ਮੈਗਾ ਰੋਜ਼ਗਾਰ ਮੇਲੇ 'ਚ ਹੋਈ 606 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ !!!

Last Updated: Sep 20 2019 19:07
Reading time: 2 mins, 29 secs

ਸਰਕਾਰ ਵੱਲੋਂ ਚਲਾਏ ਗਏ ਘਰ-ਘਰ ਰੋਜ਼ਗਾਰ ਮਿਸ਼ਨ ਦੇ ਤਹਿਤ ਬੇਰੋਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਦੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਦੇਵ ਸਮਾਜ ਕਾਲਜ ਫਾਰ ਵੂਮੈਨ ਫਿਰੋਜ਼ਪੁਰ ਵਿੱਚ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਰੋਜ਼ਗਾਰ ਮੇਲੇ ਦਾ ਉਦਘਾਟਨ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਅਤੇ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਸ਼ਮਾ ਰੌਸ਼ਨ ਕਰਕੇ ਕੀਤਾ। ਕਾਲਜ ਵਿੱਚ ਪਹੁੰਚਣ 'ਤੇ ਪ੍ਰਿੰਸੀਪਲ ਮੈਡਮ ਮਧੂ ਪ੍ਰਾਸ਼ਰ ਨੇ ਬੁੱਕੇ ਦੇ ਕੇ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਦਾ ਸਵਾਗਤ ਕੀਤਾ। ਇਸ ਰੋਜ਼ਗਾਰ ਮੇਲੇ ਵਿੱਚ ਵੱਖ-ਵੱਖ 17 ਕੰਪਨੀਆਂ ਵੱਲੋਂ 606 ਯੋਗ ਨੌਜਵਾਨਾਂ ਦੀ ਨੌਕਰੀ ਲਈ ਚੋਣ ਕੀਤੀ ਗਈ। ਜ਼ਿਲ੍ਹੇ ਵਿੱਚ 26 ਸਤੰਬਰ ਤੱਕ ਵੱਖ-ਵੱਖ ਸਥਾਨਾਂ ਤੇ ਰੋਜ਼ਗਾਰ ਮੇਲੇ ਆਯੋਜਿਤ ਹੋਣਗੇ। ਰੋਜ਼ਗਾਰ ਮੇਲੇ ਦੌਰਾਨ ਬੇਰੋਜ਼ਗਾਰ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਸਰਕਾਰ ਵੱਲੋਂ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਦੇਣ ਦੇ ਮਕਸਦ ਨਾਲ ਘਰ-ਘਰ ਰੋਜ਼ਗਾਰ ਮੁਹਿੰਮ ਚਲਾਈ ਗਈ ਹੈ।

ਇਸ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਦੇਵ ਸਮਾਜ ਕਾਲਜ ਫਾਰ ਵੂਮੈਨ ਵਿਖੇ ਮੈਗਾ ਰੋਜ਼ਗਾਰ ਮੇਲਾ ਲਗਾਇਆ ਗਿਆ ਹੈ। ਉਨ੍ਹਾਂ ਨੇ ਕਾਲਜ ਮੈਨੇਜਮੈਂਟ ਵੱਲੋਂ ਪ੍ਰਭਾਵਸ਼ਾਲੀ ਢੰਗ ਨਾਲ ਕੀਤੀਆਂ ਗਈਆਂ ਮੇਲੇ ਦੀਆਂ ਤਿਆਰੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਆਸ ਪ੍ਰਗਟ ਕਰਦਿਆਂ ਕਿਹਾ ਕਿ ਸਾਡੇ ਨੌਜਵਾਨ ਬੱਚੇ ਇੱਥੋਂ ਨੌਕਰੀ ਪ੍ਰਾਪਤ ਕਰਕੇ ਪੂਰੇ ਹਿੰਦੁਸਤਾਨ ਵਿੱਚ ਅਜਿਹੇ ਮੇਲੇ ਲਗਾਉਣਗੇ ਅਤੇ ਫਿਰੋਜ਼ਪੁਰ ਦਾ ਨਾਮ ਰੌਸ਼ਨ ਕਰਨਗੇ। ਡਿਪਟੀ ਕਮਿਸ਼ਨਰ ਚੰਦਰ ਗੈਂਦ ਵੱਲੋਂ ਰੋਜ਼ਗਾਰ ਮੇਲੇ ਲਈ ਕੀਤੀਆਂ ਗਈਆਂ ਤਿਆਰੀਆਂ ਤੇ ਤਸੱਲੀ ਜਤਾਈ ਗਈ। ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਭਾਗ ਵੱਲੋਂ ਆਯੋਜਿਤ ਹੋਏ ਇਸ ਰੋਜ਼ਗਾਰ ਮੇਲੇ ਵਿੱਚ ਕੁੱਲ 935 ਪ੍ਰਾਰਥੀਆਂ ਨੇ ਫਾਰਮ ਭਰੇ, ਜਿਸ ਵਿੱਚੋਂ 606 ਯੋਗ ਵਿਦਿਆਰਥੀਆਂ ਨੂੰ ਨੌਕਰੀਆਂ ਦੇ ਲਈ ਸਿਲੈਕਟ ਕੀਤਾ ਗਿਆ ਹੈ, ਇਸ ਤੋਂ ਇਲਾਵਾ 414 ਪ੍ਰਾਰਥੀਆਂ ਨੂੰ ਸਵੈਰੋਜ਼ਗਾਰ ਲਈ ਵਿੱਤੀ ਸਹਾਇਤਾ ਲਈ ਚੁਣਿਆ ਗਿਆ।

ਇਸ ਰੋਜ਼ਗਾਰ ਮੇਲੇ ਵਿੱਚ ਕੁੱਲ 17 ਕੰਪਨੀਆਂ ਨੇ ਆਪਣੇ-ਆਪਣੇ ਕਾਊਂਟਰ ਲਗਾ ਕੇ ਇੰਟਰਵਿਊ ਕੀਤੀ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਸਰਾਹਨਾ ਕਰਦੇ ਹੋਏ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਇਸ ਰੋਜ਼ਗਾਰ ਮੇਲੇ ਵਿੱਚ ਸਫ਼ਲ ਹੋਣ ਵਾਲੇ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਆਪਣੀ ਨਵੀਂ ਜ਼ਿੰਦਗੀ ਸ਼ੁਰੂ ਕਰਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਲਗਾਤਾਰ ਹੋਣ ਵਾਲੇ ਰੋਜ਼ਗਾਰ ਮੇਲਿਆਂ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਾਰੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦਾ ਸੁਪਨਾ ਜਲਦ ਪੂਰਾ ਹੋ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੈਗਾ ਰੋਜ਼ਗਾਰ ਮੇਲਿਆਂ ਵਿੱਚ ਵੱਖ-ਵੱਖ ਕੰਪਨੀਆਂ ਹਿੱਸਾ ਲੈ ਰਹੀਆਂ ਹਨ, ਜਿਨ੍ਹਾਂ ਵੱਖ-ਵੱਖ ਅਸਾਮੀਆਂ ਤੇ ਯੋਗਤਾ ਦੇ ਅਧਾਰ 'ਤੇ ਨੌਜਵਾਨਾਂ ਨੂੰ ਭਰਤੀ ਕੀਤੇ ਜਾਣਾ ਹੈ।

ਉਨ੍ਹਾਂ ਦੱਸਿਆ ਕਿ 23 ਅਤੇ 24 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਟੈਕਨੀਕਲ ਕਾਲਜ ਅਤੇ 26 ਸਤੰਬਰ ਨੂੰ ਸ਼ਹੀਦ ਊਧਮ ਸਿੰਘ ਪੰਜਾਬ ਯੂਨੀਵਰਸਿਟੀ ਕਾਲਜ ਅਤੇ ਸਰਕਾਰੀ ਕਾਲਜ ਜ਼ੀਰਾ ਵਿੱਚ ਰੋਜ਼ਗਾਰ ਮੇਲੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਵੀ ਪ੍ਰਮੁੱਖ ਕੰਪਨੀਆਂ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਰੋਜ਼ਗਾਰ ਮੇਲੇ ਵਿੱਚ ਲਿਆਂਦਾ ਗਿਆ ਹੈ ਅਤੇ ਘਰ-ਘਰ ਯੋਜਨਾ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਲੈਣ ਲਈ ਇਹ ਸੁਨਹਿਰੀ ਮੌਕਾ ਦਿੱਤਾ ਜਾ ਰਿਹਾ ਹੈ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਅਧਿਕਾਰੀ ਅਸ਼ੋਕ ਜਿੰਦਲ ਨੇ ਦੱਸਿਆ ਕਿ ਵਿਭਾਗ ਵੱਲੋਂ ਇਨ੍ਹਾਂ ਮੇਲਿਆਂ ਵਿੱਚ ਕਰੀਬ 7 ਹਜ਼ਾਰ ਨੌਜਵਾਨਾਂ ਨੂੰ ਭਰਤੀ ਕਰਨ ਦਾ ਟੀਚਾ ਮਿਥਿਆ ਗਿਆ ਹੈ ਜਿਸ ਲਈ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਮੇਲੇ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਪਲੇਸਮੈਂਟ ਅਫ਼ਸਰ ਗੁਰਜੰਟ ਸਿੰਘ, ਸਰਬਜੀਤ ਸਿੰਘ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਅਤੇ ਨੌਕਰੀ ਪ੍ਰਾਪਤ ਕਰਨ ਆਏ ਨੌਜਵਾਨ ਭਾਰੀ ਗਿਣਤੀ ਵਿੱਚ ਹਾਜ਼ਰ ਸਨ।