ਸੂਬੇ ਭਰ 'ਚ ਅਕਾਲੀ ਦਲ ਖ਼ਿਲਾਫ਼ ਹੋਏ ਧਰਨੇ ਪ੍ਰਦਰਸ਼ਨ, ਹੋ ਸਕਦੈ ਵੱਡਾ ਨੁਕਸਾਨ !!! (ਨਿਊਜ਼ਨੰਬਰ ਖ਼ਾਸ ਖ਼ਬਰ)

Last Updated: Jun 29 2020 18:18
Reading time: 1 min, 15 secs

ਅੱਜ ਦਾ ਦਿਨ ਸੂਬਾ ਪੰਜਾਬ 'ਚ ਅਕਾਲੀ ਦਲ ਦੇ ਖ਼ਿਲਾਫ਼ ਧਰਨੇ ਪ੍ਰਦਰਸ਼ਨ ਵਾਲਾ ਰਿਹਾ। ਕਾਂਗਰਸ ਸਮੇਤ 'ਆਪ' ਦੇ ਆਗੂਆਂ ਅਤੇ ਕਾਰਕੁਨਾਂ ਨੇ ਜ਼ਿਲ੍ਹਾ ਪੱਧਰ, ਬਲਾਕ ਪੱਧਰ 'ਤੇ ਕੇਂਦਰ ਵੱਲੋਂ ਜਾਰੀ ਆਰਡੀਨੈਂਸ, ਜਿਸ ਨੂੰ ਕਿਸਾਨ ਵਿਰੋਧੀ ਦੱਸਿਆ ਜਾ ਰਿਹਾ ਹੈ ਮਾਮਲੇ 'ਚ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਦੀ ਸੱਤਾਧਾਰੀ ਪਾਰਟੀ ਕਾਂਗਰਸ ਸਣੇ ਹੋਰ ਪਾਰਟੀਆਂ ਵੱਲੋਂ ਕੇਂਦਰ ਖ਼ਿਲਾਫ਼ ਆਪਣਾ ਰੋਸ ਜ਼ਾਹਿਰ ਕਰਨ ਦੇ ਮਾਮਲੇ 'ਚ ਆਪਣਾ ਸਮਰਥਨ ਨਾ ਦੇਣ ਨੂੰ ਮੁੱਦਾ ਬਣਾ ਲਿਆ ਹੈ ਅਤੇ ਕਿਸਾਨਾਂ ਤੱਕ ਇਹ ਸੁਨੇਹਾ ਪਹੁੰਚਾਉਣ ਲਈ ਇਹ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਕਿ ਅਕਾਲੀ ਦਲ ਕਿਸਾਨਾਂ ਦੀ ਹਿਤੈਸ਼ੀ ਨਹੀਂ ਹੈ, ਨਹੀਂ ਤਾਂ ਉਸ ਨੇ ਬਾਕੀ ਸਾਰੀਆਂ ਪਾਰਟੀਆਂ ਦੇ ਨਾਲ ਖੜੇ ਹੋਣਾ ਸੀ।

ਹੁਣ ਜਿੱਥੇ ਕਾਂਗਰਸ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਸਵਾਲ ਖੜੇ ਕੀਤੇ ਹਨ ਉੱਥੇ ਹੀ ਆਪ ਵੀ ਇਸ ਮੁੱਦੇ 'ਤੇ ਕਿਸਾਨਾਂ ਦੀ ਹਮਦਰਦੀ ਬਟੋਰਨ 'ਚ ਕੋਈ ਕਸਰ ਨਹੀਂ ਛੱਡਣਾ ਚਾਹੁੰਦੀ। ਇਹੀ ਕਾਰਨ ਹੈ ਕਿ ਅੱਜ ਸੂਬੇ ਭਰ 'ਚ ਆਪ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਪੁਤਲੇ ਫੂਕੇ ਗਏ ਉੱਥੇ ਹੀ ਕਾਂਗਰਸ ਵੱਲੋਂ ਵੀ ਥਾਂ ਥਾਂ 'ਤੇ ਅਕਾਲੀ ਦਲ ਖ਼ਿਲਾਫ਼ ਰੋਸ ਜ਼ਾਹਿਰ ਕੀਤਾ ਗਿਆ। ਅਜਿਹੇ 'ਚ ਹੁਣ ਅਕਾਲੀ ਦਲ ਵੱਲੋਂ ਵੀ ਆਪਣੀ ਸਥਿਤੀ ਸਪਸ਼ਟ ਕਰਨ ਅਤੇ ਇਸ ਮੁੱਦੇ 'ਤੇ ਅਕਾਲੀ ਦਲ ਕਿੱਥੇ ਖੜ੍ਹਾ ਹੈ ਬਾਰੇ ਲੋਕਾਂ ਅਤੇ ਕਿਸਾਨਾਂ ਨੂੰ ਜਾਣੂ ਕਰਵਾਉਣਾ ਬੇਹੱਦ ਜ਼ਰੂਰੀ ਹੋ ਜਾਂਦਾ ਹੈ, ਜੇਕਰ ਅਕਾਲੀ ਦਲ ਅਜਿਹਾ ਨਹੀਂ ਕਰਦਾ ਹੈ ਤਾਂ ਇਸਦਾ ਵੱਡਾ ਨੁਕਸਾਨ ਅਕਾਲੀ ਦਲ ਨੂੰ ਹੋ ਸਕਦਾ ਹੈ, ਕਿਉਂਕਿ ਚੋਣਾਂ ਦਾ ਸਮਾਂ ਵੀ ਨੇੜੇ ਆ ਰਿਹਾ ਹੈ।

ਨੋਟ:- ਉਕਤ ਵਿਚਾਰ ਲੇਖਕ ਦੇ ਆਪਣੇ ਨਿਜੀ ਵਿਚਾਰ ਹਨ, NewsNumber ਇਨ੍ਹਾਂ ਵਿਚਾਰਾਂ ਲਈ ਜ਼ਿੰਮੇਵਾਰ ਨਹੀਂ ਹੈ।