ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਕੀਤੀ ਪਿੰਡ ਹਰੀਏ ਵਾਲਾ 'ਚ ਮੀਟਿੰਗ!!

Last Updated: Nov 14 2019 12:16
Reading time: 1 min, 31 secs

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਵਿਸ਼ੇਸ਼ ਮੀਟਿੰਗ ਪਿੰਡ ਹਰੀਏ ਵਾਲਾ ਵਿੱਚ ਜ਼ਿਲ੍ਹਾ ਆਗੂ ਸੁਰਜੀਤ ਸਿੰਘ ਹਰੀਏ ਵਾਲਾ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਸੂਬਾ ਆਗੂ ਅਵਤਾਰ ਸਿੰਘ ਮਹਿਮਾ ਅਤੇ ਸੂਬਾ ਖਜ਼ਾਨਚੀ ਗੁਰਦੀਪ ਸਿੰਘ ਵੈਰੋਕੇ ਵਿਸ਼ੇਸ਼ ਤੌਰ ਤੇ ਪਹੁੰਚੇ। ਕਿਸਾਨੀ ਮੰਗਾਂ ਮਸਲਿਆਂ ਉੱਪਰ ਵਿੱਚਾਰ ਚਰਚਾ ਦੇ ਨਾਲ ਨਾਲ ਬਾਬੇ ਨਾਨਕ ਦੀ ਵਿੱਚਾਰਧਾਰਾ ਉੱਪਰ ਵੀ ਚਰਚਾ ਕੀਤੀ ਗਈ ਅਤੇ ਅਜੋਕੇ ਬਾਬਰਾਂ ਅਤੇ ਮਲਕ ਭਾਗੋਆਂ ਦੇ ਵਿਰੁੱਧ ਡਟਣ ਦਾ ਸੱਦਾ ਦਿੱਤਾ ਗਿਆ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਆਗੂਆਂ ਨੇ ਦੱਸਿਆ ਕਿ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਮਰਹੂਮ ਸੂਬਾ ਪ੍ਰਧਾਨ ਸ਼ਿੰਦਰ ਸਿੰਘ ਨੱਥੂਵਾਲਾ ਜੋ ਕਿ ਕਿਸਾਨਾਂ ਦੇ ਪਟਿਆਲਾ ਮੋਰਚੇ ਵੇਲੇ ਬਿਮਾਰ ਹੋ ਗਏ ਸਨ ਅਤੇ ਸਾਲ ਭਰ ਤੋਂ ਉੱਪਰ ਬਿਮਾਰੀ ਨਾਲ ਜੱਦੋ ਜਹਿਦ ਕਰਨ ਤੋਂ ਬਾਅਦ ਪਿਛਲੇ ਸਾਲ ਉਨ੍ਹਾਂ ਦੀ ਮੌਤ ਹੋ ਗਈ ਸੀ। ਉਨ੍ਹਾਂ ਦੀ ਬਰਸੀ 17 ਨਵੰਬਰ ਦਿਨ ਐਤਵਾਰ ਨੂੰ ਪਿੰਡ ਨੱਥੂਵਾਲਾ ਗਰਬੀ ਵਿਖੇ ਮਨਾਈ ਜਾ ਰਹੀ ਹੈ। ਇਸ ਮੌਕੇ ਕਿਸਾਨਾਂ ਨੂੰ ਵੱਡੀ ਗਿਣਤੀ ਵਿੱਚ ਸ਼ਰਧਾਂਜਲੀ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ।

ਇਸ ਦੇ ਨਾਲ ਹੀ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮਜਬੂਰੀ ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਉੱਪਰ ਪਾਏ ਗਏ ਕੇਸ ਰੱਦ ਕੀਤੇ ਜਾਣ ਅਤੇ ਅੱਗੇ ਤੋਂ ਇਸ ਸਮੱਸਿਆ ਦਾ ਢੁੱਕਵਾਂ ਹੱਲ ਕੀਤਾ ਜਾਵੇ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਹੁਣ ਤੱਕ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਉੱਪਰ ਕੇਸ ਦਰਜ ਕੀਤੇ ਜਾ ਚੁੱਕੇ ਹਨ ਅਤੇ ਲੱਖਾਂ ਰੁਪਏ ਜੁਰਮਾਨਾ ਕੀਤਾ ਜਾ ਚੁੱਕਾ ਹੈ। ਅਜਿਹੇ ਵਿੱਚ ਪਹਿਲਾਂ ਤੋਂ ਆਰਥਿਕ ਮੰਦੀ ਝੱਲ ਰਹੇ ਕਿਸਾਨਾਂ 'ਤੇ ਹੋਰ ਬੋਝ ਪਵੇਗਾ।

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਆਗੂਆਂ ਨੇ ਦੱਸਿਆ ਕਿ ਇਨ੍ਹਾਂ ਕੇਸਾਂ ਨੂੰ ਰੱਦ ਕਰਵਾਉਣ ਲਈ 27 ਨਵੰਬਰ ਨੂੰ ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀ ਅਗਵਾਈ ਵਿੱਚ ਪੂਰੇ ਪੰਜਾਬ ਦੇ ਡਿਪਟੀ ਕਮਿਸ਼ਨਰ ਦਫਤਰਾਂ ਦੇ ਅੱਗੇ ਵਿਸ਼ਾਲ ਧਰਨੇ ਦਿੱਤੇ ਜਾਣਗੇ ਅਤੇ ਸਰਕਾਰ ਦੀਆਂ ਕਿਸਾਨ ਵਿਰੋਧੀ ਪੋਲਾਂ ਖੋਲ੍ਹੀਆਂ ਜਾਣਗੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜੰਗ ਸਿੰਘ ਨੱਥੂਵਾਲਾ, ਸੋਹਣ ਸਿੰਘ, ਜਗਤਾਰ ਸਿੰਘ, ਦਲੌਰ ਸਿੰਘ, ਗੁਰਮੋਹਣ ਸਿੰਘ, ਗੁਰਦੀਪ ਸਿੰਘ ਫੌਜੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।