...ਹੁਣ ਪਬਲਿਕ ਡੀਲਿੰਗ ਸਬੰਧੀ ਸੂਬਾ ਸਰਕਾਰ ਨੇ ਬੰਦ ਕੀਤੇ ਸਰਕਾਰੀ ਦਫਤਰਾਂ ਦੇ ਦਰਵਾਜ਼ੇ !!! (ਨਿਊਜ਼ਨੰਬਰ ਖ਼ਾਸ ਖ਼ਬਰ)

Last Updated: Jul 10 2020 18:40
Reading time: 2 mins, 29 secs

ਸੂਬੇ ਅੰਦਰ ਫੈਲੀ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਪ੍ਰਦੇਸ਼ 'ਚ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਵੱਧ ਰਹੀ ਗਿਣਤੀ ਅਤੇ ਸੂਬੇ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਕੋਰੋਨਾ ਪਾਜ਼ੀਟਿਵ ਦੇ ਕੇਸ ਵਧਣ ਦੇ ਮੱਦੇਨਜ਼ਰ ਕੋਰੋਨਾ ਵਾਇਰਸ ਫੈਲਣ ਤੋਂ ਰੋਕਣ ਦੀ ਦਿਸ਼ਾ 'ਚ ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫਤਰਾਂ 'ਚ ਪਬਲਿਕ ਡੀਲਿੰਗ ਤੇ ਰੋਕ ਲਗਾ ਦਿੱਤੀ ਗਈ ਹੈ। ਹੁਣ ਲੋਕ ਆਪਣੇ ਕੰਮਾਂ ਜਾਂ ਸ਼ਿਕਾਇਤਾਂ ਸਬੰਧੀ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਦਫਤਰਾਂ 'ਚ ਨਹੀਂ ਜਾ ਸਕਣਗੇ। ਲੋਕਾਂ ਦੀ ਸਹੂਲਤ ਲਈ ਸਰਕਾਰ ਵੱਲੋਂ ਸਰਕਾਰੀ ਅਧਿਕਾਰੀਆਂ ਦੇ ਈ-ਮੇਲ ਐਡਰੈਸ ਜਾਰੀ ਕੀਤੇ ਗਏ ਹਨ। ਹੁਣ ਇਹ ਦੇਖਣਾ ਹੋਵੇਗਾ ਕਿ ਪਹਿਲਾਂ ਆਪਣੇ ਸਰਕਾਰੀ ਕਾਰਜਾਂ ਸਬੰਧੀ ਅਧਿਕਾਰੀਆਂ ਦੇ ਦਫਤਰਾਂ 'ਚ ਵਾਰ-ਵਾਰ ਚੱਕਰ ਲਗਾਉਣ ਵਾਲੇ ਵਿਅਕਤੀਆਂ ਦੇ ਘਰ ਬੈਠੇ ਹੀ ਈ-ਮੇਲ ਭੇਜਣ ਨਾਲ ਕੰਮ ਹੋ ਸਕਣਗੇ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਖਾਤਮੇ ਸਬੰਧੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫ਼ਤਿਹ ਤਹਿਤ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਦੀ ਸੁਵਿਧਾ ਲਈ ਪੰਜ ਈ-ਮੇਲ ਜਾਰੀ ਕੀਤੇ ਹਨ, ਜਿਨ੍ਹਾਂ ਤੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦਾ ਕੋਈ ਵੀ ਨਾਗਰਿਕ ਘਰ ਬੈਠੇ ਹੀ ਆਪਣੀਆਂ ਸ਼ਿਕਾਇਤਾਂ ਤੇ ਕੰਮਾਂ ਸਬੰਧੀ ਦਰਖਾਸਤ ਦੇ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਦੇ ਮੱਦੇਨਜ਼ਰ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ 'ਚ ਆਉਣ ਦੀ ਜ਼ਰੂਰਤ ਨਹੀਂ ਹੈ। ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਇਹ ਕਦਮ ਚੁੱਕਿਆ ਗਿਆ ਹੈ। ਸਰਕਾਰੀ ਅਧਿਕਾਰੀ ਤੇ ਕਰਮਚਾਰੀ ਕੋਰੋਨਾ ਨਾਲ ਨਿਪਟਣ 'ਚ ਲੱਗੇ ਹੋਏ ਹਨ ਅਤੇ ਇਹ ਬਿਮਾਰੀ ਅਧਿਕਾਰੀਆਂ ਤੇ ਕਰਮਚਾਰੀਆਂ 'ਚ ਵੀ ਫੈਲਣ ਲੱਗੀ ਹੈ। ਅਜਿਹੇ ਵਿੱਚ ਹੁਣ ਸਮਾਜਿਕ ਦੂਰੀ ਬਣਾਏ ਰੱਖਣਾ ਬਹੁਤ ਜ਼ਰੂਰੀ ਹੋ ਗਿਆ ਹੈ।

ਡੀ.ਸੀ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਹਰੇਕ ਵਿਅਕਤੀ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਸਰਕਾਰੀ ਦਫ਼ਤਰਾਂ ਸਮੇਤ ਹੋਰ ਭੀੜ ਵਾਲੇ ਜਨਤਕ ਸਥਾਨਾਂ ਤੇ ਜਾਣ ਤੋਂ ਗੁਰੇਜ਼ ਕਰਨ। ਉਨ੍ਹਾਂ ਦੱਸਿਆ ਕਿ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਸਿਵਲ ਅਧਿਕਾਰੀ ਤੇ ਕਰਮਚਾਰੀ ਵੀ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਗਏ ਹਨ। ਅਜਿਹੇ ਵਿੱਚ ਇਹ ਜ਼ਰੂਰੀ ਹੋ ਗਿਆ ਹੈ ਕਿ ਲੋਕ ਸਰਕਾਰੀ ਦਫ਼ਤਰਾਂ ਵਿੱਚ ਆਉਣ ਤੋਂ ਗੁਰੇਜ਼ ਕਰਨ। ਉਨ੍ਹਾਂ ਇਹ ਵੀ ਦਾਅਵਾ ਕਰਦੇ ਕਿਹਾ ਕਿ ਆਮ ਲੋਕਾਂ ਦੇ ਕੰਮਾਂ ਲਈ ਜਾਰੀ ਕੀਤੇ ਇਨ੍ਹਾਂ ਈ-ਮੇਲ ਐਡਰੈਸਾਂ ਤੇ ਜੋ ਵੀ ਸ਼ਿਕਾਇਤ ਜਾਂ ਕੰਮ ਸਬੰਧੀ ਈ-ਮੇਲ ਆਵੇਗੀ ਉਸ ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਸ਼੍ਰੀਮਤੀ ਗਿੱਲ ਨੇ ਕਿਹਾ ਕਿ ਲੋਕਾਂ ਦੇ ਕੰਮ ਨਾ ਰੁਕਣ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਪੰਜ ਵੱਖ-ਵੱਖ ਈ-ਮੇਲ ਐਡਰੈਸ ਜਾਰੀ ਕੀਤੇ ਹਨ। ਉਨ੍ਹਾਂ ਨਿਰਦੇਸ਼ ਜਾਰੀ ਕੀਤੇ ਹਨ ਕਿ ਦਿਨ ਵਿੱਚ ਹਰ ਦੋ ਘੰਟੇ ਬਾਅਦ ਈ-ਮੇਲ ਰਾਹੀਂ ਪ੍ਰਾਪਤ ਸ਼ਿਕਾਇਤਾਂ ਦੀ ਜਾਂਚ ਕਰਕੇ ਉਨ੍ਹਾਂ ਤੇ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਲੋਕ ਆਪਣੀਆਂ ਸ਼ਿਕਾਇਤਾਂ ਸਦਰ ਦਫ਼ਤਰ ਦੇ ਸੁਪਰਡੈਂਟ ਗਰੇਡ 2 (ਜ) ਦੇ ਈ-ਮੇਲ rajesh22fgs@gmail.com, ਸਦਰ ਦਫ਼ਤਰ ਦੇ ਸੁਪਰਡੈਂਟ ਗਰੇਡ 2 (ਮਾਲ) ਦੇ ਈ-ਮੇਲ seemac1397@gmail.com, ਅਮਲਾ ਸ਼ਾਖਾ ਨਾਲ ਸਬੰਧਤ ਕੰਮਾਂ ਜਾਂ ਸ਼ਿਕਾਇਤਾਂ ਲਈ ਈ-ਮੇਲ eabranchfgs@gmail.com, ਫੁਟਕਲ ਸ਼ਾਖਾ ਦੇ ਈ-ਮੇਲ ਐਡਰਸ mabranch88@gmail.com ਅਤੇ ਅਸਲਾ ਸ਼ਾਖਾ ਨਾਲ ਸਬੰਧਤ ਕੰਮਾਂ ਜਾਂ ਸ਼ਿਕਾਇਤਾਂ ਲਈ ਈ-ਮੇਲ ਐਡਰੈਸ plabranchfgs@gmail.com 'ਤੇ ਆਪਣੇ ਕੰਮਾਂ ਜਾਂ ਸ਼ਿਕਾਇਤਾਂ ਲਈ ਸੰਪਰਕ ਕੀਤਾ ਜਾ ਸਕਦਾ ਹੈ। ਇੱਥੇ ਵਰਨਣਯੋਗ ਹੈ ਕਿ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ, ਅਸਿਸਟੈਂਟ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਸਿਵਲ ਸਰਜਨ ਡਾ. ਐਨ.ਕੇ ਅਗਰਵਾਲ ਸਮੇਤ ਪੰਜ ਅਧਿਕਾਰੀਆਂ ਦੇ ਕੋਵਿਡ-19 ਜਾਂਚ ਸਬੰਧੀ ਕੋਰੋਨਾ ਸੈਂਪਲ ਲਏ ਗਏ ਸਨ, ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ।