾਈ ਫੌਰੀ ਮੁਕੰਮਲ ਕੀਤੀ ਜਾਵੇ ਤਾਂ ਕਿ ਰਹਿੰਦੇ ਵਿਕਾਸ ਕਾਰਜ ਜਲਦੀ ਸ਼ੁਰੂ ਕਰਵਾਏ ਜਾ ਸਕਣ। ਨਾਲ ਹੀ ਹਦਾਇਤ ਕੀਤੀ ਕਿ ਫੰਡਾਂ ਦੀ ਸਹੀ ਵਰਤੋਂ ਅਤੇ ਕੰਮ ਦੀ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।