ਕਿਸਾਨਾਂ ਮਜ਼ਦੂਰਾਂ ਨੇ ਕੀਤਾ, 8 ਜਨਵਰੀ ਦੇ ਪੇਂਡੂ ਭਾਰਤ ਬੰਦ ਦੀ ਹਮਾਇਤ ਕਰਨ ਦਾ ਐਲਾਨ !!!

Last Updated: Dec 28 2019 18:07
Reading time: 1 min, 28 secs

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਕੋਰ ਕਮੇਟੀ ਦੀ ਮੀਟਿੰਗ ਸੂਬਾ ਹੈੱਡਕੁਆਟਰ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਯਾਦਗਾਰ ਭਵਨ ਚੱਬਾ ਵਿਖੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਪ੍ਰਧਾਨਗੀ ਵਿੱਚ ਹੋਈ। ਮੀਟਿੰਗ ਵਿੱਚ ਕੀਤੇ ਫ਼ੈਸਲਿਆਂ ਦੀ ਜਾਣਕਾਰੀ ਦਿੰਦਿਆਂ ਸੂਬਾ ਪ੍ਰੈਸ ਸਕੱਤਰ ਹਰਪ੍ਰੀਤ ਸਿੰਘ ਸਿੱਧਵਾ ਨੇ ਦੱਸਿਆ ਕਿ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ, ਮਜ਼ਦੂਰਾਂ ਦਾ ਕਿੱਤਾ ਤੇ ਰੁਜ਼ਗਾਰ ਤਬਾਹ ਕਰਨ ਵਾਲੀ ਵਿਸ਼ਵ ਵਪਾਰ ਸੰਸਥਾ ਦੇ ਦਬਾਅ ਹੇਠ ਲੋਕ ਵਿਰੋਧੀ ਨੀਤੀਆਂ ਦੀ ਕੋਰ ਕਮੇਟੀ ਸਖ਼ਤ ਨਿਖੇਧੀ ਕਰਦੀ ਹੈ। ਉਨ੍ਹਾਂ ਨੇ ਦੇਸ਼ ਭਰ ਦੀਆਂ 250 ਦੇ ਕਰੀਬ ਕਿਸਾਨ ਮਜ਼ਦੂਰ ਜੱਥੇਬੰਦੀਆਂ ਵੱਲੋਂ 8 ਜਨਵਰੀ ਨੂੰ ਕੀਤੇ ਜਾ ਰਹੇ ਪੇਂਡੂ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਕੀਤੀ।

ਕਿਸਾਨਾਂ ਆਗੂਆਂ ਨੇ ਮੰਗ ਕੀਤੀ ਕਿ ਸ਼ਾਂਤਾ ਰਾਮ ਕਮੇਟੀ ਦੀਆਂ ਸਿਫਾਰਸ਼ਾਂ ਅਨੁਸਾਰ ਖੇਤੀ ਮੰਡੀ ਕਾਰਪੋਰੇਸ਼ਨ ਕੰਪਨੀ ਦੇ ਹਵਾਲੇ ਕਰਨ ਦਾ ਫ਼ੈਸਲਾ ਰੱਦ ਕਰਨ, ਕਣਕ ਝੋਨੇ ਸਮੇਤ 23 ਫ਼ਸਲਾਂ ਦੇ ਭਾਅ ਡਾ. ਸੁਆਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਕੇ 2 ਸੀ ਧਾਰਾ ਮੁਤਾਬਿਕ ਲਾਗਤ ਖ਼ਰਚਿਆਂ ਵਿੱਚ 50 ਪ੍ਰਤੀਸ਼ਤ ਮੁਨਾਫ਼ਾ ਜੋੜ ਕੇ ਐਲਾਨੇ ਜਾਣ ਤੇ ਸਰਕਾਰੀ ਖ਼ਰੀਦ ਦੀ ਗਾਰੰਟੀ ਕੀਤੀ ਜਾਵੇ, ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਸਨਅਤਕਾਰਾਂ ਦੇ ਪੈਟਰਨ 'ਤੇ ਕੇਂਦਰ ਤੇ ਪੰਜਾਬ ਸਰਕਾਰ ਤੁਰੰਤ ਖ਼ਤਮ ਕਰੇ, ਕੁਰਕੀਆਂ ਗ੍ਰਿਫ਼ਤਾਰੀਆਂ ਬੰਦ ਕਰੇ ਤੇ ਕਿਸਾਨ ਪੱਖੀ ਖੇਤੀ ਨੀਤੀ ਪਾਸ ਕਰਕੇ ਛੋਟੀਆਂ ਖੇਤੀ ਸਨਅਤਾਂ ਪੇਂਡੂ ਇਲਾਕਿਆਂ ਵਿੱਚ ਲਾਈਆਂ ਜਾਣਾ, ਖੇਤੀ ਵਿਭਿੰਨਤਾ ਲਾਗੂ ਕਰਨ, ਖੇਤਾਂ ਵਿੱਚ ਕੰਮ ਕਰਦੇ ਕਿਸਾਨਾਂ ਮਜ਼ਦੂਰਾਂ ਨੂੰ ਕੁਸ਼ਲ ਕਾਮਾ ਗਿਣ ਕੇ 60 ਸਾਲ ਦੀ ਉਮਰ ਤੋਂ ਬਾਅਦ ਸਮਾਜਿਕ ਸੁਰੱਖਿਆ ਕਾਨੂੰਨ ਮੁਤਾਬਿਕ 10 ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦਿੱਤੀ ਜਾਵੇ।

ਇਸ ਤੋਂ ਇਲਾਵਾ ਮੀਟਿੰਗ ਵਿੱਚ ਮਤਾ ਪਾਸ ਕਰਕੇ ਮੰਗ ਕੀਤੀ ਗਈ ਕਿ ਨਾਗਰਿਕਤਾ ਸੋਧ ਬਿੱਲ ਵਿੱਚ ਖ਼ਾਸ (ਮੁਸਲਿਮ) ਭਾਈਚਾਰੇ ਨੂੰ ਸ਼ਾਮਲ ਕੀਤਾ ਜਾਵੇ, ਐੱਨਆਰਪੀ ਰਾਹੀਂ ਨਾਗਰਿਕਤਾ ਰਜਿਸਟਰ ਲਾਗੂ ਕਰਨ ਦਾ ਫ਼ੈਸਲਾ ਰੱਦ ਕੀਤਾ ਜਾਵੇ ਤੇ 2003 ਵਿੱਚ ਸੰਵਿਧਾਨ ਦੀ ਧਾਰਾ 14 ਵਿੱਚ ਕੀਤੀ ਸੋਧ ਵਾਪਸ ਲਈ ਜਾਵੇ। ਇਸ ਮੌਕੇ ਕਿਸਾਨ ਆਗੂ ਸਰਵਨ ਸਿੰਘ, ਸਵਿੰਦਰ ਸਿੰਘ, ਸੁਖਵਿੰਦਰ ਸਿੰਘ ਸਭਰਾ, ਜਸਬੀਰ ਸਿੰਘ, ਗੁਰਲਾਲ ਸਿੰਘ ਪੰਡੋਰੀ, ਗੁਰਬਚਨ ਸਿੰਘ ਚੱਬਾ ਆਦਿ ਵੀ ਹਾਜ਼ਰ ਸਨ।