ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 55 ਕਰੋੜ ਤੋਂ ਵੱਧ ਦਾ ਮੁਫ਼ਤ ਇਲਾਜ ਕਰਵਾ ਚੁੱਕੇ 50 ਹਜ਼ਾਰ ਮਰੀਜ਼- ਸਿਹਤ ਮੰਤਰੀ ਸਿੱਧੂ

Last Updated: Nov 19 2019 13:50
Reading time: 1 min, 49 secs

ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਨੂੰ ਸਮਰਪਿਤ ਫ਼ੇਜ਼-6 ਸਥਿਤ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਆਡੀਟੋਰੀਅਮ ਵਿਖੇ ਪੈਨਸ਼ਨ ਪ੍ਰਵਾਨਗੀ ਪੱਤਰ ਵੰਡਣ ਸਬੰਧੀ ਸਮਾਰੋਹ ਦਾ ਆਯੋਜਨ ਕਰਵਾਇਆ ਗਿਆ। ਸਮਾਰੋਹ ਦੌਰਾਨ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ 271 ਲਾਭਪਾਤਰੀਆਂ ਨੂੰ ਬੁਢਾਪਾ, ਵਿਧਵਾ ਤੇ ਅੰਗਹੀਣ ਪੈਨਸ਼ਨਾਂ ਦੇ ਮਨਜ਼ੂਰੀ ਪੱਤਰ ਵੰਡੇ। ਇਸਦੇ ਨਾਲ ਹੀ ਵੱਖ-ਵੱਖ ਖੇਤਰਾਂ ਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਅਤੇ ਕੁਸ਼ਟ ਰੋਗੀਆਂ ਦੀ ਸੇਵਾ ਕਰਨ ਵਾਲੇ ਨੈਸ਼ਨਲ ਐਵਾਰਡੀ ਪ੍ਰੇਮ ਸਿੰਘ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।

ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਰਬੱਤ ਸਿਹਤ ਬੀਮਾ ਯੋਜਨਾ ਨੂੰ ਮੀਲ ਦਾ ਪੱਥਰ ਦੱਸਦੇ ਹੋਏ ਕਿਹਾ ਹੁਣ ਤੱਕ ਪੰਜਾਬ ਦੇ 50 ਹਜ਼ਾਰ ਤੋਂ ਵੱਧ ਮਰੀਜ਼ ਇਸ ਯੋਜਨਾ ਤਹਿਤ 55 ਕਰੋੜ ਰੁਪਏ ਤੋਂ ਵੱਧ ਦਾ ਇਲਾਜ ਮੁਫ਼ਤ ਕਰਵਾ ਚੁੱਕੇ ਹਨ। ਮੌਜੂਦਾ ਸਮੇਂ ਚ ਸੂਬੇ ਦੇ ਸਰਕਾਰੀ ਹਸਪਤਾਲਾਂ ਚ ਮਰੀਜ਼ਾਂ ਨੂੰ 236 ਜ਼ਰੂਰੀ ਦਵਾਈਆਂ ਮੁਫ਼ਤ ਮਿਲ ਰਹੀਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਸਿਹਤ ਬੀਮਾ ਯੋਜਨਾ ਦਾ ਲਾਭ ਉਠਾਉਣ ਦੀ ਅਪੀਲ ਕਰਦੇ ਕਿਹਾ ਕਿ ਇਸ ਯੋਜਨਾ ਤਹਿਤ ਸੂਬੇ ਦੀ 75 ਫ਼ੀਸਦੀ ਆਬਾਦੀ ਕਵਰ ਕੀਤੀ ਗਈ ਹੈ।

ਸਿਹਤ ਮੰਤਰੀ ਨੇ ਸਿੱਧੂ ਕਿਹਾ ਕਿ ਇਸ ਯੋਜਨਾ ਤਹਿਤ ਲਾਭਪਾਤਰੀ ਪੰਜ ਲੱਖ ਤੱਕ ਦਾ ਇਲਾਜ ਮੁਫ਼ਤ ਕਰਵਾ ਸਕਦੇ ਹਨ ਅਤੇ ਸੂਬੇ ਦੇ 611 ਹਸਪਤਾਲਾਂ, ਜਿਨ੍ਹਾਂ ਵਿੱਚ ਪ੍ਰਾਈਵੇਟ ਹਸਪਤਾਲ ਵੀ ਸ਼ਾਮਲ ਹਨ, ਨੂੰ ਇਲਾਜ ਕਰਨ ਲਈ ਤੈਅ ਹਸਪਤਾਲਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਸਿਹਤ ਮਹਿਕਮਾ ਸੰਭਾਲਣ ਤੋਂ ਬਾਅਦ ਉਨ੍ਹਾਂ ਵੱਲੋਂ ਹੁਣ ਤੱਕ ਚਾਰ ਹਜ਼ਾਰ ਦੇ ਕਰੀਬ ਸਟਾਫ਼ ਨਰਸਾਂ, ਏ.ਐਨ.ਐਮਜ਼, ਲੈਬ ਟੈਕਨੀਸ਼ੀਅਨ, ਫਾਰਮਾਸਿਸਟ, ਮਲਟੀ ਪਰਪਜ਼ ਹੈਲਥ ਵਰਕਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਵੀ ਦੂਰ ਕੀਤੀ ਜਾ ਰਹੀ ਹੈ। ਇਸ ਸਮਾਰੋਹ ਚ 271 ਲਾਭਪਾਤਰੀਆਂ ਨੂੰ ਬੁਢਾਪਾ, ਵਿਧਵਾ ਤੇ ਅੰਗਹੀਣ ਪੈਨਸ਼ਨਾਂ ਦੇ ਮਨਜ਼ੂਰੀ ਪੱਤਰ ਵੰਡੇ ਗਏ ਹਨ।

ਇਸ ਮੌਕੇ ਸਮਾਗਮ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਸਿਸਟੈਂਟ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ ਨੇ ਸਮਾਰੋਹ ਚ ਸ਼ਾਮਲ ਹੋਏ ਮੁੱਖ ਮਹਿਮਾਨ ਅਤੇ ਹੋਰਨਾਂ ਮੋਹਤਬਰ ਵਿਅਕਤੀਆਂ ਦਾ ਧੰਨਵਾਦ ਕੀਤਾ। ਜਦਕਿ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਵਿੰਦਰ ਸਿੰਘ ਰਾਹੀ ਨੇ ਮਹਿਕਮੇ ਦੀਆਂ ਸਕੀਮਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਇਸ ਮੌਕੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ, ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਸਿਵਲ ਸਰਜਨ ਡਾ. ਮਨਜੀਤ ਸਿੰਘ, ਸਹਾਇਕ ਸਿਵਲ ਸਰਜਨ ਡਾ.ਕੁਲਦੀਪ ਸਿੰਘ ਸੀ.ਡੀ.ਪੀ.ਓ ਖਰੜ-2 ਅਰਵਿੰਦਰ ਕੌਰ, ਸੀ.ਡੀ.ਪੀ.ਓ ਡੇਰਾਬੱਸੀ ਸੁਮਨ ਸ਼ਰਮਾ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਦੇ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ ਵੀ ਮੌਜੂਦ ਸਨ।