ਕੋਵਿਡ-19 ਦੇ ਖ਼ਤਰੇ ਤੋਂ ਜ਼ਿਲ੍ਹਾ ਵਾਸੀਆਂ ਨੂੰ ਜਾਗਰੁਕ ਕਰਨ ਲਈ ਹਰੇਕ ਵਾਰਡ, ਪਿੰਡਾਂ, ਗਲੀ ਮੁਹੱਲਿਆਂ ਅਤੇ ਇੱਕ-ਇੱਕ ਘਰ ਤੱਕ ਕੀਤੀ ਜਾਵੇਗੀ ਪਹੁੰਚ

Last Updated: Jun 28 2020 17:12
Reading time: 2 mins, 11 secs

ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਚਲਾਈ ਗਈ ਮਿਸ਼ਨ ਫਤਿਹ ਮੁਹਿੰਮ ਅਧੀਨ ਜ਼ਿਲ੍ਹਾ ਪਠਾਨਕੋਟ ਦੇ ਸਾਰੇ ਵਿਭਾਗਾਂ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਕੋਵਿਡ-19 ਦੇ ਖ਼ਤਰੇ ਤੋਂ ਜ਼ਿਲ੍ਹਾ ਵਾਸੀਆਂ ਨੂੰ ਜਾਗਰੁਕ ਕਰਨ ਲਈ ਹਰੇਕ ਵਾਰਡ, ਪਿੰਡਾਂ, ਗਲੀ ਮੁਹੱਲਿਆਂ ਅਤੇ ਇੱਕ-ਇੱਕ ਘਰ ਤੱਕ ਪਹੁੰਚ ਕਰਨ, ਇਸ ਲਈ ਵਿਸ਼ੇਸ਼ ਮੁਹਿੰਮ ਚਲਾ ਕੇ ਹਰ ਪਿੰਡ, ਹਰ ਸ਼ਹਿਰ ਅਤੇ ਹਰੇਕ ਘਰ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਜਾਵੇ ਤਾਂ ਜੋ ਮਿਸ਼ਨ ਫਤਿਹ ਤਹਿਤ ਇਸ ਮਹਾਂਮਾਰੀ ਨੂੰ ਹਰਾ ਕੇ ਲੋਕਾਂ ਦੇ ਸਹਿਯੋਗ ਨਾਲ ਇਸ ਤੇ ਜਿੱਤ ਪ੍ਰਾਪਤ ਕੀਤੀ ਜਾ ਸਕੇ। ਇਹ ਪ੍ਰਗਟਾਵਾ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਉਨਾਂ ਕਿਹਾ ਕਿ ਜਦੋਂ ਤੱਕ ਅਸੀਂ ਜਾਗਰੁਕ ਨਹੀਂ ਹੋਵਾਂਗੇ ਤਦ ਤੱਕ ਕਰੋਨਾ ਵਾਈਰਸ ਦੇ ਪ੍ਰਕੋਪ ਨੂੰ ਘਟਾਇਆ ਨਹੀਂ ਜਾ ਸਕਦਾ।

ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਮਿਸ਼ਨ ਫਤਿਹ ਤਹਿਤ ਡੋਰ ਟੂ ਡੋਰ ਮੁਹਿੰਮ ਰਾਹੀਂ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਆਦਾ ਤੋਂ ਜ਼ਿਆਦਾ ਇਲਾਕਾ ਕਵਰ ਕੀਤਾ ਜਾਵੇ। ਉਨਾਂ ਕਿਹਾ ਕਿ ਇਸ ਮੁਹਿੰਮ ਤਹਿਤ ਹਰ ਪਿੰਡ ਅਤੇ ਹਰ ਵਾਰਡ ਕਵਰ ਹੋਣਾ ਲਾਜ਼ਮੀ ਹੈ ਤਾਂ ਜੋ ਲੋਕ ਕੋਰੋਨਾ ਦੀ ਭਿਆਨਕ ਬਿਮਾਰੀ ਤੋਂ ਬਚਾਅ ਸਬੰਧੀ ਵਰਤੀਆਂ ਜਾ ਸਕਣ ਵਾਲੀਆਂ ਸਾਵਧਾਨੀਆਂ ਤੋਂ ਜਾਣੂ ਹੋ ਸਕਣ। ਉਨਾਂ ਹਰੇਕ ਵਿਭਾਗ ਦੀ ਡਿਊਟੀ ਵੰਡ ਕਰਦੇ ਹੋਏ 28 ਜੂਨ 2020 ਨੂੰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸਰਪੰਚਾਂ, ਪੰਚਾਂ, ਪ੍ਰਚਾਰ ਵਹੀਕਲਾਂ ਅਤੇ ਵਿਭਾਗ ਦੇ ਕਰਮਚਾਰੀਆਂ ਦੇ ਸਹਿਯੋਗ ਨਾਲ ਇਸ ਮੁਹਿੰਮ ਵਿੱਚ ਭਾਗ ਲੈ ਕੇ ਪਿੰਡਾਂ ਤੱਕ ਪਹੁੰਚ ਕਰਨ। ਉਨਾਂ ਕਿਹਾ ਕਿ ਇਸੇ ਤਰਾਂ ਤਕਨੀਕੀ ਸਿੱਖਿਆ ਵਿਭਾਗ ਵੱਲੋਂ 29 ਜੂਨ ਨੂੰ, ਉੱਚ ਸਿੱਖਿਆ ਵਿਭਾਗ ਵੱਲੋਂ 30 ਜੂਨ ਅਤੇ ਸਕੂਲ ਸਿੱਖਿਆ ਵਿਭਾਗ ਵੱਲੋਂ 01 ਜੁਲਾਈ 2020 ਨੂੰ ਜ਼ਿਲ੍ਹੇ ਦੇ ਵਾਸੀਆਂ ਨੂੰ ਜਾਗਰੂਕ ਕਰਨ ਲਈ ਪ੍ਰੋਗਰਾਮ ਉਲੀਕੇ ਜਾਣ। ਇਸੇ ਤਰਾਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 02 ਜੁਲਾਈ 2020 ਨੂੰ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਡੋਰ ਟੂ ਡੋਰ ਮੁਹਿੰਮ ਚਲਾ ਕੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਲੜੀ ਨੂੰ ਅੱਗੇ ਤੋਰਦੇ ਹੋਏ 3 ਜੁਲਾਈ 2020 ਨੂੰ ਸਿਹਤ ਵਿਭਾਗ ਵੱਲੋਂ ਇਕ ਰੋਜ਼ਾ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਖੇਡ ਅਤੇ ਯੁਵਕ ਸੇਵਾਵਾਂ ਵੱਲੋਂ ਸਪੈਸ਼ਲ ਇੱਕ ਰੋਜ਼ਾ ਪ੍ਰੋਗਰਾਮ ਯੂਥ ਕਲੱਬਾਂ ਅਤੇ ਯੂਥ ਡਿਵੈਲਪਮੈਂਟ ਬੋਰਡ ਦੇ ਸਹਿਯੋਗ ਨਾਲ 04 ਜੁਲਾਈ ਨੂੰ ਕੀਤਾ ਜਾਵੇਗਾ ਜਿਸ ਵਿੱਚ ਜ਼ਿਲ੍ਹਾ ਵਾਸੀਆਂ ਨੂੰ ਮਿਸ਼ਨ ਫਤਿਹ ਦਾ ਸੁਨੇਹਾ ਦਿੰਦੇ ਹੋਏ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਤੋਂ ਜਾਣੂ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਸਹਿਕਾਰੀ ਵਿਭਾਗ ਵੱਲੋਂ 05 ਜੁਲਾਈ 2020 ਨੂੰ ਸਹਿਕਾਰੀ ਸਭਾਵਾਂ ਦੇ ਸਹਿਯੋਗ ਨਾਲ ਇੱਕ ਰੋਜ਼ਾ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਇਸ ਮੁਹਿੰਮ ਨੂੰ ਹਰ 15 ਦਿਨਾਂ ਬਾਅਦ ਦੁਹਰਾਵੇਗਾ ਤਾਂ ਜੋ ਕੋਈ ਵੀ ਘਰ ਇਸ ਜਾਗਰੂਕਤਾ ਮੁਹਿੰਮ ਤੋਂ ਵਾਂਝਾ ਨਾ ਰਹੇ ਅਤੇ ਅਸੀਂ ਸਾਰੇ ਨਾਗਰਿਕ ਮਿਲ ਕੇ ਕੋਰੋਨਾ ਨਾਮ ਦੀ ਇਸ ਭਿਆਨਕ ਮਹਾਂਮਾਰੀ ਤੇ ਫਤਿਹ ਪਾ ਸਕੀਏ।