ਮੁੱਖ ਮੰਤਰੀ ਨੇ ਫੇਸਬੁੱਕ ਜਰੀਏ ਬਟਾਲਾ ਦੇ ਮਨਦੀਪ ਰੰਧਾਵਾ ਨੂੰ ਮੱਕੀ ਦੀ ਕਾਸ਼ਤ ਕਰਨ ਲਈ ਉਤਸ਼ਾਹਿਤ ਕੀਤਾ

Last Updated: Jun 29 2020 15:01
Reading time: 1 min, 3 secs

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਅਕਾਊਂਟ ਤੋਂ ਆਨ-ਲਾਈਨ ਹੋ ਕੇ ਬਟਾਲਾ ਨਿਵਾਸੀ ਮਨਦੀਪ ਸਿੰਘ ਰੰਧਾਵਾ ਦੇ ਸਵਾਲ ਦਾ ਜੁਆਬ ਦਿੰਦਿਆਂ ਪੰਜਾਬ ਦੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਸਰਕਾਰ ਵੱਲੋਂ ਫ਼ਸਲੀ ਵਿਭਿੰਨਤਾ ਲਿਆਉਣ ਲਈ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿੱਚੋਂ ਕੱਢਣ ਲਈ ਹੋਰ ਫ਼ਸਲਾਂ ਦੀ ਕਾਸ਼ਤ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਦੀ ਥਾਂ ਮੱਕੀ ਦੀ ਕਾਸ਼ਤ ਨਾਲ ਪਾਣੀ ਦੀ ਵੱਡੇ ਪੱਧਰ 'ਤੇ ਬਚਤ ਹੁੰਦੀ ਹੈ ਅਤੇ ਕਿਸਾਨਾਂ ਨੂੰ ਮੱਕੀ ਵਰਗੀਆਂ ਘੱਟ ਪਾਣੀ ਵਾਲੀਆਂ ਫ਼ਸਲਾਂ ਦੀ ਕਾਸ਼ਤ ਕਰਨੀ ਚਾਹੀਦੀ ਹੈ।

ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਮੱਕੀ ਅਤੇ ਹੋਰ ਬਦਲਵੀਂਆਂ ਫ਼ਸਲਾਂ ਬੀਜਣ ਲਈ ਖੇਤੀ ਮਸ਼ੀਨਰੀ ਉੱਪਰ 40 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਖੇਤੀ ਮਸ਼ੀਨਰੀ ਉੱਪਰ ਸਬਸਿਡੀ ਲੈਣ ਲਈ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਿਸਾਨ ਖੇਤੀ ਸੰਦਾਂ ਉੱਪਰ 40 ਫ਼ੀਸਦੀ ਸਬਸਿਡੀ ਦੀ ਸਕੀਮ ਦਾ ਲਾਭ ਉਠਾ ਸਕਦੇ ਹਨ। ਦੱਸਣਯੋਗ ਹੈ ਕਿ ਬਟਾਲਾ ਨਿਵਾਸੀ ਮਨਦੀਪ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਫੇਸਬੁੱਕ ਉੱਪਰ ਮੱਕੀ ਦੀ ਕਾਸ਼ਤ ਵਾਸਤੇ ਮਸ਼ੀਨਰੀ ਉੱਪਰ ਦਿੱਤੀ ਜਾ ਰਹੀ ਸਬਸਿਡੀ ਬਾਰੇ ਸਵਾਲ ਕੀਤਾ ਸੀ ਅਤੇ ਮੁੱਖ ਮੰਤਰੀ ਨੇ ਉਨ੍ਹਾਂ ਦੇ ਸੁਆਲ ਦਾ ਜੁਆਬ ਦੇ ਕੇ ਉਨ੍ਹਾਂ ਨੂੰ ਮੱਕੀ ਦੀ ਕਾਸ਼ਤ ਕਰਨ ਲਈ ਉਤਸ਼ਾਹਿਤ ਕੀਤਾ ਹੈ।