ਦਿੱਲੀ ਪੁਲਿਸ ਕੇਂਦਰੀ ਗ੍ਰਹਿ ਮੰਤਰੀ ਦੇ ਅਧੀਨ, ਅਮਿਤ ਸ਼ਾਹ ਤੁਰੰਤ ਦਖਲ ਦੇ ਕੇ ਪੀੜਿਤ ਨੂੰ ਇਨਸਾਫ ਦਵਾਵੇ -ਦਮਦਮੀ ਟਕਸਾਲ

Last Updated: Jun 18 2019 10:27
Reading time: 1 min, 17 secs

ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਵਾਇਰਲ ਹੋਈ ਇੱਕ ਵੀਡੀਓ ਦੇ ਮਾਮਲੇ 'ਚ ਦਿੱਲੀ ਪੁਲਿਸ ਵੱਲੋਂ ਸਿੱਖ ਡਰਾਈਵਰ ਪਿਓ- ਪੁੱਤਰ ਦੀ ਅਣਮਨੁੱਖੀ ਢੰਗ ਨਾਲ ਕੁੱਟਮਾਰ ਕਰਨ ਦੀ ਸਖ਼ਤ ਸ਼ਬਦਾਂ ਨਾਲ ਨਿਖੇਧੀ ਕੀਤੀ ਹੈ। ਉਨ੍ਹਾਂ ਮਾਮਲੇ 'ਚ ਸ਼ਾਮਿਲ ਸਾਰੇ ਦੋਸ਼ੀ ਪੁਲੀਸ ਅਧਿਕਾਰੀਆਂ ਖ਼ਿਲਾਫ਼ ਸਖਤ ਕਾਰਵਾਈ ਕਰਨ ਅਤੇ ਕਕਾਰਾਂ ਦੀ ਬੇਅਦਬੀ ਲਈ ਵੀ ਕੇਸ ਦਰਜ ਕਰਨ ਲਈ ਕਿਹਾ। ਦਮਦਮੀ ਟਕਸਾਲ ਦੇ ਮੁਖੀ ਨੇ ਕਿਹਾ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਸਿੱਖ ਭਾਈਚਾਰੇ ਨਾਲ ਸੰਬੰਧਿਤ ਲੋਕਾਂ 'ਤੇ ਕੀਤੇ ਜਾ ਰਹੇ ਹਮਲਿਆਂ 'ਚ ਆਈ ਤੇਜ਼ੀ ਚਿੰਤਾ ਦਾ ਵਿਸ਼ਾ ਹੈ। ਦਿਲੀ ਪੁਲਿਸ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਧੀਨ ਹੈ ਜਿਸ ਲਈ ਉਨ੍ਹਾਂ ਨੂੰ ਉਕਤ ਸੰਵੇਦਨਸ਼ੀਲ ਮਾਮਲੇ 'ਚ ਤੁਰੰਤ ਦਖਲ ਦੇਣ ਅਤੇ ਘੱਟ ਗਿਣਤੀ ਸਿੱਖਾਂ 'ਤੇ ਦਿਲੀ ਸਮੇਤ ਦੇਸ਼ ਅੰਦਰ ਹੁੰਦੇ ਅਜਿਹੇ ਮਾਰੂ ਹਮਲਿਆਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਲਈ ਵੀ ਕਿਹਾ, ਤਾਂ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਦਿਲੀ ਪੁਲਿਸ ਵੱਲੋਂ ਘੱਟ ਗਿਣਤੀ ਸਿੱਖਾਂ ਨਾਲ ਅਜਿਹਾ ਅਨਿਆਂ ਪੂਰਨ ਅਤੇ ਅਣਮਨੁਖੀ ਕਾਰੇ ਨਾਲ ਸਿੱਖ ਭਾਈਚਾਰੇ ਵਿੱਚ ਰੋਸ ਦੀ ਲਹਿਰ ਹੈ। ਜਿਸ ਨੇ ਕਿ ਸਿੱਖਾਂ ਅੰਦਰ ਬੇਗਾਨਗੀ ਦੀ ਭਾਵਨਾ ਪੈਦਾ ਕੀਤੀ ਹੈ। ਉਕਤ ਸਿੱਖ ਪਿਓ ਪੁੱਤਰ ਵੱਲੋਂ ਕਿਸੇ ਮਾਮਲੇ ਵਿੱਚ ਕੋਈ ਕਾਨੂੰਨ ਦੀ ਉਲੰਘਣਾ ਹੋਈ ਹੈ, ਤਾਂ ਉਸ ਨਾਲ ਕਾਨੂੰਨੀ ਢੰਗ ਨਾਲ ਹੀ ਨਜਿੱਠਿਆ ਜਾਣਾ ਚਾਹੀਦਾ ਸੀ, ਨਾ ਕਿ ਸ਼ਰੇਆਮ ਅਣਮਨੁੱਖੀ ਵਰਤਾਰੇ ਨੂੰ ਅੰਜਾਮ ਦੇ ਕੇ। ਉਨ੍ਹਾਂ ਸਰਕਾਰਾਂ ਨੇ ਅਪੀਲ ਕੀਤੀ ਕਿ ਉਹ ਆਪਣੇ ਅਧਿਕਾਰੀਆਂ ਨੂੰ ਇਹ ਸਖ਼ਤੀ ਨਾਲ ਹਦਾਇਤ ਕਰਨ ਕਿ ਕਿਸੇ ਵੀ ਘਟ ਗਿਣਤੀ ਲੋਕਾਂ ਨਾਲ ਧੱਕਾ ਨਾ ਹੋਵੇ। ਉਨ੍ਹਾਂ ਸਿੱਖ ਭਾਈਚਾਰੇ ਨੂੰ ਆਪਣੇ ਨਾਲ ਹੋ ਰਹੇ ਅਨਿਆਂ ਨੂੰ ਰੋਕਣ ਲਈ ਇੱਕਜੁੱਟ ਹੋਣ ਕੇ ਅਵਾਜ਼ ਉਠਾਉਣ ਦੀ ਵੀ ਅਪੀਲ ਕੀਤੀ ਹੈ।