ਜਾਗਰੂਕਤਾ ਰੈਲੀ ਕੱਢ ਕੇ ਵਿਦਿਆਰਥੀਆਂ ਨੇ ਦਿੱਤਾ ਆਬਾਦੀ ਕੰਟਰੋਲ ਕਰਨ ਦਾ ਸੰਦੇਸ਼

Last Updated: Jul 12 2019 18:41
Reading time: 1 min, 44 secs

ਦਿਨੋਂ ਦਿਨ ਵੱਧ ਰਹੀ ਆਬਾਦੀ ਨੂੰ ਸਥਿਰ ਕਰਨ ਪ੍ਰਤੀ ਲੋਕਾਂ ਨੂੰ ਪਰਿਵਾਰ ਨਿਯੋਜਨ ਸਬੰਧੀ ਜਾਗਰੂਕ ਕਰਨ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ 11 ਤੋਂ 24 ਜੁਲਾਈ ਤੱਕ ਮਨਾਏ ਜਾ ਰਹੇ ਆਬਾਦੀ ਸਥਿਰਤਾ ਪੰਦਰਵਾੜੇ ਦੇ ਤਹਿਤ ਜ਼ਿਲ੍ਹਾ ਹਸਪਤਾਲ ਤੋਂ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਸਿਵਲ ਸਰਜਨ ਡਾ. ਐਨ.ਕੇ ਅਗਰਵਾਲ ਨੇ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਜਾਗਰੂਕਤਾ ਰੈਲੀ ਦੌਰਾਨ ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਦੇ ਨਰਸਿੰਗ ਵਿਦਿਆਰਥੀਆਂ ਨੇ ਭਾਗ ਲਿਆ। ਇਹ ਰੈਲੀ ਸਿਵਲ ਹਸਪਤਾਲ 'ਚੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਲੋਕਾਂ ਨੂੰ ਜਾਗਰੂਕਤਾ ਸੰਦੇਸ਼ ਦਿੰਦੇ ਹੋਏ ਵਾਪਸ ਹਸਪਤਾਲ ਪਹੁੰਚ ਕੇ ਸਮਾਪਤ ਹੋਈ।

ਇਸ ਮੌਕੇ ਸਿਵਲ ਸਰਜਨ ਡਾ. ਐਨ.ਕੇ ਅਗਰਵਾਲ ਨੇ ਕਿਹਾ ਕਿ ਦਿਨੋਂ ਦਿਨ ਵੱਧ ਰਹੀ ਆਬਾਦੀ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਵੱਡੀ ਰੁਕਾਵਟ ਬਣਦੀ ਹੈ। ਇਸ ਲਈ ਆਬਾਦੀ ਤੇ ਨਿਯੰਤਰਣ ਪਾਉਣਾ ਬਹੁਤ ਜ਼ਰੂਰੀ ਹੈ। ਲੋਕਾਂ ਨੂੰ ਪਰਿਵਾਰ ਨਿਯੋਜਨ ਸਬੰਧੀ ਜਾਗਰੂਕ ਕਰਨ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਆਬਾਦੀ ਸਥਿਰਤਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ ਅਤੇ ਇਸ ਪੰਦਰਵਾੜੇ ਦੌਰਾਨ ਆਬਾਦੀ ਨੂੰ ਕੰਟਰੋਲ ਕਰਨ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਆਬਾਦੀ 'ਚ ਵਾਧਾ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਗੰਭੀਰ ਨਤੀਜੇ ਨਿਕਲਣਗੇ ਅਤੇ ਇਹ ਵਾਧਾ ਦੇਸ਼ ਦੀ ਤਰੱਕੀ 'ਚ ਵੱਡੀ ਰੁਕਾਵਟ ਬਣੇਗਾ। ਇਸ ਲਈ ਇਹ ਇੱਕ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ ਅਤੇ ਹਰੇਕ ਵਿਅਕਤੀ ਨੂੰ ਇਹ ਵਾਧਾ ਰੋਕਣ ਲਈ ਗੰਭੀਰ ਯਤਨ ਕਰਨੇ ਚਾਹੀਦੇ ਹਨ।

ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਅਰੁਣ ਸਾਗਰ ਨੇ ਦੱਸਿਆ ਕਿ ਇੱਕ ਪਰਿਵਾਰ ਲਈ ਦੋ ਬੱਚੇ ਹੀ ਕਾਫੀ ਹਨ। ਉਨ੍ਹਾਂ ਛੋਟੇ ਪਰਿਵਾਰ ਰੱਖਣ ਲਈ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਵੀ ਜਾਣਕਾਰੀ ਦਿੱਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਦੇਸ਼ ਦੀ ਤਰੱਕੀ ਤੇ ਖੁਸ਼ਹਾਲੀ ਲਈ ਆਪਣੇ ਪਰਿਵਾਰ ਨੂੰ ਸੀਮਤ ਰੱਖਣ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਕ੍ਰਿਪਾਲ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਗਦੀਸ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ. ਤਰਸੇਮ ਖੁਰਾਣਾ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਕਸ਼ੀਤਿਜ ਸ਼ੀਮਾ, ਜਸਵੀਰ ਕੌਰ, ਹਰਮੀਤ ਕੌਰ, ਇੰਦਰਜੀਤ ਕੌਰ, ਬਲਵਿੰਦਰ ਸਿੰਘ, ਮੋਨਿਕਾ ਚੀਮਾ ਆਦਿ ਤੋਂ ਇਲਾਵਾ ਨਰਸਿੰਗ ਵਿਦਿਆਰਥੀਆਂ ਦੇ ਨਾਲ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।