ਸਮਾਜ ਦੇ ਦੱਬੇ ਕੁਚਲੇ ਲੋਕਾਂ ਦੀ ਭਲਾਈ ਲਈ ਕਾਂਗਰਸ ਸਰਕਾਰ ਨੇ ਚਲਾਈਆਂ ਸਕੀਮਾਂ- ਵਿਧਾਇਕ ਨਾਗਰਾ

Last Updated: Dec 02 2019 18:10
Reading time: 2 mins, 1 sec

ਸਫਾਈ ਸੇਵਕਾਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਿਲਾਂ ਜਾਣਨ ਲਈ ਸਫਾਈ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ਕਰਨ ਆਏ ਸਫਾਈ ਕਰਮਚਾਰੀ ਕਮਿਸ਼ਨ, ਪੰਜਾਬ ਦੇ ਚੇਅਰਮੈਨ ਗੇਜਾ ਰਾਮ ਅਤੇ ਉਪ ਚੇਅਰਮੈਨ ਰਾਮ ਸਿੰਘ ਦਾ ਸਨਮਾਨ ਕਰਨ ਸਬੰਧੀ ਨਗਰ ਕੌਂਸਲ ਸਰਹਿੰਦ-ਫਤਿਹਗੜ੍ਹ ਸਾਹਿਬ ਵਿਖੇ ਸਨਮਾਨ ਸਮਾਰੋਹ ਦਾ ਆਯੋਜਨ ਕਰਵਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਦੇ ਸਲਾਹਕਾਰ ਤੇ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਚੇਅਰਮੈਨ ਅਤੇ ਉੱਪ ਚੇਅਰਮੈਨ ਨੂੰ ਸਨਮਾਨਿਤ ਕੀਤਾ ਗਿਆ।

ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਸੂਬੇ ਵਿੱਚ ਜਦੋਂ ਵੀ ਵਿਕਾਸ ਹੋਇਆ ਤਾਂ ਕਾਂਗਰਸ ਸਰਕਾਰ ਦੇ ਸਮੇਂ ਦੌਰਾਨ ਹੀ ਹੋਇਆ ਹੈ। ਜਦਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗੱਠਜੋੜ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਕਿਸੇ ਦਾ ਕੁਝ ਨਹੀਂ ਸੰਵਾਰਿਆ। ਕਾਂਗਰਸ ਸਰਕਾਰ ਵੱਲੋਂ ਗਰੀਬਾਂ ਅਤੇ ਲੋੜਵੰਦਾਂ ਦੀ ਭਲਾਈ ਲਈ ਸਕੀਮਾਂ ਚਲਾਈਆਂ ਗਈਆਂ, ਜਦਕਿ ਅਕਾਲੀ ਤੇ ਭਾਜਪਾ ਨੇ ਗਰੀਬਾਂ ਲਈ ਕੁਝ ਨਹੀਂ ਕੀਤਾ। ਸਫਾਈ ਸੇਵਕਾਂ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਵੱਲੋਂ ਪੂਰਾ ਕੀਤਾ ਜਾਵੇਗਾ ਅਤੇ ਸਫਾਈ ਸੇਵਕਾਂ ਨਾਲ ਕਿਸੇ ਕਿਸਮ ਦਾ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ।

ਵਿਧਾਇਕ ਨਾਗਰਾ ਨੇ ਕਾਰਜਸਾਧਕ ਅਫਸਰ ਨੂੰ ਨਿਰਦੇਸ਼ ਦਿੱਤੇ ਕਿ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਜਿਸ ਸਾਮਾਨ ਦੀ ਜ਼ਰੂਰਤ ਹੈ ਉਸਦੀ ਲਿਸਟ ਬਣਾ ਕੇ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਉਹ ਸਾਮਾਨ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸਰਦੀ ਦੇ ਮੌਸਮ ਵਿੱਚ ਸਫਾਈ ਸੇਵਕਾਂ ਤੇ ਸੀਵਰਮੈਨਾਂ ਨੂੰ ਜੈਕਟਾਂ ਵੀ ਦਿੱਤੀਆਂ ਜਾਣ ਅਤੇ ਉਨ੍ਹਾਂ ਨੂੰ ਮਾਸਕ, ਦਸਤਾਨੇ ਤੇ ਹੋਰ ਜ਼ਰੂਰੀ ਸਾਮਾਨ ਮੁਹੱਈਆ ਕਰਵਾਇਆ ਜਾਵੇ। ਇਸ ਤੋਂ ਇਲਾਵਾ ਸਫਾਈ ਸੇਵਕਾਂ ਦੀ ਮੰਗ ਅਨੁਸਾਰ ਅਗਲੇ ਹਫਤੇ ਉਨ੍ਹਾਂ ਨੂੰ ਲੋੜੀਂਦੀਆਂ ਰੇਹੜੀਆਂ ਮੁਹੱਈਆ ਕਰਵਾਈਆਂ ਜਾਣਗੀਆਂ।

ਇਸ ਮੌਕੇ ਚੇਅਰਮੈਨ ਗੇਜਾ ਰਾਮ ਨੇ ਕਿਹਾ ਕਿ ਸਫਾਈ ਸੇਵਕਾਂ ਦੀਆਂ ਖਾਲੀ ਅਸਾਮੀਆਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਾਣਨ ਲਈ ਸਰਕਾਰ ਵੱਲੋਂ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ। ਕਈ ਥਾਵਾਂ ਤੋਂ ਇਹ ਪਤਾ ਚੱਲਿਆ ਹੈ ਕਿ ਕੱਚੇ ਸਫਾਈ ਸੇਵਕਾਂ ਦਾ ਠੇਕੇਦਾਰਾਂ ਵੱਲੋਂ ਸ਼ੋਸ਼ਣ ਕੀਤਾ ਜਾ ਰਿਹਾ ਹੈ ਅਤੇ ਅਜਿਹੇ ਠੇਕੇਦਾਰਾਂ ਖ਼ਿਲਾਫ਼ ਪੁਲਿਸ ਕੇਸ ਦਰਜ ਕਰਵਾ ਕੇ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਨੇ ਆਦੇਸ਼ ਦਿੱਤੇ ਹਨ ਕਿ ਜੇਕਰ ਸੀਵਰੇਜ ਦੀ ਸਫਾਈ ਕਰਦਾ ਕੋਈ ਸੀਵਰਮੈਨ ਮਰ ਜਾਂਦਾ ਹੈ ਤਾਂ ਉਸਨੂੰ 10 ਲੱਖ ਰੁਪਏ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਸਫਾਈ ਸੇਵਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨਾਲ ਕੋਈ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਜਾਇਜ਼ ਮੰਗਾਂ ਪੂਰੀਆਂ ਕਰਵਾਈਆਂ ਜਾਣਗੀਆਂ।

ਇਸ ਦੌਰਾਨ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ ਚੇਅਰਮੈਨ ਰਾਮ ਸਿੰਘ, ਕਮਿਸ਼ਨ ਦੇ ਮੈਂਬਰ ਇੰਦਰਜੀਤ ਸਿੰਘ, ਕਾਰਜਸਾਧਕ ਅਫਸਰ ਗੁਰਪਾਲ ਸਿੰਘ, ਸ਼੍ਰੀਮਤੀ ਲਤਾ ਦੇਵੀ, ਗੁਲਸ਼ਨ ਕੁਮਾਰ ਬੌਬੀ, ਅਸ਼ੋਕ ਸੂਦ, ਅਮਰਦੀਪ ਸਿੰਘ ਬੈਨੀਪਾਲ, ਨਰਿੰਦਰ ਪ੍ਰਿੰਸ, (ਸਾਰੇ ਕੌਂਸਲਰ), ਪਰਮਵੀਰ ਸਿੰਘ ਟਿਵਾਣਾ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਸਫਾਈ ਸੇਵਕ ਤੇ ਸ਼ਹਿਰ ਦੇ ਮੋਹਤਬਰ ਵਿਅਕਤੀ ਵੀ ਮੌਜੂਦ ਸਨ।