ਕੋਵਿਡ-19 ਦੇ ਖ਼ਾਤਮੇ ਲਈ ਪੰਚ, ਸਰਪੰਚ ਤੇ ਪੰਚਾਇਤ ਅਧਿਕਾਰੀ ਲੋਕਾਂ ਨੂੰ ਕਰ ਰਹੇ ਜਾਗਰੂਕ

Last Updated: Jul 13 2020 12:26
Reading time: 1 min, 57 secs

ਕੋਰੋਨਾ ਵਾਇਰਸ ਬਿਮਾਰੀ ਦਾ ਦਿਨੋਂ ਦਿਨ ਸੂਬੇ ਅੰਦਰ ਪ੍ਰਭਾਵ ਵਧਦਾ ਜਾ ਰਿਹਾ ਹੈ। ਆਏ ਦਿਨ ਵੱਡੀ ਗਿਣਤੀ 'ਚ ਕੋਰੋਨਾ ਵਾਇਰਸ ਪਾਜ਼ੀਟਿਵ ਨਵੇਂ ਕੇਸ ਸਾਹਮਣੇ ਆ ਰਹੇ ਹਨ। ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਅਤੇ ਬਿਮਾਰੀ ਤੋਂ ਬਚਾਅ ਰੱਖਣ ਸਬੰਧੀ ਆਂਗਣਵਾੜੀ ਵਰਕਰ, ਆਸ਼ਾ ਵਰਕਰ, ਪਿੰਡਾਂ ਦੇ ਪੰਚ, ਸਰਪੰਚ ਤੇ ਪੰਚਾਇਤ ਵਿਭਾਗ ਦੇ ਅਧਿਕਾਰੀ ਤੇ ਮੁਲਾਜ਼ਮ ਪਿੰਡਾਂ 'ਚ ਜਾ ਕੇ ਸੂਬਾ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਜ਼ਰੂਰੀ ਸਾਵਧਾਨੀਆਂ ਦੀ ਪਾਲਣਾ ਕਰਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ 'ਚ ਜੁਟੇ ਹੋਏ ਹਨ। ਪਰ, ਫੇਰ ਵੀ ਜ਼ਿਆਦਾਤਰ ਲੋਕ ਸਾਵਧਾਨੀਆਂ ਦੀ ਪਾਲਣਾ ਨਾ ਕਰਦੇ ਹੋਏ ਘਰਾਂ ਤੋਂ ਬਾਹਰ ਨਿਕਲਕੇ ਘੁੰਮ ਫਿਰ ਰਹੇ ਹਨ।

ਕੋਰੋਨਾ ਵਾਇਰਸ ਨੂੰ ਮਾਤ ਦੇਣ ਲਈ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ ਵੱਖ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸਰਪੰਚਾਂ ਤੇ ਪੰਚਾਂ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਫਤਹਿਗੜ ਸਾਹਿਬ ਦੇ ਅਸਿਸਟੈਂਟ ਡਿਪਟੀ ਕਮਿਸ਼ਨਰ (ਵਿਕਾਸ) ਅਮਰੀਕ ਸਿੰਘ ਸਿੱਧੂ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਕੋਰੋਨਾ ਸੰਕਟ ਦੌਰਾਨ ਸਰਪੰਚਾਂ ਤੇ ਪੰਚਾਂ ਨੇ ਜਿੱਥੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਵਿੱਚ ਸ਼ਲਾਘਾਯੋਗ ਭੂਮਿਕਾ ਨਿਭਾਈ ਹੈ, ਉੱਥੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਸਬੰਧੀ ਜਾਗਰੂਕ ਕਰਨ 'ਚ ਵੀ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ।

ਏ.ਡੀ.ਸੀ ਅਮਰੀਕ ਸਿੰਘ ਸਿੱਧੂ ਨੇ ਦੱਸਿਆ ਕਿ ਇਨ੍ਹਾਂ ਉਪਰਾਲਿਆਂ ਦੇ ਮੱਦੇਨਜ਼ਰ ਸਰਪੰਚਾਂ ਤੇ ਪੰਚਾਂ ਨੂੰ ਮਿਸ਼ਨ ਫ਼ਤਿਹ ਦੇ ਬੈਜ ਲਗਾ ਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਵੀ ਕੀਤੀ ਗਈ ਹੈ। ਪੰਚ ਤੇ ਸਰਪੰਚ ਕੋਰੋਨਾ ਤੋਂ ਬਚਾਅ ਸਬੰਧੀ ਸਾਵਧਾਨੀਆਂ ਵਰਤਦੇ ਹੋਏ ਲੋਕਾਂ ਨੂੰ ਜਿੱਥੇ ਵਾਰ ਵਾਰ ਹੱਥ ਧੋਣ, ਸਮਾਜਕ ਦੂਰੀ ਕਾਇਮ ਰੱਖਣ ਅਤੇ ਮੂੰਹ ਢੱਕ ਕੇ ਰੱਖਣ ਲਈ ਪ੍ਰੇਰਿਤ ਕਰ ਰਹੇ ਹਨ। ਉੱਥੇ ਉਨ੍ਹਾਂ ਨੂੰ ਕੋਵਾ ਐਪ ਸਬੰਧੀ ਵੀ ਜਾਗਰੂਕ ਕਰਕੇ ਇਸ ਨੂੰ ਡਾਊਨਲੋਡ ਕਰਕੇ ਇਸ ਜ਼ਰੀਏ ਮਿਸ਼ਨ ਫ਼ਤਿਹ ਜੁਆਇਨ ਕਰਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸਦੇ ਨਾਲ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਅਸਿਸਟੈਂਟ ਡਿਪਟੀ ਕਮਿਸ਼ਨਰ ਸਿੱਧੂ ਨੇ ਦੱਸਿਆ ਕਿ ਕੋਰੋਨਾ ਤੋਂ ਬਚਾਅ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਕੇ ਮਿਸ਼ਨ ਫ਼ਤਿਹ ਦੀ ਕਾਮਯਾਬੀ ਲਈ ਪੰਜਾਬ ਸਰਕਾਰ ਨੂੰ ਸਹਿਯੋਗ ਦਿੱਤਾ ਜਾ ਸਕਦਾ ਹੈ ਅਤੇ ਹਰੇਕ ਵਿਅਕਤੀ ਨੂੰ ਇਸ ਮਿਸ਼ਨ ਦੀ ਕਾਮਯਾਬੀ ਲਈ ਵੱਧ ਚੜਕੇ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦੇ ਕਿਹਾ ਕਿ ਬਿਨਾਂ ਕਿਸੇ ਕੰਮ ਘਰਾਂ ਤੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਮੂੰਹ ਨੂੰ ਰੁਮਾਲ ਜਾਂ ਮਾਸਕ ਨਾਲ ਢੱਕਕੇ ਰੱਖਣਾ, ਉਚਿਤ ਸਮਾਜਿਕ ਦੂਰੀ ਰੱਖਣ ਤੋਂ ਇਲਾਵਾ ਹੱਥਾਂ ਨੂੰ ਸਾਬਣ, ਪਾਣੀ ਨਾਲ ਧੋਣਾ ਜਾਂ ਸੈਨੀਟਾਈਜ਼ਰ ਨਾਲ ਸਾਫ਼ ਕਰਕੇ ਰੱਖਣਾ ਚਾਹੀਦਾ ਹੈ।