ਸੂਬੇ ਦੇ ਸਫ਼ਾਈ ਸੇਵਕਾਂ ਨੂੰ ਠੇਕੇਦਾਰੀ ਸਿਸਟਮ ਤੋਂ ਕਰਵਾਇਆ ਜਾਵੇਗਾ ਮੁਕਤ- ਚੇਅਰਮੈਨ ਗੇਜਾ ਰਾਮ

Last Updated: Dec 02 2019 17:54
Reading time: 3 mins, 3 secs

ਸਫ਼ਾਈ ਸੇਵਕਾਂ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਤੇ ਮੁਸ਼ਕਿਲਾਂ ਜਾਨਣ ਅਤੇ ਮੰਗਾਂ ਦਾ ਨਿਪਟਾਰਾ ਕਰਨ ਸਬੰਧੀ ਸਫ਼ਾਈ ਕਰਮਚਾਰੀ ਕਮਿਸ਼ਨ, ਪੰਜਾਬ ਦੇ ਚੇਅਰਮੈਨ ਗੇਜਾ ਰਾਮ ਅਤੇ ਕਮਿਸ਼ਨ ਦੇ ਉਪ ਚੇਅਰਮੈਨ ਰਾਮ ਸਿੰਘ ਨੇ ਸਫ਼ਾਈ ਸੇਵਕ ਯੂਨੀਅਨਾਂ ਦੇ ਪ੍ਰਤੀਨਿਧੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ 'ਚ ਸਫ਼ਾਈ ਸੇਵਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੁਸ਼ਕਲਾਂ ਦੇ ਹੱਲ ਲਈ ਅਧਿਕਾਰੀਆਂ ਨਾਲ ਵਿੱਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ 'ਚ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਅਤੇ ਬਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਚੇਅਰਮੈਨ ਗੇਜਾ ਰਾਮ ਨੇ ਕਿਹਾ ਕਿ ਪੰਜਾਬ ਵਿੱਚੋਂ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇਗਾ ਤਾਂ ਕਿ ਸਫ਼ਾਈ ਸੇਵਕਾਂ ਦੇ ਸ਼ੋਸ਼ਣ ਨੂੰ ਰੋਕਿਆ ਜਾ ਸਕੇ। ਇਸ ਤੋਂ ਇਲਾਵਾ ਕੱਚੇ ਸਫ਼ਾਈ ਸੇਵਕਾਂ ਨੂੰ ਪੱਕਾ ਕਰਨ ਲਈ ਕਮਿਸ਼ਨ ਵੱਲੋਂ ਜਨਵਰੀ ਮਹੀਨੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਿਪੋਰਟ ਸੌਂਪੀ ਜਾਵੇਗੀ ਤਾਂ ਕਿ ਸਫ਼ਾਈ ਸੇਵਕਾਂ ਨੂੰ ਪੱਕਾ ਕੀਤਾ ਜਾ ਸਕੇ। ਸਫ਼ਾਈ ਸੇਵਕਾਂ ਦਾ ਸ਼ੋਸ਼ਣ ਕਰਨ ਵਾਲੇ ਠੇਕੇਦਾਰਾਂ ਦੇ ਲਾਇਸੰਸ ਰੱਦ ਕਰਕੇ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜੇਕਰ ਠੇਕੇਦਾਰ ਨੇ ਸਫ਼ਾਈ ਸੇਵਕਾਂ ਨੂੰ ਉਸਦੀ ਬਣਦੀ ਤਨਖਾਹ ਨਾ ਦਿੱਤੀ ਤਾਂ ਉਸਦੀ ਰਿਕਵਰੀ ਵੀ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਜੇਕਰ ਅਜਿਹੇ ਮਾਮਲੇ 'ਚ ਕਿਸੇ ਅਧਿਕਾਰੀ ਦੀ ਸ਼ਮੂਲੀਅਤ ਪਾਈ ਗਈ ਤਾਂ ਉਸਦੇ ਖਿਲਾਫ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਚੇਅਰਮੈਨ ਗੇਜਾ ਰਾਮ ਨੇ ਕਾਰਜ ਸਾਧਕ ਅਫਸਰਾਂ ਨੂੰ ਕਿਹਾ ਕਿ ਉਨ੍ਹਾਂ ਅਧੀਨ ਕੰਮ ਕਰ ਰਹੇ ਸਫ਼ਾਈ ਸੇਵਕਾਂ ਦੀਆਂ ਤਨਖਾਹਾਂ ਸਿੱਧੇ ਤੌਰ 'ਤੇ ਉਨ੍ਹਾਂ ਦੇ ਬੈਂਕ ਖਾਤਿਆਂ 'ਚ ਪਾਉਣ ਦੇ ਉਪਰਾਲੇ ਕੀਤੇ ਜਾਣ ਅਤੇ ਤਨਖਾਹਾਂ ਦੇ ਪੈਸੇ ਠੇਕੇਦਾਰਾਂ ਨੂੰ ਨਾ ਦਿੱਤੇ ਜਾਣ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਸਫ਼ਾਈ ਸੇਵਕਾਂ ਦੀ ਸਮੱਸਿਆਵਾਂ ਦੇ ਹੱਲ ਲਈ ਕਮਿਸ਼ਨ ਦਾ ਗਠਨ ਕੀਤਾ ਹੈ ਅਤੇ ਕਮਿਸ਼ਨ ਸਫ਼ਾਈ ਸੇਵਕਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦੇਵੇਗਾ। ਉਨ੍ਹਾਂ ਦੱਸਿਆ ਕਿ ਜਿਹੜੇ ਵਿਭਾਗਾਂ 'ਚ ਸਫ਼ਾਈ ਸੇਵਕਾਂ ਦੀਆਂ ਅਸਾਮੀਆਂ ਖਾਲੀ ਹਨ ਉਨ੍ਹਾਂ ਦੀ ਸੂਚਨਾ ਕਮਿਸ਼ਨ ਨੂੰ ਦਿੱਤੀ ਜਾਵੇ ਤਾਂ ਕਿ ਉਨ੍ਹਾਂ ਅਸਾਮੀਆਂ ਨੂੰ ਭਰਨ ਸਬੰਧੀ ਅਗਲੀ ਕਾਰਵਾਈ ਕੀਤੀ ਜਾ ਸਕੇ। ਇਸ ਤੋਂ ਇਲਾਵਾ ਸਫ਼ਾਈ ਸੇਵਕਾਂ ਦਾ ਬੀਮਾ ਜ਼ਰੂਰ ਕਰਵਾਉਣ ਅਤੇ ਨਗਰ ਕੌਂਸਲਾਂ ਅਧੀਨ ਕੰਮ ਕਰਦੇ ਸਫ਼ਾਈ ਸੇਵਕਾਂ ਦਾ ਹਰ ਤਿੰਨ ਮਹੀਨੇ ਬਾਅਦ ਮੈਡੀਕਲ ਚੈਕਅੱਪ ਕਰਵਾਇਆ ਜਾਵੇ।

ਕਮਿਸ਼ਨ ਦੇ ਉਪ ਚੇਅਰਮੈਨ ਰਾਮ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਗੱਲ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਫ਼ਾਈ ਸੇਵਕਾਂ ਨੂੰ ਠੇਕੇਦਾਰਾਂ ਦੇ ਪੰਜੇ ਤੋਂ ਮੁਕਤ ਕੀਤਾ ਜਾ ਸਕੇ। ਮੁੱਖ ਮੰਤਰੀ ਦੇ ਆਦੇਸ਼ਾਂ ਮੁਤਾਬਕ ਕਮਿਸ਼ਨ ਵੱਲੋਂ ਪੂਰੇ ਸੂਬੇ 'ਚ ਸਫ਼ਾਈ ਸੇਵਕਾਂ ਦੀਆਂ ਮੁਸ਼ਕਲਾਂ ਸਬੰਧੀ ਜ਼ਿਲ੍ਹਾ ਪੱਧਰ ਤੇ ਮੀਟਿੰਗਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਇਸ ਉਪਰੰਤ ਮੁਕੰਮਲ ਰਿਪੋਰਟ ਬਣਾ ਕੇ ਸਰਕਾਰ ਨੂੰ ਸੌਂਪੀ ਦਿੱਤੀ ਜਾਵੇਗੀ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਸਫ਼ਾਈ ਸੇਵਕਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਹਰ ਸੰਭਵ ਉਪਰਾਲੇ ਕਰਨ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਸੂਬੇ 'ਚ ਸੀਵਰੇਜ ਦਾ ਕੰਮ ਕਰਦੇ ਸਮੇਂ ਮਾਰੇ ਗਏ ਸਫ਼ਾਈ ਸੇਵਕਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ।

ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਚੇਅਰਮੈਨ ਸਫ਼ਾਈ ਕਮਿਸ਼ਨ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹੇ 'ਚ ਸਫ਼ਾਈ ਸੇਵਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀ ਤਨਖਾਹ ਉਨ੍ਹਾਂ ਦੇ ਬੈਂਕ ਖਾਤਿਆਂ 'ਚ ਪਾਉਣ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਸਫ਼ਾਈ ਸੇਵਕਾਂ ਸਬੰਧੀ ਮੰਗੀ ਗਈ ਸੂਚਨਾ ਕਮਿਸ਼ਨ ਨੂੰ 10 ਦਿਨਾਂ ਅੰਦਰ ਮੁਹੱਈਆ ਕਰਵਾਈ ਜਾਵੇ ਅਤੇ ਸਫ਼ਾਈ ਸੇਵਕਾਂ ਦਾ ਜਲਦੀ ਤੋਂ ਜਲਦੀ ਬੀਮਾ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ। ਇਸ ਮੌਕੇ ਅਸਿਸਟੈਂਟ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਸੰਧੂ ਨੇ ਕਾਰਜ ਸਾਧਕ ਅਫਸਰਾਂ ਅਤੇ ਹੋਰ ਅਧਿਕਾਰੀਆਂ ਨੂੰ ਕਿਰਤ ਵਿਭਾਗ ਵੱਲੋਂ ਕਿਰਤੀ ਕਾਮਿਆਂ ਨੂੰ ਵਿਭਾਗ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਲਈ ਕਿਰਤੀ ਕਾਮਿਆਂ ਦੇ ਰਜਿਸਟਰੇਸ਼ਨ ਕਾਰਡ ਬਣਾਉਣ ਦੀ ਹਦਾਇਤ ਕੀਤੀ।

ਇਸ ਮੌਕੇ ਕਮਿਸ਼ਨ ਮੈਂਬਰ ਇੰਦਰਜੀਤ ਸਿੰਘ, ਅਸਿਸਟੈਂਟ ਵਧੀਕ ਡਿਪਟੀ ਕਮਿਸ਼ਨਰ (ਜ) ਜਸਪ੍ਰੀਤ ਸਿੰਘ, ਐਸ.ਪੀ (ਐਚ) ਨਵਰੀਤ ਸਿੰਘ ਵਿਰਕ, ਸਹਾਇਕ ਕਮਿਸ਼ਨਰ (ਜਨਰਲ) ਜਸਪ੍ਰੀਤ ਸਿੰਘ, ਡੀ.ਡੀ.ਪੀ.ਓ ਅਮਰੀਕ ਸਿੰਘ ਸਿੱਧੂ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫਸਰ ਗੁਰਿੰਦਰਜੀਤ ਸਿੰਘ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਭਾਸ਼ ਸੂਦ, ਐਡਵੋਕੇਟ ਰਾਹੁਲ, ਸੋਹਣ ਸਿੰਘ ਚੇਅਰਮੈਨ ਜ਼ਿਲ੍ਹਾ ਫਰੀਡਮ ਫਾਈਟਰ ਯੂਨੀਅਨ ਫ਼ਤਹਿਗੜ ਸਾਹਿਬ, ਸਮੂਹ ਕਾਰਜ ਸਾਧਕ ਅਫਸਰਾਂ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਸਫ਼ਾਈ ਸੇਵਕ ਯੂਨੀਅਨਾਂ ਦੇ ਪ੍ਰਤੀਨਿਧੀ ਵੀ ਮੌਜੂਦ ਸਨ।