Batala

Last Updated: Sep 10 2020 12:24
Reading time: 1 min, 21 secs


ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਰਾਜ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੁਝ ਸ਼ਰਾਰਤੀ ਅਨਸਰਾਂ ਵਲੋਂ ਕੋਰੋਨਾ ਵਾਇਰਸ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨਾਲ ਸਬੰਧੀ ਕਿਸੇ ਵੀ ਜਾਣਕਾਰੀ ਜਾਂ ਸ਼ੰਕਾ ਨਿਵਰਤੀ ਲਈ ਸਿਹਤ ਵਿਭਾਗ ਦੇ ਹੈਲਪ ਲਾਈਨ ਨੰਬਰ 104 ਜਾਂ ਪੰਜਾਬ ਸਰਕਾਰ ਦੇ ਹੈਲਪ ਲਾਈਨ ਨੰਬਰ 112 ਉੱਪਰ ਕਾਲ ਕੀਤੀ ਜਾ ਸਕਦੀ ਹੈ।

ਚੇਅਰਮੈਨ ਸ. ਚੀਮਾ ਨੇ ਦੱਸਿਆ ਕਿ ਕੋਰੋਨਾ ਕਾਲ ਦੌਰਾਨ ਲੋਕਾਂ ਦਾ ਸਰਕਾਰੀ ਸਿਹਤ ਸੇਵਾਵਾਂ ਉਪਰ ਵਿਸ਼ਵਾਸ਼ ਹੋਰ ਵਧਿਆ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਸਿਹਤ ਵਿਭਾਗ ਦੇ 104 ਹੈਲਪ ਲਾਈਨ ਨੰਬਰ ਉੱਪਰ ਕਾਲ ਕਰਕੇ ਡਾਕਟਰੀ ਸਲਾਹ ਮਸ਼ਵਰਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ 23 ਮਾਰਚ 2020 ਤੋਂ ਅੱਜ ਤੱਕ 7.50 ਲੱਖ ਤੋਂ ਵੱਧ ਕਾਲਾਂ 104 ਹੈਲਪ ਲਾਈਨ ਉੱਪਰ ਆਈਆਂ ਹਨ ਅਤੇ ਸਿਹਤ ਵਿਭਾਗ ਦੇ ਮਾਹਿਰਾਂ ਵਲੋਂ ਹਰ ਕਾਲ ਨੂੰ ਅਟੈਂਡ ਕਰਕੇ ਸਹੀ ਮਸ਼ਵਰਾ ਤੇ ਸਹਾਇਤਾ ਪਹੁੰਚਾਈ ਗਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਸਿਹਤ ਵਿਭਾਗ ਵਿੱਚ ਭਰੋਸਾ ਇਸ ਕਦਰ ਵਧਿਆ ਹੈ ਕਿ ਹਰ ਰੋਜ਼ 5000 ਦੇ ਕਰੀਬ ਲੋਕ 104 ਹੈਲਪ ਲਾਈਨ ਉੱਪਰ ਕਾਲ ਕਰ ਰਹੇ ਹਨ।

ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਉੱਪਰ ਕਾਬੂ ਪਾਉਣ ਲਈ ਪੰਜਾਬ ਸਰਕਾਰ ਵਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰ ਦਾ ਸਾਥ ਦਿੰਦਿਆਂ ਕੋਰੋਨਾ ਤੋਂ ਬਚਣ ਲਈ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਫ਼ਵਾਹਾਂ ਵਿੱਚ ਬਿਲਕੁਲ ਯਕੀਨ ਨਹੀਂ ਕਰਨਾ ਚਾਹੀਦਾ ਅਤੇ ਜੇਕਰ ਕਿਸੇ ਨੂੰ ਕੋਈ ਸ਼ੰਕਾ ਹੈ ਤਾਂ ਉਸਨੂੰ ਨੇੜਲੀ ਸਰਕਾਰੀ ਸਿਹਤ ਸੰਸਥਾ ਜਾਂ ਵਿਭਾਗ ਦੀ ਹੈਲਪ ਲਾਈਨ ਉੱਪਰ ਸੰਪਰਕ ਕਰਨਾ ਚਾਹੀਦਾ ਹੈ। ਸ. ਚੀਮਾ ਨੇ ਕਿਹਾ ਕਿ ਸੂਬਾ ਵਾਸੀਆਂ ਦੇ ਸਾਥ ਸਦਕਾ ਪੰਜਾਬ ਸਰਕਾਰ ਜਰੂਰ ਕੋਰੋਨਾ ਨੂੰ ਹਰਾ ਕੇ ਦਮ ਲਵੇਗੀ।