ਹੁਣ ਧਾਰਮਿਕ ਸਥਾਨਾਂ ਤੋਂ ਜਾਰੀ ਹੋਇਆ ਕੋਰੋਨਾ ਵਾਇਰਸ ਦੇ ਖ਼ਿਲਾਫ਼ ਸਾਵਧਾਨੀਆਂ ਵਰਤਣ ਦਾ ਸੰਦੇਸ਼

Last Updated: Jun 29 2020 19:39
Reading time: 0 mins, 56 secs

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫ਼ਤਿਹ ਦੇ ਨਾਲ ਜੁੜਦੇ ਹੋਏ ਜ਼ਿਲ੍ਹੇ ਦੇ ਵੱਖ-ਵੱਖ ਧਾਰਮਿਕ ਸਥਾਨਾਂ ਤੋਂ ਕੋਰੋਨਾ ਵਾਇਰਸ ਵਿਰੁੱਧ ਸਾਵਧਾਨੀ ਵਰਤਣ ਦਾ ਸੰਦੇਸ਼ ਦਿੱਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਵਿਰੁੱਧ ਜਾਗਰੂਕ ਕਰਨ ਲਈ ਧਾਰਮਿਕ ਸਥਾਨਾਂ ਤੋਂ ਇੱਕ ਖ਼ਾਸ ਸੰਦੇਸ਼ ਜਾਰੀ ਕਰਵਾਇਆ ਗਿਆ। ਇਸ ਵਿੱਚ ਲੋਕਾਂ ਨੂੰ ਸਮਾਜਿਕ ਦੂਰੀਆਂ, ਵਾਰ ਵਾਰ ਹੱਥ ਧੋਣ, ਮਾਸਕ ਪਹਿਨਣ, ਘਰ ਦੇ ਬਜ਼ੁਰਗਾਂ ਅਤੇ ਬੱਚਿਆਂ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਬਾਰੇ ਜਾਗਰੂਕ ਕੀਤਾ ਗਿਆ।

ਵਿਸਤ੍ਰਿਤ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਦੇ ਨਾਲ ਜੁੜੇ ਹੋਏ ਧਾਰਮਿਕ ਸਥਾਨਾਂ ਦੇ ਸੇਵਾਦਾਰਾਂ ਵੱਲੋਂ ਇਹ ਵਿਸ਼ੇਸ਼ ਘੋਸ਼ਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਤੋਂ ਸਾਵਧਾਨੀਆਂ ਬਾਰੇ ਸੰਦੇਸ਼ ਜਾਰੀ ਕੀਤੇ ਜਾਣ ਕਾਰਨ ਅਜਿਹੇ ਸੰਦੇਸ਼ਾਂ ਦਾ ਲੋਕਾਂ ਦੇ ਦਿਲਾਂ ਅਤੇ ਦਿਮਾਗ ‘ਤੇ ਡੂੰਘਾ ਪ੍ਰਭਾਵ ਪੈਂਦਾ ਹੈ, ਜੋ ਮਿਸ਼ਨ ਫ਼ਤਿਹ ਨੂੰ ਇੱਕ ਲੋਕ ਲਹਿਰ ਵਿੱਚ ਬਦਲਣ ਵਿੱਚ ਬਹੁਤ ਸਹਾਇਤਾ ਕਰ ਸਕਦੀ ਹੈ। 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਰੋਨਾ ਵਾਇਰਸ ਖ਼ਿਲਾਫ਼ ਲੜਾਈ ਜਿੱਤਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗਾ। ਉਸ ਨੇ ਲੋਕਾਂ ਨੂੰ ਸਮਾਜਿਕ ਦੂਰੀਆਂ, ਹੱਥ ਧੋਣ, ਮਾਸਕ ਪਹਿਨਣ ਵਰਗੇ ਨਿਯਮਾਂ ਦੀ ਪਾਲਣਾ ਕਰਦਿਆਂ ਆਪਣੀ ਅਤੇ ਆਪਣੇ ਨਜ਼ਦੀਕੀ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਘਰਾਂ ਤੋਂ ਬਾਹਰ ਨਿਕਲਦੇ ਸਮੇਂ ਪੂਰੀ ਸਾਵਧਾਨੀ ਵਰਤਣੀ ਚਾਹੀਦੀ ਹੈ ਅਤੇ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ।