ਆਜ਼ਾਦੀ ਦਿਹਾੜੇ ਮੌਕੇ ਕਾਲੇ ਝੰਡਿਆਂ ਨਾਲ ਮੰਤਰੀਆਂ ਦਾ ਹੋਵੇਗਾ ਸਵਾਗਤ !!!

Last Updated: Aug 03 2020 19:43
Reading time: 0 mins, 53 secs

ਪੰਜਾਬ ਸਰਕਾਰ ਵੱਲੋਂ ਨਵੇਂ ਭਰਤੀ ਕੀਤੇ ਜਾਣ ਵਾਲੇ ਮੁਲਾਜ਼ਮਾਂ ਲਈ ਕੇਂਦਰ ਸਰਕਾਰ ਦੀ ਤਰਜ਼ ਤੇ ਤਨਖ਼ਾਹ ਸਕੇਲ ਲਾਗੂ ਕਰਨ ਅਤੇ ਮੁਲਾਜ਼ਮਾਂ ਦੇ ਮੋਬਾਈਲ ਭੱਤੇ ਵਿੱਚ ਕਟੌਤੀ ਕਰਨ ਖ਼ਿਲਾਫ਼ ਸਾਂਝੇ ਮੰਚ/ਸਮੂਹ ਜੱਥੇਬੰਦੀਆਂ ਵੱਲੋਂ 15 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਸਦਰ ਮੁਕਾਮਾਂ ਤੇ ਰੋਹ ਭਰਪੂਰ ਰੈਲੀਆਂ ਕਰਕੇ ਵਿੱਤ ਮੰਤਰੀ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਜਾਣਗੇ। ਇਸ ਮੌਕੇ ਦਿ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ ਅਤੇ ਜਨਰਲ ਸਕੱਤਰ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਵੱਖ-ਵੱਖ ਮੁਲਾਜ਼ਮ ਜੱਥੇਬੰਦੀਆਂ ਵੱਲੋਂ ਸਾਂਝੇ ਤੌਰ 'ਤੇ ਉਲੀਕੇ ਪ੍ਰੋਗਰਾਮ ਤਹਿਤ 4 ਅਤੇ 5 ਅਗਸਤ 2020 ਨੂੰ ਦਰਜਾ ਚਾਰ ਮੁਲਾਜ਼ਮ ਸਰਕਾਰ ਦੀ ਅਰਥੀ ਸਾੜਨਗੇ।

ਜਦਕਿ 14 ਅਤੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਕਾਲੇ ਝੰਡਿਆਂ ਨਾਲ ਮੰਤਰੀਆਂ ਦਾ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੱਲ੍ਹ ਅਰਥੀ ਫ਼ੂਕ ਮੁਜ਼ਾਹਰਾ ਕੈਨਾਲ ਕਲੌਨੀ ਦਫ਼ਤਰ ਵਿਖੇ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਦਰਜਾ-4 ਮੁਲਾਜ਼ਮਾਂ ਨੂੰ ਛੱਡ ਕੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ 'ਤੇ ਰੋਕ ਲਗਾਈ ਗਈ ਹੈ, ਅਸੀਂ ਇਸ ਫ਼ੈਸਲੇ ਦੀ ਨਿਖੇਧੀ ਕਰਦੇ ਹਾਂ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਮਾਰੂ ਫ਼ੈਸਲੇ ਲੈਣੇ ਛੱਡ ਕੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਦੇਣ, ਨਹੀਂ ਤਾਂ ਇਸ ਸੰਘਰਸ਼ ਨੂੰ ਵੱਡੇ ਪੱਧਰ 'ਤੇ ਕੀਤਾ ਜਾਵੇਗਾ।