ਜ਼ਿਲ੍ਹੇ ਅੰਦਰ ਸਮਾਜ ਸੇਵੀ ਸੰਸਥਾਵਾਂ ਵਾਤਾਵਰਣ ਦੀ ਸੰਭਾਲ ਲਈ ਪਾ ਰਹੀਆਂ ਨੇ ਯੋਗਦਾਨ

Last Updated: Aug 22 2019 14:16
Reading time: 2 mins, 7 secs

ਸ਼੍ਰੀ ਗੁਰੂ ਨਾਨਕ ਦੇਵ ਦੀ ਜੇ 550ਵੇਂ ਸਾਲਾ ਗੁਰਪੁਰਬ ਨੂੰ ਸਮਰਪਿਤ ਹਰ ਪਿੰਡ ਵਿੱਚ 550-550 ਪੌਦੇ ਲਗਾਉਣ ਦੀ ਮੁਹਿੰਮ ਤਹਿਤ ਜੰਗਲਾਤ ਵਿਭਾਗ, ਸਮਾਜ ਸੇਵੀ ਸੰਸਥਾਵਾਂ ਤੇ ਵੱਖ-ਵੱਖ ਵਿਭਾਗਾਂ ਵਲੋਂ ਪੌਦੇ ਲਗਾਉਣ ਦੀ ਮੁਹਿੰਮ ਵਿੱਢੀ ਗਈ ਹੈ ਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਦੇ ਮੰਤਵ ਨਾਲ ਪੌਦੇ ਲਗਾਏ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਜਰਨੈਲ ਸਿੰਘ ਬਾਠ ਵਣ ਮੰਡਲ ਅਫ਼ਸਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉੱਜਵਲ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ ਤੇ ਜੰਗਲਾਤ ਵਿਭਾਗ ਵਲੋਂ ਇਸ ਤਹਿਤ ਪਿੰਡਾਂ ਅੰਦਰ ਪੌਦੇ ਲਗਾਏ ਜਾ ਰਹੇ ਹਨ। ਇਸ ਮੌਕੇ ਬਿਕਰਮਜੀਤ ਸਿੰਘ ਰੇਂਜ ਅਫ਼ਸਰ ਗੁਰਦਾਸਪੁਰ ਵੀ ਮੌਜੂਦ ਸਨ।

ਉਨ੍ਹਾਂ ਨੇ ਅੱਗੇ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਵਾਤਾਵਰਣ ਨੂੰ ਹਰਿਆ-ਭਰਿਆ ਰੱਖਣ ਅਤੇ ਦਿਨੋਂ ਦਿਨ ਪਲੀਤ ਹੋ ਰਹੇ ਵਾਤਾਵਰਣ ਨੂੰ ਸਵੱਛ ਬਣਾਉਣ ਦੇ ਮੰਤਵ ਨਾਲ ਰਾਜ ਭਰ ਅੰਦਰ ਪੌਦੇ ਲਗਾਉਣ ਦੀ ਮੁਹਿੰਮ ਵਿੱਢੀ ਹੈ। ਜ਼ਿਲ੍ਹੇ ਦੇ ਕਰੀਬ 300 ਪਿੰਡਾਂ ਅੰਦਰ 550-550 ਪੌਦੇ ਲਗਾਏ ਜਾ ਚੁੱਕੇ ਹਨ ਅਤੇ 300 ਹੋਰ ਪਿੰਡਾਂ ਅੰਦਰ ਪੌਦੇ ਲਗਾਉਣ ਦੀ ਮੁਹਿੰਮ ਜਾਰੀ ਹੈ। ਜੰਗਲਾਤ ਵਿਭਾਗ ਵਲੋਂ ਇਸ ਚਾਲੂ ਸੀਜ਼ਨ ਦੌਰਾਨ ਜ਼ਿਲ੍ਹੇ ਅੰਦਰ 2 ਲੱਖ 90 ਹਜ਼ਾਰ ਪੌਦੇ ਲਗਾਉਣ ਦੀ ਮੁਹਿੰਮ ਤੇਜ਼ੀ ਨਾਲ ਵਿੱਢੀ ਗਈ ਹੈ ਤੇ ਕਰੀਬ 90 ਫ਼ੀਸਦੀ ਪੌਦੇ ਲਗਾਉਣ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਪਹਿਲੀ ਜੁਲਾਈ ਤੋਂ ਲੈ ਕੇ 30 ਸਤੰਬਰ 2019 ਤੱਕ ਪੌਦੇ ਲਗਾਏ ਜਾਣਗੇ ਅਤੇ 30 ਸਤੰਬਰ 2019 ਤੋਂ ਬਾਅਦ ਪੌਦਿਆਂ ਦੀ ਸਾਂਭ-ਸੰਭਾਲ ਕੀਤੀ ਜਾਵੇਗੀ।

ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਕਰਨ ਲਈ ਜਾਗਰੂਕਤਾ ਪ੍ਰੋਗਰਾਮ ਵੀ ਕੀਤੇ ਗਏ ਹਨ। ਜ਼ਿਲ੍ਹੇ ਅੰਦਰ ਲੋਕਾਂ ਦੇ ਨਾਲ ਸਮਾਜ ਸੇਵੀ ਸੰਸਥਾਵਾਂ ਵਲੋਂ ਵੀ ਪੌਦੇ ਲਗਾਉਣ ਦੀ ਮੁਹਿੰਮ ਵਿੱਢੀ ਗਈ ਹੈ ਅਤੇ ਸੋਸ਼ਲ ਵੈੱਲਫੇਅਰ ਸੁਸਾਇਟੀ ਨਾਨੋਵਾਲ ਖ਼ੁਰਦ ਦੇ ਪ੍ਰਧਾਨ ਜੋਗਿੰਦਰ ਸਿੰਘ ਨਾਨੋਵਾਲੀਆਂ ਗੁਰਦਾਸਪੁਰ ਦੀ ਅਗਵਾਈ ਵਿੱਚ ਪਿੰਡ ਦੀਆਂ ਸਾਂਝੀਆਂ ਥਾਵਾਂ ਤੇ ਪੌਦੇ ਲਗਾਏ ਗਏ ਹਨ। ਉਨ੍ਹਾਂ ਨੇ ਅੱਗੇ ਦੱਸਿਆ ਕਿ ਜੰਗਲਾਤ ਵਿਭਾਗ ਵਲੋਂ ਸ਼ੁਰੂ ਕੀਤੀ ਗਈ 'ਆਈ-ਹਰਿਆਲੀ' ਐਪ (@i-8ariyali@ app) ਨੂੰ ਹੁਣ ਤੱਕ ਸੂਬੇ ਦੇ ਲੱਖਾਂ ਨਾਗਰਿਕ ਆਪਣੇ ਐਂਡਰਾਇਡ ਫੋਨਾਂ ਰਾਹੀਂ ਡਾਊਨਲੋਡ ਕਰ ਚੁੱਕੇ ਹਨ ਅਤੇ ਵਿਭਾਗ ਵਲੋਂ  ਸਬੰਧਤਾਂ ਨੂੰ ਬੂਟੇ ਮੁਹੱਈਆ ਕਰਵਾਏ ਗਏ ਹਨ। 

ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜੰਗਲਾਤ ਵਿਭਾਗ ਕਦਮ-ਦਰ ਕਦਮ ਅੱਗੇ ਵੱਧ ਰਿਹਾ ਹੈ। ਜ਼ਿਲ੍ਹੇ 'ਚ ਹਰਿਆਲੀ ਵਧਾਉਣ ਲਈ ਵੱਖ-ਵੱਖ ਖੇਤਰਾਂ ਦੀ ਪਛਾਣ ਕਰਕੇ ਉੱਥੇ ਬੂਟੇ ਲਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜੰਗਲਾਤ ਵਿਭਾਗ ਵਲੋਂ ਲੋਕਾਂ ਨੂੰ ਬੂਟੇ ਲਾਉਣ ਲਈ ਪ੍ਰੇਰਿਤ ਕਰਨ ਹਿੱਤ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਤੱਕ ਹੋਰ ਪਹੁੰਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਆਮ ਲੋਕਾਂ, ਸਮਾਜਿਕ ਤੇ ਧਾਰਮਿਕ ਸੰਸਥਾਵਾਂ ਅਤੇ ਯੂਥ ਕਲੱਬਾਂ ਆਦਿ ਨੂੰ ਵੱਧ ਤੋਂ ਵੱਧ ਬੂਟੇ ਲਾ ਕੇ ਮਨੁੱਖਤਾ ਦੇ ਭਲਾਈ ਵਾਲੇ ਇਸ ਕਾਰਜ 'ਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ।