ਭਾਰਤ ਦੀਆਂ ਟਰੇਡ ਯੂਨੀਅਨਾਂ ਕਰਨਗੀਆਂ 8 ਜਨਵਰੀ ਨੂੰ ਸਮੁੱਚੇ ਭਾਰਤ 'ਚ ਹੜਤਾਲ !!!

Last Updated: Dec 04 2019 17:56
Reading time: 1 min, 37 secs

ਇਨਕਲਾਬੀ ਲੋਕ ਮੋਰਚਾ ਪੰਜਾਬ ਨੇ ਭਾਰਤ ਦੀਆਂ ਟਰੇਡ ਯੂਨੀਅਨਾਂ ਵੱਲੋਂ 8 ਜਨਵਰੀ ਨੂੰ ਸਮੁੱਚੇ ਭਾਰਤ ਵਿੱਚ ਕੀਤੀ ਜਾ ਰਹੀ ਹੜਤਾਲ ਅਤੇ ਇਸੇ ਦਿਨ ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ਤੇ ਦੇਸ਼ ਦੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਇੱਕ ਰੋਜ਼ਾ ਪੇਂਡੂ ਬੰਦ ਦਾ ਸਮਰਥਨ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਮੋਰਚਾ ਦੀ ਲਾਲ ਸਿੰਘ ਗੋਲੇਵਾਲਾ ਦੀ ਪ੍ਰਧਾਨਗੀ ਹੇਠ ਹੋਈ ਸੂਬਾ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਗਿਆ। ਮੀਟਿੰਗ ਦੀ ਕਾਰਵਾਈ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੋਰਚੇ ਦੇ ਜਨਰਲ ਸਕੱਤਰ ਸਤਵੰਤ ਸਿੰਘ ਬਾਜੀਦਪੁਰ ਅਤੇ ਪ੍ਰੈਸ ਸਕੱਤਰ ਸਵਰਨਜੀਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਪੇਂਡੂ ਪੰਚਾਇਤੀ ਸ਼ਾਮਲਾਤਾਂ ਨੂੰ ਖ਼ਰੀਦ ਕੇ ਨਿਜੀ ਕੰਪਨੀਆਂ ਨੂੰ ਸੌਂਪਣ ਦੇ ਫ਼ੈਸਲੇ ਨੂੰ ਲੋਕ ਵਿਰੋਧੀ ਕਰਾਰ ਦਿੰਦੇ ਹੋਏ ਕਿਹਾ ਕਿ ਸਰਕਾਰ ਅਜਿਹਾ ਕਰਕੇ ਪਹਿਲਾਂ ਹੀ ਨਿਘਰੀ ਹੋਈ ਪੇਂਡੂ ਆਰਥਿਕਤਾ ਨੂੰ ਹੋਰ ਤਬਾਹ ਕਰ ਰਹੀ ਹੈ।

ਇਨ੍ਹਾਂ ਜ਼ਮੀਨਾਂ ਉੱਪਰ ਪੰਜਾਬ ਦੇ ਲੱਖਾਂ ਕਿਸਾਨਾਂ, ਪੇਂਡੂ ਤੇ ਦਲਿਤ ਮਜ਼ਦੂਰਾਂ ਦਾ ਜੀਵਨ ਨਿਰਭਰ ਹੈ। ਇਸ ਤੋਂ ਹੋਣ ਵਾਲੀ ਆਮਦਨ ਨਾਲ ਪਿੰਡਾਂ ਦਾ ਵਿਕਾਸ ਹੁੰਦਾ ਹੈ। ਪਰ ਸਰਕਾਰ ਇਹ ਜ਼ਮੀਨਾਂ ਇਨ੍ਹਾਂ ਤੋਂ ਖੋਹ ਕੇ ਨਿਜੀ ਕੰਪਨੀਆਂ ਨੂੰ ਦੇ ਕੇ ਪਹਿਲਾਂ ਹੀ ਮਾਲਾਮਾਲ ਪੂੰਜੀਪਤੀਆਂ ਦਾ ਪੱਖ ਪੂਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਇਹ ਜ਼ਮੀਨਾਂ ਪੱਕੇ ਤੌਰ 'ਤੇ ਬੇਜ਼ਮੀਨੇ ਕਿਸਾਨਾਂ, ਪੇਂਡੂ ਅਤੇ ਦਲਿਤ ਮਜ਼ਦੂਰਾਂ ਨੂੰ ਅਲਾਟ ਕੀਤੀਆਂ ਜਾਣ। ਮੀਟਿੰਗ ਵਿੱਚ ਪਾਸ ਇੱਕ ਮਤੇ ਵਿੱਚ ਮੋਗਾ ਪੁਲਿਸ ਵੱਲੋਂ ਮੋਰਚੇ ਦੇ ਸੂਬਾ ਆਗੂ ਦਰਸ਼ਨ ਸਿੰਘ ਤੂਰ ਸਮੇਤ ਜਨਤਕ ਜਮਹੂਰੀ ਆਗੂਆਂ ਉੱਪਰ ਇਰਾਦਾ ਕਤਲ ਵਰਗੀਆਂ ਸੰਗੀਨ ਧਾਰਾਵਾਂ ਤਹਿਤ ਦਰਜ ਕੀਤੇ ਗੈਰ-ਕਾਨੂੰਨੀ ਅਤੇ ਝੂਠੇ ਕੇਸ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ।

ਇਸੇ ਦੌਰਾਨ ਆਗੂਆਂ ਨੇ ਮੰਗ ਕੀਤੀ ਕਿ ਉਕਤ ਕੇਸ ਤੁਰੰਤ ਰੱਦ ਕੀਤੇ ਜਾਣ। ਸੰਗਰੂਰ ਵਿਖੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ, ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਵਿਰੋਧੀ ਕਮੇਟੀ ਵੱਲੋਂ ਕੀਤੇ ਜਾ ਰਹੇ ਸੰਘਰਸ਼ਾਂ ਦੀ ਸਰਗਰਮ ਹਮਾਇਤ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ। ਕੇਂਦਰ ਅਤੇ ਪੰਜਾਬ ਵੱਲੋਂ ਕਿਰਤ ਕਾਨੂੰਨਾਂ ਵਿੱਚ ਕੀਤੀਆਂ ਜਾ ਰਹੀਆਂ ਮਜ਼ਦੂਰ ਵਿਰੋਧੀ ਅਤੇ ਸਰਮਾਏਦਾਰ ਪੱਖੀ ਸੋਧਾਂ ਦੀ ਨਿਖੇਧੀ ਕਰਦਿਆਂ ਇਨ੍ਹਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ। ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਮੋਰਚੇ ਦੇ ਵਿੱਤ ਸਕੱਤਰ ਰਾਜੇਸ਼ ਮਲਹੋਤਰਾ ਅਤੇ ਸੂਬਾ ਕਮੇਟੀ ਮੈਂਬਰ ਬਲਵੰਤ ਸਿੰਘ ਮਹਿਰਾਜ, ਪਰਮਜੀਤ ਸਿੰਘ ਜ਼ੀਰਾ ਅਤੇ ਦਰਸ਼ਨ ਸਿੰਘ ਤੂਰ ਵੀ ਸ਼ਾਮਲ ਸਨ।