ਸੁਲਤਾਨਪੁਰ ਲੋਧੀ ਤੋਂ ਵਾਇਆ ਬਾਬਾ ਬਕਾਲਾ, ਮਹਿਤਾ, ਬਟਾਲਾ ਰਾਹੀਂ ਡੇਰਾ ਬਾਬਾ ਨਾਨਕ ਤੱਕ 33 ਫੁੱਟ ਚੌੜੀ ਬਣੇਗੀ ਸੜਕ- ਤ੍ਰਿਪਤ ਬਾਜਵਾ

Last Updated: Oct 09 2019 17:37
Reading time: 1 min, 35 secs

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਉਚੇਰੀ ਸਿੱਖਿਆ ਅਤੇ ਪਸ਼ੂ ਪਾਲਣ ਵਿਭਾਗਾਂ ਦੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਤੋਂ ਡੇਰਾ ਬਾਬਾ ਨਾਨਕ ਤੱਕ ਵਾਇਆ ਬਾਬਾ ਬਕਾਲਾ, ਮਹਿਤਾ, ਬਟਾਲਾ ਸੜਕ ਨੂੰ 33 ਫੁੱਟ ਚੌੜਾ ਕੀਤਾ ਜਾਵੇਗਾ ਅਤੇ ਰਾਜ ਸਰਕਾਰ ਨੇ ਇਸ ਮਾਰਗ ਦਾ ਨਾਮ ਗੁਰੂ ਨਾਨਕ ਮਾਰਗ ਰੱਖਿਆ ਹੈ। ਕੈਬਨਿਟ ਮੰਤਰੀ ਸ. ਬਾਜਵਾ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਇਸ ਗੁਰੂ ਨਾਨਕ ਮਾਰਗ ਉੱਪਰ 700 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਅਗਲੇ ਮਹੀਨੇ ਨਵੰਬਰ ਵਿੱਚ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਕਰਤਾਰਪੁਰ ਸਾਹਿਬ) ਲਈ ਡੇਰਾ ਬਾਬਾ ਨਾਨਕ ਤੋਂ ਕੋਰੀਡੋਰ ਖੁੱਲ ਰਿਹਾ ਹੈ ਜਿਸ ਕਾਰਨ ਦੇਸ਼ ਭਰ ਦੀਆਂ ਨਾਨਕ ਨਾਮ ਲੇਵਾ ਸੰਗਤਾਂ ਡੇਰਾ ਬਾਬਾ ਨਾਨਕ ਵਿਖੇ ਪਹੁੰਚਿਆ ਕਰਨਗੀਆਂ।

ਉਨ੍ਹਾਂ ਕਿਹਾ ਕਿ ਸੰਗਤਾਂ ਦੀ ਆਮਦ ਨੂੰ ਦੇਖਦੇ ਹੋਏ ਰਾਜ ਸਰਕਾਰ ਨੇ ਇਹ ਮਹਿਸੂਸ ਕੀਤਾ ਹੈ ਕਿ ਬਾਬਾ ਬਕਾਲਾ ਤੋਂ ਵਾਇਆ ਮਹਿਤਾ, ਬਟਾਲਾ ਰਾਹੀਂ ਡੇਰਾ ਬਾਬਾ ਨਾਨਕ ਤੱਕ ਸੜਕ ਚੌੜੀ ਅਤੇ ਮਜ਼ਬੂਤ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਸੁਲਤਾਨਪੁਰ ਲੋਧੀ ਦੇ ਦਰਸ਼ਨਾਂ ਲਈ ਵੀ ਸੰਗਤਾਂ ਨੂੰ ਸੌਖ ਹੋਵੇਗੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਦਿਆਂ ਇਸ ਮਾਰਗ ਦਾ ਨਾਮ ਵੀ ਗੁਰੂ ਸਾਹਿਬ ਦੇ ਨਾਮ ਉੱਪਰ ਗੁਰੂ ਨਾਨਕ ਮਾਰਗ ਰੱਖਿਆ ਗਿਆ ਹੈ। ਸ. ਬਾਜਵਾ ਨੇ ਕਿਹਾ ਕਿ ਇਸ ਮਾਰਗ ਨੂੰ ਚੌੜਿਆਂ ਕਰਨ ਉੱਪਰ 700 ਕਰੋੜ ਰੁਪਏ ਦੀ ਲਾਗਤ ਆਵੇਗੀ। ਕੈਬਨਿਟ ਮੰਤਰੀ ਸ. ਬਾਜਵਾ ਨੇ ਅੱਗੇ ਦੱਸਿਆ ਕਿ ਅੰਮ੍ਰਿਤਸਰ ਤੋਂ ਫਤਿਹਗੜ ਚੂੜੀਆਂ ਸੜਕ ਨੂੰ ਵੀ 33 ਫੁੱਟ ਚੌੜਿਆਂ ਕੀਤਾ ਜਾਵੇਗਾ। ਇਸਦੇ ਨਾਲ ਹੀ ਬਟਾਲਾ ਤੋਂ ਫਤਿਹਗੜ ਚੂੜੀਆਂ ਸੜਕ ਦੀ ਮੁਰੰਮਤ ਲਈ ਪ੍ਰੋਜੈਕਟ ਪਾਸ ਹੋ ਗਿਆ ਹੈ ਅਤੇ ਇਸਦਾ ਬਕਾਇਦਾ ਟੈਂਡਰ ਵੀ ਲਗਾ ਦਿੱਤਾ ਗਿਆ ਹੈ। ਸ. ਬਾਜਵਾ ਨੇ ਕਿਹਾ ਕਿ ਰਾਜ ਸਰਕਾਰ ਸੜਕੀ ਆਵਾਜਾਈ ਨੂੰ ਹੋਰ ਸੁਖਾਲਾ ਅਤੇ ਸੁਖਦ ਬਣਾਉਣ ਲਈ ਵਚਨਬੱਧ ਹੈ ਅਤੇ ਗੁਰੂ ਨਾਨਕ ਮਾਰਗ ਬਣਨ ਨਾਲ ਸੰਗਤਾਂ ਨੂੰ ਡੇਰਾ ਬਾਬਾ ਨਾਨਕ ਤੇ ਸੁਲਤਾਨਪੁਰ ਲੋਧੀ ਪਹੁੰਚਣ ਵਿੱਚ ਹੋਰ ਅਸਾਨੀ ਹੋਵੇਗੀ।