Batala

Last Updated: Sep 10 2020 12:16
Reading time: 1 min, 56 secs


 ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਤਹਿਤ ਕੈਬਨਿਟ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਸਿਵਲ ਹਸਪਤਾਲ ਬਟਾਲਾ ਦਾ ਅਚਨਚੇਤ ਦੌਰਾ ਕਰਕੇ ਓਥੇ ਕੋਵਿਡ-19 ਦੇ ਇਲਾਜ ਸਬੰਧੀ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜਾ ਲਿਆ। ਕੈਬਨਿਟ ਮੰਤਰੀ ਸ. ਬਾਜਵਾ ਨੇ ਹਸਪਤਾਲ ਦੇ ਕੋਵਿਡ-19 ਆਈਸੋਲੇਸ਼ਨ ਵਾਰਡ ਦਾ ਦੌਰਾ ਕੀਤਾ ਅਤੇ ਕੋਰੋਨਾ ਵਾਇਰਸ ਦਾ ਇਲਾਜ ਕਰਾ ਰਹੇ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ।

ਕੈਬਨਿਟ ਮੰਤਰੀ ਸ. ਬਾਜਵਾ ਨੇ ਕੋਵਿਡ-19 ਦੇ ਮਰੀਜ਼ਾਂ ਨਾਲ ਗੱਲ-ਬਾਤ ਕਰਦਿਆਂ ਉਨ੍ਹਾਂ ਨੂੰ ਮਿਲ ਰਹੀ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਾਰੇ ਹੀ ਮਰੀਜ਼ਾਂ ਨੇ ਹਸਪਤਾਲ ਦੇ ਡਾਕਟਰਾਂ, ਪੈਰਾ ਮੈਡੀਕਲ ਸਟਾਫ਼ ਅਤੇ ਸਫ਼ਾਈ ਕਰਮਚਾਰੀਆਂ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਉੱਪਰ ਪੂਰੀ ਤਰ੍ਹਾਂ ਤਸੱਲੀ ਜ਼ਾਹਰ ਕੀਤੀ। ਇਸ ਮੌਕੇ ਸ. ਬਾਜਵਾ ਨੇ ਹਸਪਤਾਲ ਦੇ ਡਾਕਟਰਾਂ ਅਤੇ ਹੋਰ ਸਿਹਤ ਅਮਲੇ ਨਾਲ ਵੀ ਗੱਲ ਬਾਤ ਕੀਤੀ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਔਂਕੜਾਂ ਸੁਣੀਆਂ।

ਆਪਣੇ ਦੌਰੇ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਮੰਤਰੀ ਸਾਹਿਬਾਨ ਨੂੰ ਆਪੋ-ਆਪਣੇ ਇਲਾਕਿਆਂ ਦੇ ਸਰਕਾਰੀ ਹਸਪਤਾਲਾਂ ਦਾ ਅਚਨਚੇਤ ਦੌਰਾ ਕਰਕੇ ਉਥੇ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਜਾਇਜਾ ਲੈਣ ਦੀ ਹਦਾਇਤ ਕੀਤੀ ਸੀ ਤਾਂ ਜੋ ਜ਼ਮੀਨੀ ਪੱਧਰ ’ਤੇ ਜੇਕਰ ਕੋਈ ਪਰੇਸ਼ਾਨੀ ਆ ਰਹੀ ਹੈ ਜਾਂ ਕੋਈ ਘਾਟ ਹੈ ਤਾਂ ਉਸਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਕੋਵਿਡ-19 ਦੇ ਇਲਾਜ ਸਬੰਧੀ ਸਾਰੇ ਇੰਤਜ਼ਾਮ ਬਹੁਤ ਵਧੀਆ ਹਨ ਅਤੇ ਮਰੀਜ਼ ਵੀ ਇਸ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਹਸਪਤਾਲ ਦੇ ਸਟਾਫ ਨੇ ਕੁਝ ਮੰਗਾਂ ਉਨ੍ਹਾਂ ਅੱਗੇ ਰੱਖੀਆਂ ਹਨ ਜਿਨ੍ਹਾਂ ਵਿੱਚ ਆਈਸੋਲੇਸ਼ਨ ਵਾਰਡ ਦੇ ਕੁਝ ਕਮਰਿਆਂ ਵਿੱਚ ਏ.ਸੀ. ਲਗਾਉਣੇ, ਵੈਂਟੀਲੇਸ਼ਨ ਦਾ ਪ੍ਰਬੰਧ ਕਰਨਾ ਅਤੇ ਕੁਝ ਨਵੀਆਂ ਉਸਾਰੀਆਂ ਸ਼ਾਮਲ ਹਨ। ਸ. ਬਾਜਵਾ ਨੇ ਕਿਹਾ ਕਿ ਸਟਾਫ਼ ਦੀਆਂ ਮੰਗਾਂ ਵਾਜ਼ਬ ਹਨ ਅਤੇ ਇਸ ਬਾਰੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਖਜ਼ਾਨਾ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਅਤੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੂੰ ਜਾਣੂ ਕਰਵਾਇਆ ਜਾਵੇਗਾ ਅਤੇ ਬਟਾਲਾ ਸਿਵਲ ਹਸਪਤਾਲ ਦੀਆਂ ਇਹ ਲੋੜਾਂ ਪੂਰੀਆਂ ਕੀਤੀਆਂ ਜਾਣਗੀਆਂ।

ਕੈਬਨਿਟ ਮੰਤਰੀ ਸ. ਬਾਜਵਾ ਨੇ ਕਿਹਾ ਕਿ ਬੀਤੇ ਦਿਨੀ ਕੁਝ ਸ਼ਰਾਰਤੀ ਅਨਸਰਾਂ ਨੇ ਕੋਰੋਨਾ ਵਾਇਰਸ ਦੇ ਇਲਾਜ ਸਬੰਧੀ ਅਫ਼ਵਾਹਾਂ ਫੈਲਾਈਆਂ ਸਨ, ਜਿਨ੍ਹਾਂ ਵਿੱਚ ਕੋਈ ਸਚਾਈ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਵੀ ਅਜਿਹੇ ਕੂੜ ਪ੍ਰਚਾਰ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ ਅਤੇ ਲੋਕਾਂ ਦਾ ਸਰਕਾਰੀ ਸਿਹਤ ਸੇਵਾਵਾਂ ਵਿੱਚ ਭਰੋਸਾ ਪੂਰੀ ਤਰ੍ਹਾਂ ਕਾਇਮ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਹਿ ਵਿੱਚ ਆਪਣਾ ਯੋਗਦਾਨ ਪਾਉਣ।