ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਅਗਾਂਹਵਧੂ ਕਿਸਾਨਾਂ ਦੀਆਂ ਸੁਣੀਆਂ ਸਮੱਸਿਆਵਾਂ

Last Updated: Sep 18 2019 17:38
Reading time: 2 mins, 15 secs

ਖੇਤੀਬਾੜੀ ਅਤੇ ਹੋਰ ਸੰਬੰਧਿਤ ਵਿਭਾਗਾਂ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮਾਸਿਕ ਮੀਟਿੰਗ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿੱਚ ਸ੍ਰੀ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)  ਪਠਾਨਕੋਟ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀ ਬਾੜੀ ਅਫ਼ਸਰ ਪਠਾਨਕੋਟ,  ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫ਼ਸਰ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫ਼ਸਰ ਪਠਾਨਕੋਟ , ਗੁਰਿੰਦਰ ਸਿੰਘ ਰੰਧਾਵਾ ਮੱਛੀ ਪਾਲਣ ਅਫ਼ਸਰ, ਗੁਰਪ੍ਰੀਤ ਸਿੰਘ ਭੁੱਮੀ ਰੱਖਿਆ ਅਫ਼ਸਰ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਅਗਾਂਹਵਧੂ ਕਿਸਾਨ ਰਤਨ ਚੰਦ, ਰਘੁਨਾਥ ਸਿੰਘ, ਰਘੁਵੀਰ ਸਿੰਘ, ਕਰਤਾਰ ਚੰਦ, ਧਰਮ ਸਿੰਘ, ਗੋਰਭ ਕੁਮਾਰ ਆਦਿ ਵੀ ਹਾਜ਼ਰ ਸਨ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹਾ ਪਠਾਨਕੋਟ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਜਲਾਉਣ ਲਈ ਜਾਗਰੂਕ ਕਰਨ ਦੇ ਲਈ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਕਿਸਾਨਾਂ ਵੱਲੋਂ ਵੀ ਇਸ ਦਾ ਪੂਰਨ ਸਮਰਥਨ ਕੀਤਾ ਜਾ ਰਿਹਾ ਹੈ। ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਲਈ ਜ਼ਿਲ੍ਹਾ ਪੱਧਰ 'ਤੇ 1, ਬਲਾਕ ਪੱਧਰ ਤੇ 4 ਅਤੇ ਪਿੰਡ ਪੱਧਰ ਤੇ 40 ਕੈਂਪ ਲਗਾਏ ਗਏ। ਉਨ੍ਹਾਂ ਦੱਸਿਆ ਕਿ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਕਿਹਾ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਸਰਵਿਸ ਤਹਿਤ ਬੀਜਾਂ ਦੇ 67 ਸੈਂਪਲ, ਐਕਟ ਅਧੀਨ ਬੀਜਾਂ ਦੇ 46 ਸੈਂਪਲ, ਕੀੜੇਮਾਰ ਦਵਾਈਆਂ ਦੇ 15 ਸੈਂਪਲ  ਅਤੇ ਖਾਦਾਂ ਦੇ 26 ਸੈਂਪਲ ਲਏ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਖਾਦਾਂ ਅਤੇ ਕੀੜੇਮਾਰ ਦਵਾਈਆਂ ਦੀ ਸੁਚੱਜੀ ਵਰਤੋਂ ਲਈ ਪਿੰਡ ਪੱਧਰੀ, ਬਲਾਕ ਪੱਧਰੀ ਕੈਂਪ ਲਗਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਮੀਟਿੰਗ ਦੌਰਾਨ ਅਗਾਂਹਵਧੂ ਕਿਸਾਨ ਸ੍ਰੀ ਰਤਨ ਚੰਦ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਵੱਲੋਂ ਮਹਿੰਗੇ ਰੇਟ ਦਾ ਮੱਕੀ ਦਾ ਬੀਜ ਲੈ ਕੇ ਮੱਕੀ ਦੀ ਬਿਜਾਈ ਕੀਤੀ ਗਈ ਹੈ ਪਰ ਕਿਸਾਨਾਂ ਨੂੰ ਮੱਕੀ ਦਾ ਪੂਰਨ ਮੁੱਲ ਨਹੀਂ ਮਿਲਦਾ ਅਤੇ ਇਸ ਤੋਂ ਇਲਾਵਾ ਮੱਕੀ ਦੇ ਬੀਜ ਤੇ ਸਬਸਿਡੀ ਦਿੱਤੀ ਜਾਣੀ ਚਾਹੀਦੀ ਹੈ। ਇਸ ਮੌਕੇ 'ਤੇ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਭਰੋਸਾ ਦਵਾਇਆ ਕਿ  ਕਿਸਾਨਾਂ ਵੱਲੋਂ ਰੱਖੀ ਗਈ ਮੰਗ ਕਿ ਮੱਕੀ ਦੀ ਕੀਮਤ ਨਿਰਧਾਰਿਤ ਕੀਤੀ ਜਾਵੇ ਅਤੇ ਜ਼ਿਲ੍ਹਾ ਪਠਾਨਕੋਟ ਅੰਦਰ ਮੱਕੀ ਦੀ ਖ਼ਰੀਦ ਕਰਨ ਲਈ ਏਜੰਸੀਆਂ ਨੂੰ ਲਗਾਇਆ ਜਾਵੇ । ਇਸ ਤੋਂ ਇਲਾਵਾ ਅਗਰ ਕਿਸਾਨ ਨੇ ਮੱਕੀ ਦੇ ਬੀਜ ਦੀ ਖ਼ਰੀਦ ਕੀਤੀ ਹੈ ਤਾਂ ਉਹ ਵਿਭਾਗ ਨੂੰ ਬਿਲ ਦੇ ਸਕਦਾ ਹੈ ਸਕੀਮ ਅਨੁਸਾਰ ਬਣਦੀ ਸਬਸਿਡੀ ਦੀ ਰਕਮ ਉਨ੍ਹਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ। ਅਗਾਂਹਵਧੂ ਕਿਸਾਨ ਗੋਰਭ ਕੁਮਾਰ ਨੇ ਕਿਹਾ ਕਿ ਮਾਰਕਿਟ ਵਿੱਚ ਨਕਲੀ ਦੁੱਧ ਦੇ ਕਾਰਨ ਦੁੱਧ ਦੀਆਂ ਕੀਮਤਾਂ ਵਿੱਚ ਗਿਰਾਵਟ ਆ ਰਹੀ ਹੈ ਜਿਸ ਕਾਰਨ ਪਸੂ ਪਾਲਕ ਕਿਸਾਨਾਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਹੈ ਇਸ ਲਈ ਪ੍ਰਸ਼ਾਸਨ ਨੂੰ ਨਕਲੀ ਦੁੱਧ ਬਣਾਉਣ ਵਾਲਿਆਂ ਤੇ ਠੋਸ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਕਿਸਾਨਾਂ ਦੀ ਆਰਥਿਕ ਹਾਲਤ ਵਿੱਚ ਸੁਧਾਰ ਹੋ ਸਕੇ। ਸ੍ਰੀ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਕਿਹਾ ਕਿ ਇਸ ਮੰਗ ਤੇ ਵਿਚਾਰ ਕਰਦਿਆਂ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ।