ਸੂਬੇ 'ਚ ਕੋਰੋਨਾ ਵਾਇਰਸ ਪਾਜ਼ੀਟਿਵ ਕੇਸਾਂ ਦੀ ਵਧਦੀ ਗਿਣਤੀ ਚਿੰਤਾ ਦਾ ਵਿਸ਼ਾ- ਸਿਹਤ ਮੰਤਰੀ ਸਿੱਧੂ

Last Updated: Jun 29 2020 18:58
Reading time: 2 mins, 43 secs

ਕੋਰੋਨਾ ਵਾਇਰਸ ਦੇ ਮਰੀਜ਼ ਸਿਰਫ਼ ਪੰਜਾਬ 'ਚ ਹੀ ਨਹੀਂ ਬਲਕਿ ਸਗੋਂ ਪੂਰੇ ਦੇਸ਼ 'ਚ ਹੀ ਵਧੇ ਹਨ। ਮੌਜੂਦਾ ਸਮੇਂ ਦੇਸ਼ 'ਚ ਪ੍ਰਤੀ ਦਿਨ ਮਰੀਜ਼ਾਂ ਦੀ ਗਿਣਤੀ 20 ਹਜ਼ਾਰ ਦੇ ਕਰੀਬ ਪਹੁੰਚ ਚੁੱਕੀ ਹੈ ਜੋ ਕਾਫ਼ੀ ਜ਼ਿਆਦਾ ਹੈ। ਕੋਰੋਨਾ ਵਾਇਰਸ ਤੋਂ ਬਚਾਅ ਲਈ ਹਰੇਕ ਵਿਅਕਤੀ ਨੂੰ ਸਰਕਾਰ ਅਤੇ ਵਿਸ਼ਵ ਸਿਹਤ ਸੰਗਠਨ ਦੀਆਂ ਹਦਾਇਤਾਂ ਨੂੰ ਮੰਨਦੇ ਹੋਏ ਉਸਦੀ ਪਾਲਨਾ ਕਰਨੀ ਚਾਹੀਦੀ ਹੈ। ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਕੌਂਸਲਰ ਹਰਪ੍ਰੀਤ ਸਿੰਘ ਪ੍ਰਿੰਸ ਦੇ ਘਰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਨਾਭਾ ਅਤੇ ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਵੀ ਮੌਜੂਦ ਸਨ।

ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੂਬੇ ਅੰਦਰ ਆਏ ਦਿਨ ਕੋਰੋਨਾ ਵਾਇਰਸ ਪਾਜ਼ੀਟਿਵ ਕੇਸਾਂ ਦੀ ਵੱਧ ਰਹੀ ਗਿਣਤੀ ਤੇ ਚਿੰਤਾ ਜ਼ਾਹਿਰ ਕਰਦੇ ਹੋਏ ਕਿਹਾ ਕਿ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਇਕੱਲੇ ਪੰਜਾਬ 'ਚ ਹੀ ਨਹੀਂ ਸਗੋਂ ਪੂਰੇ ਦੇਸ਼ ਅੰਦਰ ਕੋਰੋਨਾ ਪਾਜ਼ੀਟਿਵ ਕੇਸਾਂ ਦੇ ਮਾਮਲਿਆਂ 'ਚ ਵਾਧਾ ਹੋ ਰਿਹਾ ਹੈ। ਹੁਣ ਦੇਸ਼ ਅੰਦਰ ਰੋਜ਼ਾਨਾ ਕਰੀਬ 20 ਹਜ਼ਾਰ ਕੋਰੋਨਾ ਮਰੀਜ਼ਾਂ ਦਾ ਸਾਹਮਣੇ ਆਉਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਪਿਛਲੇ ਦਸ ਦਿਨਾਂ 'ਚ ਇਹ ਗਿਣਤੀ ਦੁੱਗਣੀ ਹੋ ਚੁੱਕੀ ਹੈ। ਇਸ ਤੋਂ ਬਚਾਅ ਲਈ ਲੋਕਾਂ ਨੂੰ ਸਰਕਾਰ ਅਤੇ ਵਿਸ਼ਵ ਸਿਹਤ ਸੰਗਠਨ ਵੱਲੋਂ ਜਾਰੀ ਗਾਈਡਲਾਈਨਜ਼ ਨੂੰ ਮੰਨਣਾ ਹੋਵੇਗਾ ਅਤੇ ਉਸਦੀ ਪਾਲਣਾ ਕਰਨੀ ਚਾਹੀਦੀ ਹੈ।

ਸੂਬੇ 'ਚ ਮੌਜੂਦਾ ਦੌਰ 'ਚ ਪੰਜਾਬ ਵਿੱਚ ਲਾਕਡਾਊਨ ਲਗਾਏ ਜਾਣ ਸਬੰਧੀ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ ਪੰਜਾਬ 'ਚ ਹਾਲਾਤ ਕੰਟਰੋਲ ਤੋਂ ਬਾਹਰ ਹੁੰਦੇ ਜਾ ਰਹੇ ਹਨ ਜਿਸ ਨੂੰ ਦੇਖਦੇ ਹੋਏ ਸੂਬੇ ਦੇ ਮੁੱਖ ਮੰਤਰੀ ਨੇ ਲਾਕਡਾਊਨ ਲਗਾਏ ਜਾਣ ਦੇ ਵੱਲ ਇਸ਼ਾਰਾ ਕੀਤਾ ਸੀ। ਜੇਕਰ ਲੋਕਾਂ ਨੂੰ ਇਸ ਤੋਂ ਕੋਈ ਸਮੱਸਿਆ ਹੈ ਤਾਂ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਤੇ ਸਾਵਧਾਨੀਆਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਲਾਕਡਾਊਨ ਤੋਂ ਬਚਿਆ ਜਾ ਸਕਦਾ ਹੈ। ਦੂਜੇ ਪਾਸੇ, ਪਾਕਿਸਤਾਨ ਦੁਆਰਾ ਕਰਤਾਰਪੁਰ ਕਾਰੀਡੋਰ ਖੋਲੇ ਜਾਣ ਦੇ ਸਵਾਲ ਤੇ ਉਨ੍ਹਾਂ ਕਿਹਾ ਕਿ ਇਹ ਪਾਕਿਸਤਾਨ ਦਾ ਆਪਣਾ ਫ਼ੈਸਲਾ ਹੈ। ਪਰ ਇਹ ਸਾਡਾ ਨੈਸ਼ਨਲ ਪੱਧਰ ਦਾ ਮੁੱਦਾ ਹੈ ਅਤੇ ਇਸ ਸਬੰਧੀ ਕੋਈ ਵੀ ਫ਼ੈਸਲਾ ਕੇਂਦਰ ਸਰਕਾਰ ਨੇ ਕਰਨਾ ਹੈ ਕਿਉਂਕਿ ਇਹ ਮੁੱਦਾ ਦੋ ਦੇਸ਼ਾਂ ਦਾ ਹੈ ਨਾ ਕਿ ਪੰਜਾਬ ਸਟੇਟ ਦਾ ਹੈ।

ਸੂਬਾ ਸਰਕਾਰ ਵੱਲੋਂ ਵਿੰਨੀ ਮਹਾਜਨ ਨੂੰ ਨਵਾਂ ਮੁੱਖ ਸਕੱਤਰ ਲਗਾਏ ਜਾਣ ਦੇ ਸਬੰਧ 'ਚ ਸੁਖਪਾਲ ਖਹਿਰਾ ਦੁਆਰਾ ਸਵਾਲ ਚੁੱਕੇ ਜਾਣ ਸਬੰਧੀ ਸਿਹਤ ਮੰਤਰੀ ਸਿੱਧੂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦਾ ਕੰਮ ਬੋਲਣਾ ਹੁੰਦਾ ਹੈ। ਜਿੱਥੇ ਤੱਕ ਵਿੰਨੀ ਮਹਾਜਨ ਦੀ ਗੱਲ ਹੈ ਤਾਂ ਉਹ ਇੱਕ ਕਾਬਲ ਅਧਿਕਾਰੀ ਹਨ ਅਤੇ ਉਹ ਕਈ ਵਿਭਾਗਾਂ ਵਿੱਚ ਕੰਮ ਵੀ ਕਰ ਚੁੱਕੇ ਹਨ ਜਿਸ ਕਾਰਨ ਉਨ੍ਹਾਂ ਦੇ ਕੋਲ ਹਰ ਤਰ੍ਹਾਂ ਦਾ ਤਜੁਰਬਾ ਹੈ। ਜਿੱਥੇ ਇੱਕ ਪਰਿਵਾਰ ਦੇ ਦੋ ਮੈਂਬਰਾਂ ਨੂੰ ਉੱਚ ਅਹੁਦਾ ਦੇਣ ਸਬੰਧੀ ਉਨ੍ਹਾਂ ਕਿਹਾ ਕਿ ਇਹ ਕਾਬਲੀਅਤ ਹੈ ਜਿਸ ਨੂੰ ਦੇਖਦੇ ਹੋਏ ਸਰਕਾਰ ਨੇ ਉਕਤ ਫ਼ੈਸਲਾ ਲਿਆ ਹੈ।

ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਪਤੰਜਲੀ ਦੁਆਰਾ ਕੋਰੋਨਾ ਦੀ ਦਵਾਈ ਬਣਾਏ ਜਾਣ ਦੇ ਦਾਅਵੇ ਤੇ ਟਿੱਪਣੀ ਕਰਦੇ ਕਿਹਾ ਕਿ ਇਹ ਸਿਰਫ਼ ਅਫ਼ਵਾਹ ਹੈ ਜਿਸ ਨੂੰ ਹੁਣ ਤੱਕ ਨਾ ਹੀ ਭਾਰਤ ਸਰਕਾਰ ਨੇ ਮਾਨਤਾ ਦਿੱਤੀ ਹੈ ਅਤੇ ਨਾ ਹੀ ਪੰਜਾਬ ਸਰਕਾਰ ਨੇ। ਦੂਜੇ ਪਾਸੇ, ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਸਾਨੂੰ ਕੋਰੋਨਾ ਤੋਂ ਬਚਣਾ ਹੈ ਤਾਂ ਹਰੇਕ ਵਿਅਕਤੀ ਨੂੰ ਇੱਕ ਦੂਸਰੇ ਤੋਂ ਉਚਿਤ ਸਮਾਜਿਕ ਦੂਰੀ ਬਣਾਕੇ ਰੱਖਣੀ ਚਾਹੀਦੀ ਹੈ ਅਤੇ ਲੋਕਾਂ ਨੂੰ ਮਿਲਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਸਦੇ ਇਲਾਵਾ ਮੂੰਹ ਤੇ ਮਾਸਕ ਅਤੇ ਹੱਥਾਂ ਨੂੰ ਸਾਬਣ ਤੇ ਪਾਣੀ ਨਾਲ ਚੰਗੀ ਤਰਾਂ ਧੋ ਕੇ ਸਾਫ਼ ਰੱਖਣਾ ਚਾਹੀਦਾ ਹੈ ਤਾਂ ਅਸੀਂ ਓਨਾ ਹੀ ਕੋਰੋਨਾ ਤੋਂ ਬਚੇ ਰਹਿਣਗੇ।