ਕਾਦੀਆਂ ਹਲਕੇ ਦਾ ਹਰ ਬਾਸ਼ਿੰਦਾ ਉਨ੍ਹਾਂ ਦਾ ਪਰਿਵਾਰਕ ਮੈਂਬਰ- ਫ਼ਤਿਹ ਬਾਜਵਾ

Last Updated: Dec 02 2019 17:05
Reading time: 1 min, 40 secs

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਰਾਜ ਸਰਕਾਰ ਵੱਲੋਂ ਸੂਬਾ ਵਾਸੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਯਤਨ ਲਗਾਤਾਰ ਜਾਰੀ ਹਨ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ ਸ. ਫ਼ਤਿਹਜੰਗ ਸਿੰਘ ਬਾਜਵਾ ਨੇ ਅੱਜ ਆਪਣੇ ਗ੍ਰਹਿ ਵਿਖੇ ਲੋਕਾਂ ਦੀ ਮੁਸ਼ਕਲਾਂ ਸੁਣਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਸ. ਬਾਜਵਾ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਪੌਣੇ ਤਿੰਨ ਸਾਲ ਦੇ ਅਰਸੇ ਦੌਰਾਨ ਲੋਕਾਂ ਨੂੰ ਨਿਰਪੱਖ ਪ੍ਰਸ਼ਾਸਨ ਮਿਲਿਆ ਹੈ ਅਤੇ ਰਾਜ ਸਰਕਾਰ ਨੇ ਗਰੀਬ, ਮਜ਼ਦੂਰਾਂ ਅਤੇ ਕਿਸਾਨਾਂ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਹਨ।

ਵਿਧਾਇਕ ਸ. ਫ਼ਤਿਹਜੰਗ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੀ ਨੌਜਵਾਨੀ ਨੂੰ ਰੁਜ਼ਗਾਰ ਦੇਣ ਲਈ ਵੱਡੇ ਉਪਰਾਲੇ ਕੀਤੇ ਹਨ ਅਤੇ ਸੂਬਾ ਭਰ ਵਿੱਚ ਰੁਜ਼ਗਾਰ ਮੇਲੇ ਲਗਾ ਕੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਰਜ਼ੇ ਦੀ ਮਾਰ ਹੇਠ ਆਈ ਕਿਸਾਨੀ ਦੀ ਬਾਂਹ ਫੜ੍ਹਨ ਵਾਲੀ ਦੇਸ਼ ਦੀ ਪਹਿਲੀ ਸਰਕਾਰ ਪੰਜਾਬ ਸਰਕਾਰ ਹੈ ਜਿਸਨੇ ਕਿਸਾਨਾਂ ਦੇ 2-2 ਲੱਖ ਰੁਪਏ ਤੱਕ ਕਰਜ਼ੇ ਮੁਆਫ਼ ਕਰਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸਦੇ ਨਾਲ ਹੀ ਰਾਜ ਸਰਕਾਰ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਚਲਾ ਕੇ ਨਸ਼ਿਆਂ ਦੇ ਵਪਾਰ ਅਤੇ ਪਸਾਰ ਨੂੰ ਠੱਲ੍ਹ ਪਾ ਕੇ ਨੌਜਵਾਨੀ ਨੂੰ ਬਚਾਇਆ ਗਿਆ ਹੈ।

ਵਿਧਾਇਕ ਸ. ਬਾਜਵਾ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਵੱਡੇ ਸੁਧਾਰ ਦੇਖਣ ਨੂੰ ਮਿਲੇ ਹਨ। ਸਰਕਾਰੀ ਸਕੂਲਾਂ ਦੀ ਦਸ਼ਾ ਬਦਲ ਗਈ ਹੈ ਅਤੇ ਬੋਰਡ ਦੇ ਇਮਤਿਹਾਨਾਂ ਦੇ ਨਤੀਜੇ ਵੀ ਬਹੁਤ ਵਧੀਆ ਆਏ ਹਨ। ਇਸੇ ਤਰ੍ਹਾਂ ਸਰਕਾਰੀ ਹਸਪਤਾਲਾਂ ਦੀ ਵੀ ਕਾਇਆ ਕਲਪ ਜਾਰੀ ਹੈ ਅਤੇ ਸਰਬੱਤ ਵਿਕਾਸ ਸਿਹਤ ਬੀਮਾ ਯੋਜਨਾ ਸ਼ੁਰੂ ਕਰਕੇ ਕੈਪਟਨ ਸਰਕਾਰ ਨੇ ਹਰ ਗਰੀਬ ਅਤੇ ਲੋੜਵੰਦ ਪਰਿਵਾਰ ਨੂੰ ਮੁਫ਼ਤ ਮਿਆਰੀ ਸਿਹਤ ਸੇਵਾਵਾਂ ਦਿੱਤੀਆਂ ਹਨ।

ਸ. ਬਾਜਵਾ ਨੇ ਕਿਹਾ ਕਿ ਹਲਕਾ ਕਾਦੀਆਂ ਦੇ ਵਿਕਾਸ ਲਈ ਵੀ ਰਾਜ ਸਰਕਾਰ ਵੱਲੋਂ ਯਤਨ ਜਾਰੀ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹਲਕੇ ਦੀਆਂ ਸਾਰੀਆਂ ਪੰਚਾਇਤਾਂ ਨੂੰ ਵਿਕਾਸ ਲਈ ਵਿਸ਼ੇਸ਼ ਗ੍ਰਾਂਟਾਂ ਦਿੱਤੀਆਂ ਜਾਣਗੀਆਂ ਤਾਂ ਜੋ ਹਲਕੇ ਦੇ ਪਿੰਡ ਹੋਰ ਖੂਬਸੂਰਤ ਅਤੇ ਸਮਰੱਥ ਬਣ ਸਕਣ। ਸ. ਬਾਜਵਾ ਨੇ ਕਿਹਾ ਕਿ ਕਾਦੀਆਂ ਹਲਕੇ ਦਾ ਹਰ ਬਾਸ਼ਿੰਦਾ ਉਨ੍ਹਾਂ ਦਾ ਪਰਿਵਾਰਕ ਮੈਂਬਰ ਹੈ ਅਤੇ ਉਨ੍ਹਾਂ ਦੇ ਘਰ ਦੇ ਦਰਵਾਜੇ ਹਰ ਲੋੜਵੰਦ ਲਈ 24 ਘੰਟੇ ਖੁੱਲ੍ਹੇ ਹਨ।