ਕੋਰੋਨਾ ਵਾਇਰਸ ਉੱਪਰ ਫ਼ਤਿਹ ਪਾਉਣ ਲਈ ਬਟਾਲਾ ਦੇ ਨੌਜਵਾਨ ਜਸਬੀਰ ਸਿੰਘ ਨੇ ਵਿਸ਼ੇਸ਼ ਮੁਹਿੰਮ ਚਲਾਈ

Last Updated: Aug 01 2020 13:22
Reading time: 1 min, 33 secs

ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਨੂੰ ਖ਼ਤਮ ਕਰਨ ਲਈ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਵਿੱਚ ਬਟਾਲਾ ਦਾ ਨੌਜਵਾਨ ਜਸਬੀਰ ਸਿੰਘ ਆਪਣਾ ਅਹਿਮ ਯੋਗਦਾਨ ਪਾ ਰਿਹਾ ਹੈ। ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਬਤੌਰ ਕੈਮੀਕਲ ਲੈਕਚਰਾਰ ਵਜੋਂ ਸੇਵਾਵਾਂ ਨਿਭਾ ਰਹੇ ਜਸਬੀਰ ਸਿੰਘ ਨੇ ਕੋਵਿਡ-19 ਸਬੰਧੀ ਲੋਕਾਂ ਵਿੱਚ ਜਾਗਰੂਕਤਾ ਲਿਆਉਣ ਲਈ ਅਣਥੱਕ ਕੋਸ਼ਿਸ਼ਾਂ ਕੀਤੀਆਂ ਹਨ ਅਤੇ ਇਨ੍ਹਾਂ ਕੋਸ਼ਿਸ਼ਾਂ ਸਦਕਾ ਹੀ ਉਹ ਮਿਸ਼ਨ ਫ਼ਤਿਹ ਤਹਿਤ ਸੋਨ ਤਮਗਾ ਜਿੱਤ ਚੁੱਕਾ ਹੈ।

ਜਸਬੀਰ ਸਿੰਘ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਜਾਗਰੂਕ ਕਰਨ ਦੇ ਨਾਲ-ਨਾਲ ਵੱਧ ਤੋਂ ਵੱਧ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਾ ਕੇ ਮਿਸ਼ਨ ਫ਼ਤਿਹ ਨਾਲ ਜੋੜ ਰਹੇ ਹਨ। ਜਸਬੀਰ ਸਿੰਘ ਹੁਣ ਤੱਕ 1300 ਤੋਂ ਵੱਧ ਵਿਅਕਤੀਆਂ ਨੂੰ ਕੋਵਾ ਐਪ ਡਾਊਨਲੋਡ ਕਰਾ ਕੇ ਮਿਸ਼ਨ ਫ਼ਤਿਹ ਨਾਲ ਜੋੜ ਚੁੱਕਾ ਹੈ ਅਤੇ ਉਸਦੇ ਮਿਸ਼ਨ ਫ਼ਤਿਹ ਤਹਿਤ 12600 ਨੰਬਰ ਹਨ। ਜਸਬੀਰ ਸਿੰਘ ਵੱਲੋਂ ਮਿਸ਼ਨ ਫ਼ਤਿਹ ਵਿੱਚ ਕੀਤੀ ਜਾ ਰਹੀ ਵਧੀਆ ਕਾਰਗੁਜ਼ਾਰੀ ਦੇ ਮੱਦੇਨਜ਼ਰ ਉਸਦਾ ਸੂਬੇ ਭਰ ਵਿੱਚ 25ਵਾਂ ਨੰਬਰ ਹੈ। ਜਸਬੀਰ ਸਿੰਘ ਆਪਣੀ ਵਧੀਆ ਕਾਰਗੁਜ਼ਾਰੀ ਸਦਕਾ ਪੰਜਾਬ ਸਰਕਾਰ ਕੋਲੋਂ ਸਿਲਵਰ ਅਤੇ ਬਰੋਨਜ਼ ਸਰਟੀਫਿਕੇਟਸ ਵੀ ਜਿੱਤ ਚੁੱਕਾ ਹੈ।  

ਜਸਬੀਰ ਸਿੰਘ ਨੇ ਦੱਸਿਆ ਕਿ ਉਸ ਵੱਲੋਂ ਲੋਕਾਂ ਨੂੰ ਕੋਵਿਡ-19 ਤੋਂ ਬਚਣ ਲਈ ਜਾਗਰੂਕ ਕਰਦਿਆਂ ਪ੍ਰੇਰਤ ਕੀਤਾ ਜਾ ਰਿਹਾ ਹੈ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲਦੇ ਸਮੇਂ ਮਾਸਕ ਦੀ ਵਰਤੋਂ ਕਰਨ ਅਤੇ ਦੂਸਰੇ ਵਿਅਕਤੀਆਂ ਤੋਂ ਘੱਟੋ-ਘੱਟ 6 ਫੁੱਟ ਦੀ ਸਮਾਜਿਕ ਦੂਰੀ ਬਣਾ ਕੇ ਰੱਖਣ। ਜਨਤਕ ਥਾਵਾਂ ਉੱਪਰ ਨਾ ਥੁੱਕਿਆ ਜਾਵੇ ਅਤੇ ਵਾਰ-ਵਾਰ ਆਪਣੇ ਹੱਥਾਂ ਨੂੰ ਸਾਬਣ ਨਾਲ ਸਾਫ਼ ਕੀਤਾ ਜਾਵੇ। ਇਸਦੇ ਨਾਲ ਹੀ ਲੋਕਾਂ ਨੂੰ ਆਪਣੇ ਮੋਬਾਈਲ ਫੋਨਾਂ ਵਿੱਚ ਕੋਵਾ ਐਪ ਡਾਊਨਲੋਡ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਤੱਕ ਕੋਵਿਡ-19 ਬਾਰੇ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਹੀ ਸੂਚਨਾ ਪਹੁੰਚ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਾ ਐਪ ਨੂੰ ਡਾਊਨਲੋਡ ਕਰਕੇ ਮਿਸ਼ਨ ਫ਼ਤਿਹ ਦਾ ਹਿੱਸਾ ਬਣਨ।

ਜਸਬੀਰ ਸਿੰਘ ਨੇ ਕਿਹਾ ਕਿ ਕੋਰੋਨਾ ਵਾਇਰਸ ਇੱਕ ਲਾਗ ਦੀ ਬਿਮਾਰੀ ਹੈ ਅਤੇ ਸਾਵਧਾਨੀਆਂ ਵਰਤ ਕੇ ਇਸਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਬਿਮਾਰੀ ਤੋਂ ਬਚਣ ਦੀਆਂ ਸਾਵਧਾਨੀਆਂ ਵਿੱਚ ਜਰਾ ਜਿੰਨੀ ਵੀ ਢਿੱਲ-ਮੱਠ ਨਾ ਵਰਤਣ।