ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਲੋੜਵੰਦਾਂ ਲਈ ਲਾਹੇਵੰਦ ਹੋਈ ਸਾਬਤ (ਨਿਊਜ਼ਨੰਬਰ ਖ਼ਾਸ ਖ਼ਬਰ)

Last Updated: Jun 06 2020 14:55
Reading time: 1 min, 42 secs

ਕੋਵਿਡ 19 ਦੇ ਸੰਕਟ ਨੂੰ ਦੇਖਦੇ ਹੋਏ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਸੂਬਿਆਂ ਨੂੰ ਰਾਹਤ ਪ੍ਰਦਾਨ ਕਰਨ ਦੀ ਲੜੀ ਤਹਿਤ ਸਮਾਰਟ ਕਾਰਡ ਹੋਲਡਰਾਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਹਰੇਕ ਲੋੜਵੰਦ ਦੇ ਘਰ ਤੱਕ ਤਿੰਨ ਮਹੀਨੇ ਦਾ ਰਾਸ਼ਨ ਪੁੱਜਦਾ ਕਰਨ ਲਈ ਮੁਹਿੰਮ ਵਿੱਢੀ ਗਈ। ਇਸਦੇ ਤਹਿਤ ਸੂਬਾ ਪੰਜਾਬ ਵਿੱਚ ਵੀ 1 ਕਰੋੜ ਤੇ 35 ਲੱਖ ਲੋਕਾਂ ਲਈ ਰਾਸ਼ਨ ਆਇਆ। ਜ਼ਿਲ੍ਹਾ ਫਾਜ਼ਿਲਕਾ 'ਚ ਵੀ ਇਹ ਰਾਸ਼ਨ ਪਹੁੰਚਿਆ ਅਤੇ ਜ਼ਿਲ੍ਹੇ ਦੇ 1 ਲੱਖ 35 ਹਜ਼ਾਰ ਸਮਾਰਟ ਕਾਰਡ ਹੋਲਡਰਾਂ ਦੇ ਹੱਥਾਂ ਤੱਕ ਇਹ ਰਾਸ਼ਨ ਪਹੁੰਚਾਇਆ ਗਿਆ। ਸੂਬਾ ਪੰਜਾਬ ਦੇ ਖੁਰਾਕ ਤੇ ਸਪਲਾਈ ਮੰਤਰੀ ਪੰਜਾਬ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ ਕਿ ਕੋਈ ਸਮਾਰਟ ਰਾਸ਼ਨ ਕਾਰਡ ਹੋਲਡਰ ਸਰਕਾਰ ਦੀ ਯੋਜਨਾ ਦਾ ਲਾਭ ਲੈਣ ਤੋਂ ਵਾਂਝਾ ਨਾ ਰਹਿ ਜਾਵੇ।

ਇਸ ਯੋਜਨਾ ਤਹਿਤ ਹੁਣ ਤੱਕ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਅੰਦਰ 1 ਲੱਖ 35 ਹਜ਼ਾਰ ਦੇ ਕਰੀਬ ਪਰਿਵਾਰਾਂ ਨੂੰ ਕਵਰ ਕਰ ਲਿਆ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਰਾਜ ਰਿਸ਼ੀ ਮਹਿਰਾ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 77064 ਕੁਇੰਟਲ ਕਣਕ ਅਤੇ 3612 ਕੁਇੰਟਲ ਦਾਲ ਵੰਡੀ ਜਾ ਚੁੱਕੀ ਹੈ। ਇਸ ਅਨਾਜ ਵੰਡ ਤਹਿਤ ਗਰੀਬ ਪਰਿਵਾਰਾਂ ਨੂੰ 5 ਕਿੱਲੋਗ੍ਰਾਮ ਪ੍ਰਤੀ ਜੀਅ ਪ੍ਰਤੀ ਮਹੀਨਾ ਕਣਕ ਅਤੇ ਇੱਕ ਕਿਲੋਗ੍ਰਾਮ ਪ੍ਰਤੀ ਪਰਿਵਾਰ ਪ੍ਰਤੀ ਮਹੀਨਾ ਦਾਲ ਦਿੱਤੀ ਜਾ ਰਹੀ ਹੈ। ਇਹ ਅਨਾਜ ਅਪ੍ਰੈਲ ਤੋਂ ਜੂਨ ਤੱਕ ਤਿੰਨ ਮਹੀਨਿਆਂ ਦਾ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਉਨ੍ਹਾਂ ਪਾਸੋਂ ਕੋਈ ਪੈਸਾ ਨਹੀਂ ਲਿਆ ਜਾ ਰਿਹਾ।

ਉਨ੍ਹਾਂ ਦੱਸਿਆ ਕਿ 80 ਫੀਸਦੀ ਤੋਂ ਵਧੇਰੇ ਵੰਡ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ ਅਤੇ ਰਹਿੰਦੇ ਲਾਭਪਾਤਰੀਆਂ ਨੂੰ ਦੋ ਦਿਨਾਂ ਦੇ ਅੰਦਰ ਹਰ ਹੀਲੇ ਕਵਰ ਕਰ ਲਿਆ ਜਾਵੇਗਾ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੀ ਮਿਸ਼ਨ ਫਤਿਹ ਜਾਗਰੂਕਤਾ ਮੁਹਿੰਮ ਤਹਿਤ ਰਾਸ਼ਨ ਵੰਡਣ ਵੇਲੇ ਕੋਵਿਡ 19 ਦੇ ਮੱਦੇਨਜ਼ਰ ਸਿਹਤ ਵਿਭਾਗ ਅਤੇ ਰਾਜ ਸਰਕਾਰ ਵੱਲੋਂ ਜਾਰੀ ਹਦਾਇਤਾਂ ਬਾਰੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਰਾਸ਼ਨ ਵੰਡਦੇ ਹੋਏ ਸਮਾਜਿਕ ਦੂਰੀ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਵੀ ਵਿਸ਼ੇਸ਼ ਤੌਰ ਤੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 540 ਡਿਪੂਆਂ ਨੇ ਰਾਸ਼ਨ ਵੰਡਣ ਦੀ ਪ੍ਰਕਿਰਿਆ ਨੂੰ ਨੇਪਰੇ ਚੜ੍ਹਾ ਲਿਆ ਹੈ।

ਨੋਟ:- ਉਕਤ ਵਿਚਾਰ ਲੇਖਕ ਦੇ ਆਪਣੇ ਨਿਜੀ ਵਿਚਾਰ ਹਨ, NewsNumber ਇਨ੍ਹਾਂ ਵਿਚਾਰਾਂ ਲਈ ਜ਼ਿੰਮੇਵਾਰ ਨਹੀਂ ਹੈ।