ਜ਼ਿਲ੍ਹਾ ਫਤਹਿਗੜ ਸਾਹਿਬ ਨੂੰ 100 ਫੀਸਦੀ ਨਸ਼ਾ ਮੁਕਤ ਕਰਨ ਲਈ ਜੰਗੀ ਪੱਧਰ ਤੇ ਜਾਰੀ ਕੰਮ- ਡਿਪਟੀ ਕਮਿਸ਼ਨਰ ਡਾ. ਗੋਇਲ

Last Updated: Oct 18 2019 19:00
Reading time: 2 mins, 11 secs

ਨਸ਼ਿਆਂ ਦੇ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਨੂੰ ਵੱਡੇ ਪੱਧਰ 'ਤੇ ਸਫ਼ਲਤਾ ਮਿਲ ਰਹੀ ਹੈ ਅਤੇ ਜ਼ਿਲ੍ਹਾ ਫ਼ਤਹਿਗੜ ਸਾਹਿਬ ਨੂੰ 100 ਫ਼ੀਸਦੀ ਨਸ਼ਾ ਮੁਕਤ ਕਰਨ ਲਈ ਕੰਮ ਜੰਗੀ ਪੱਧਰ ਤੇ ਜਾਰੀ ਹੈ। ਇਸਦੇ ਨਾਲ ਹੀ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ ਨੌਜਵਾਨ ਸਭਾਵਾਂ ਅਤੇ ਖੇਡਾਂ ਨਾਲ ਜੋੜਨ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਕਿ ਉਹ ਚੰਗੀ ਜ਼ਿੰਦਗੀ ਬਤੀਤ ਕਰ ਸਕਣ। ਇਨ੍ਹਾਂ ਵਿੱਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਪ੍ਰਸ਼ਾਂਤ ਕੁਮਾਰ ਗੋਇਲ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਸਾਂਝਾ ਕੀਤਾ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰਸ਼ਾਂਤ ਕੁਮਾਰ ਗੋਇਲ ਨੇ ਕਿਹਾ ਕਿ ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਚੰਗੀ ਜ਼ਿੰਦਗੀ ਬਤੀਤ ਕਰਦੇ ਹੋਏ ਦੇਖਕੇ ਹੋਰ ਨਸ਼ਾ ਪੀੜਤ ਨੌਜਵਾਨ ਵੀ ਨਸ਼ੇ ਛੱਡਣ ਲਈ ਪ੍ਰੇਰਿਤ ਹੋਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਚਲਾਏ ਜਾ ਰਹੇ ਓਟ ਕਲੀਨਿਕਸ ਦਾ ਨਿਯਮਿਤ ਤੌਰ ਤੇ ਜਾਇਜ਼ਾ ਲਿਆ ਜਾਣਾ ਯਕੀਨੀ ਬਣਾਇਆ ਜਾਵੇ। ਇਸਦੇ ਨਾਲ ਨਾਲ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦਾ ਵੀ ਜਾਇਜ਼ਾ ਲਿਆ ਜਾਵੇ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿੱਦਿਅਕ ਅਦਾਰਿਆਂ ਦੇ ਹੋਸਟਲਾਂ ਵਿੱਚ ਰਹਿੰਦੇ ਵਿਦਿਆਰਥੀਆਂ ਨਾਲ ਅਧਿਆਪਕਾਂ ਜਾਂ ਪ੍ਰਬੰਧਕਾਂ ਨੂੰ ਨਾਲ ਲੈ ਕੇ ਨਸ਼ਿਆਂ ਤੋਂ ਬਚਾਅ ਸਬੰਧੀ ਮੀਟਿੰਗਾਂ ਕੀਤੀਆਂ ਜਾਣ ਤਾਂ ਕਿ ਕੋਈ ਵੀ ਵਿਦਿਆਰਥੀ ਨਸ਼ਿਆਂ ਦੀ ਲਪੇਟ ਵਿੱਚ ਨਾ ਆਵੇ। ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਗਾਰਡੀਅਨਜ਼ ਆਫ਼ ਗਵਰਨੈਂਸ (ਜੀ.ਓ.ਜੀਜ਼) ਵੱਲੋਂ ਸਕੂਲਾਂ ਤੇ ਕਾਲਜਾਂ ਵਿੱਚ ਜਾ ਕੇ ਨੌਜਵਾਨਾਂ ਨੂੰ ਜਿੱਥੇ ਨਸ਼ਿਆਂ ਤੋਂ ਬਚਾਅ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉੱਥੇ ਉਨ੍ਹਾਂ ਨੂੰ ਸਰੀਰਕ ਸਿਖਲਾਈ ਦੇ ਕੇ ਫੌਜ ਵਿੱਚ ਭਰਤੀ ਹੋਣ ਲਈ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਡਾ. ਗੋਇਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ ਜਾਵੇ ਅਤੇ ਨਸ਼ਾ ਪੀੜਤਾਂ ਨੂੰ ਪੰਜਾਬ ਸਰਕਾਰ ਵੱਲੋਂ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਤੇ ਓਟ ਕਲੀਨਿਕਸ ਵਿੱਚ ਮੁਹੱਈਆ ਕਰਵਾਏ ਜਾ ਰਹੇ ਮੁਫਤ ਇਲਾਜ ਬਾਰੇ ਜਾਗਰੂਕ ਕਰਕੇ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਡੈਪੋ ਅਤੇ ਬੱਡੀ ਪ੍ਰੋਗਰਾਮ ਤਹਿਤ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਵਿੱਚ ਵੀ ਵਾਧਾ ਕੀਤਾ ਜਾਵੇ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਕੂਲਾਂ ਤੇ ਕਾਲਜਾਂ ਨੇੜੇ ਛੁੱਟੀ ਵੇਲੇ ਪੁਲਿਸ ਪੈਟਰੋਲਿੰਗ 'ਚ ਵਾਧਾ ਕੀਤਾ ਜਾਵੇ।

ਇਸ ਮੌਕੇ ਐਸ.ਪੀ (ਐਚ) ਨਵਰੀਤ ਸਿੰਘ ਵਿਰਕ ਨੇ ਦੱਸਿਆ ਕਿ ਪੁਲਿਸ ਵੱਲੋਂ ਵੱਡੀ ਗਿਣਤੀ 'ਚ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਗ਼ੈਰਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ਖਿਲਾਫ ਵੀ ਸਖ਼ਤ ਕਾਰਵਾਈ ਕੀਤੀ ਗਈ ਹੈ। ਇਸਦੇ ਨਾਲ ਵਿਸ਼ੇਸ਼ ਤਲਾਸ਼ੀ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਨਸ਼ਿਆਂ ਦੇ ਖਾਤਮੇ ਵਿੱਚ ਸਹਿਯੋਗ ਦੇਣ ਲਈ ਵੀ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਅਸਿਸਟੈਂਟ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਸਹਾਇਕ ਕਮਿਸ਼ਨਰ (ਜ) ਜਸਪ੍ਰੀਤ ਸਿੰਘ, ਐਸ.ਡੀ.ਐਮ ਅਮਲੋਹ ਆਨੰਦ ਸਾਗਰ ਸ਼ਰਮਾ, ਐਸ.ਡੀ.ਐਮ ਬੱਸੀ ਪਠਾਣਾਂ ਪਵਿੱਤਰ ਸਿੰਘ, ਤਹਿਸੀਲਦਾਰ ਗੁਰਜਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।