ਕਿਸਾਨ ਜੱਥੇਬੰਦੀਆਂ, ਕਿਸਾਨੀ ਮੰਗਾਂ ਸਬੰਧੀ 27 ਨਵੰਬਰ ਨੂੰ ਘੇਰਣਗੀਆਂ ਪੰਜਾਬ ਦੇ ਡੀਸੀ ਦਫ਼ਤਰ!!!

Last Updated: Nov 14 2019 12:12
Reading time: 1 min, 36 secs

ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵਿੱਚ ਸ਼ਾਮਲ ਪੰਜਾਬ ਦੀਆਂ ਜੱਥੇਬੰਦੀਆਂ ਦੀ ਮੀਟਿੰਗ ਕਾਮਰੇਡ ਨਛੱਤਰ ਸਿੰਘ ਯਾਦਗਾਰੀ ਹਾਲ ਵਿੱਚ ਨਿਰਭੈ ਸਿੰਘ ਢੁੱਡੀਕੇ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਪੰਜਾਬ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ, ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਆਲ ਇੰਡੀਆ ਕਿਸਾਨ ਸਭਾ ਅਤੇ ਜੈ ਕਿਸਾਨ ਅੰਦੋਲਨ ਜੱਥੇਬੰਦੀਆਂ ਸ਼ਾਮਲ ਹੋਈਆਂ ਅਤੇ ਬੀ ਕੇ ਯੂ ਡਕੌਦਾ ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਤੋਂ ਫੋਨ ਕਰਕੇ ਫੈਸਲੇ ਦੀ ਸਹਿਮਤੀ ਲਈ ਗਈ।

ਮੀਟਿੰਗ ਵਿੱਚ ਸਰਬਸੰਮਤੀ ਨਾਲ 20 ਨਵੰਬਰ ਨੂੰ ਜਲੰਧਰ ਵਿਖੇ ਕੀਤੀ ਜਾਣ ਵਾਲੀ ਕਨਵੈਨਸ਼ਨ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ 27 ਨਵੰਬਰ ਨੂੰ ਜ਼ਿਲ੍ਹਾ ਹੈੱਡ ਕੁਆਰਟਰਾਂ ਤੇ ਧਰਨੇ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਇਨ੍ਹਾਂ ਧਰਨਿਆਂ ਦੀਆਂ ਮੁੱਖ ਮੰਗਾਂ ਹਨ ਕਿ 15 ਨਵੰਬਰ ਤੋਂ ਮਿੱਲਾਂ ਵਿੱਚ ਗੰਨੇ ਦੀ ਪਿੜਾਈ ਸ਼ੁਰੂ ਕੀਤੀ ਜਾਵੇ ਅਤੇ ਕਿਸਾਨਾਂ ਦੀ ਬਕਾਇਆ ਰਾਸ਼ੀ ਤੁਰੰਤ ਅਦਾ ਕੀਤੀ ਜਾਵੇ। ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਵਿੰਟਲ ਦਿੱਤਾ ਜਾਵੇ। ਬਾਸਮਤੀ ਦਾ ਭਾਅ 5000 ਰੁਪਏ ਕੁਇੰਟਲ ਮਿੱਥਿਆ ਜਾਵੇ ਅਤੇ ਖਰੀਦ ਦੀ ਗਾਰੰਟੀ ਕੀਤੀ ਜਾਵੇ।

ਮਜਬੂਰੀ ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਉੱਪਰ ਪਾਏ ਕੇਸ ਰੱਦ ਕੀਤੇ ਜਾਣ ਅਤੇ ਜੁਰਮਾਨੇ ਵਸੂਲਣੇ ਬੰਦ ਕੀਤੇ ਜਾਣ। ਪੈਦਾਵਾਰ ਦੇ ਹਿਸਾਬ ਨਾਲ ਪ੍ਰਤੀ ਕੁਵਿੰਟਲ 200 ਰੁਪਏ ਬੋਨਸ ਦਿੱਤਾ ਜਾਵੇ। ਨਰਮਾ ਕਿਸਾਨਾਂ ਨੂੰ ਤੈਅ ਕੀਤੇ ਗਏ ਐਮ ਐੱਸ ਪੀ ਅਨੁਸਾਰ ਭਾਅ ਦੇਣਾ ਯਕੀਨੀ ਬਣਾਇਆ ਜਾਵੇ ਆਦਿ ਹਨ। ਸਮੂਹ ਜੱਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ 27 ਨਵੰਬਰ ਨੂੰ ਵਿਸ਼ਾਲ ਧਰਨੇ ਮੁਜਾਹਰੇ ਕਰਨ ਉਪਰੰਤ ਡੀ ਸੀ ਦਫਤਰਾਂ ਰਾਹੀ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਮੰਗ ਪੱਤਰ ਵੀ ਭੇਜੇ ਜਾਣਗੇ। ਇਨ੍ਹਾਂ ਧਰਨਿਆਂ ਸਬੰਧੀ ਜ਼ਿਲ੍ਹਿਆਂ ਦੀਆਂ ਤਿਆਰੀ ਮੀਟਿੰਗਾਂ 20 ਨਵੰਬਰ ਨੂੰ ਹੋਣਗੀਆਂ।

ਇਸ ਮੌਕੇ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਅਤੇ ਗੁਰਨਾਮ ਸਿੰਘ ਭੀਖੀ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਦਰਸ਼ਨਪਾਲ ਪਟਿਆਲਾ ਅਤੇ ਅਵਤਾਰ ਮਹਿਮਾ, ਕਿਰਤੀ ਕਿਸਾਨ ਯੂਨੀਅਨ ਦੇ ਨਿਰਭੈ ਸਿੰਘ ਢੁੱਡੀਕੇ ਅਤੇ ਸਤਬੀਰ ਸਿੰਘ ਸੁਲਤਾਨੀ, ਆਲ ਇੰਡੀਆ ਕਿਸਾਨ ਸਭਾ ਦੇ ਪ੍ਰਧਾਨ ਭੁਪਿੰਦਰ ਸਾਂਬਰ ਅਤੇ ਬਲਕਰਨ ਬਰਾੜ, ਜਮਹੂਰੀ ਕਿਸਾਨ ਸਭਾ ਦੇ ਰਘਬੀਰ ਬੈਨੀਪਾਲ ਅਤੇ ਜਸਪਾਲ ਸਿੰਘ ਮਹਿਲ ਕਲਾਂ, ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ ਦੇ ਇੰਦਰਜੀਤ ਸਿੰਘ ਕੋਟਬੁੱਢਾ ਅਤੇ ਹਰਜੀਤ ਸਿੰਘ ਰਵੀ ਅਤੇ ਜੈ ਕਿਸਾਨ ਅੰਦੋਲਨ ਦੇ ਗੁਰਬਖਸ਼ ਸਿੰਘ ਬਰਨਾਲਾ ਹਾਜ਼ਰ ਸਨ।