pathankot

Last Updated: Sep 11 2020 16:42
Reading time: 1 min, 22 secs

ਕਰੋਨਾ ਮਹਾਂਮਾਰੀ ਦੇ ਪ੍ਰਸਾਰ ਨੂੰ ਰੋਕਣ ਲਈ ਜਿੱਥੇ ਪੰਜਾਬ ਸਰਕਾਰ ਦਾ ਹਰ ਵਿਭਾਗ ਅਤੇ ਖਾਸ ਤੌਰ ਤੇ ਸਿਹਤ ਵਿਭਾਗ 24 ਘੰਟੇ ਜਮੀਨੀ ਪੱਧਰ ਤੇ ਡਿਊਟੀ ਲਈ ਤੱਤਪਰ ਹਨ ਉਥੇ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਕਰੋਨਾ ਬਿਮਾਰੀ ਪ੍ਰਤੀ ਲੋਕਾਂ ਵਿੱਚ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ, ਅਜਿਹੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਲੋਕਾਂ ਨੂੰ ਇਹ ਅਪੀਲ ਹੈ ਕਿ ਜੇਕਰ ਅਜਿਹਾ ਕੋਈ ਸਮਾਜ ਵਿਰੋਧੀ ਅਨਸਰ ਉਨਾਂ ਦੀ ਨਜ਼ਰ ਵਿੱਚ ਆਉਂਦਾ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ ਤਾਂ ਜੋ ਉਨਾਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ । ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ।
      ਡਿਪਟੀ ਕਮਿਸਨਰ ਨੇ ਕਿਹਾ ਕਿ ਕੋਰੋਨਾ ਵਾਇਰਸ ਇੱਕ ਖਤਰਨਾਕ ਮਹਾਂਮਾਰੀ ਹੈ ਇਸ ਲਈ ਜੇਕਰ ਕਿਸੇ ਵਿਅਕਤੀ ਵਿੱਚ ਕੋਰੋਨਾ ਸਬੰਧੀ ਲੱਛਣ ਪਾਏ ਜਾਂਦੇ ਹਨ ਤਾਂ ਉਸ ਨੂੰ ਆਪਣੇ ਟੈਸਟ ਲਈ ਖੁਦ ਸਰਕਾਰੀ ਸਿਹਤ ਸੰਸਥਾ ਵਿੱਚ ਜਾਣਾ ਚਾਹੀਦਾ ਹੈ ਤਾਂ ਜੋ ਉਸ ਦਾ ਮਾਹਿਰ ਡਾਕਟਰਾਂ ਵੱਲੋਂ ਸਹੀ ਇਲਾਜ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਸੋਸਲ ਮੀਡੀਆ ’ਤੇ ਕੋਰੋਨਾ ਸਬੰਧੀ ਗੁੰਮਰਾਹਕੁੰਨ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਜਿਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸਤ ਨਹੀਂ ਕੀਤਾ ਜਾਵੇਗਾ ਅਤੇ ਸੋਸਲ ਮੀਡੀਆ ਰਾਹੀਂ ਕੋਰੋਨਾ ਬਾਰੇ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਉਨਾਂ ਕਿਹਾ ਕਿ ਸਾਨੂੰ ਖੁਦ ਨੂੰ ਵੀ ਜਿੰਮੇਵਾਰ ਨਾਗਰਿਕ ਬਣਨਾ ਚਾਹੀਦਾ ਹੈ ਅਤੇ ਕੋਵਿਡ-19 ਦੇ ਲੱਛਣਾਂ ਵਾਲੇ ਵਿਅਕਤੀਆਂ ਬਾਰੇ ਸਿਹਤ ਵਿਭਾਗ ਨੂੰ ਸੂਚਨਾ ਦਿੱਤੀ ਜਾਵੇ ਤਾਂ ਜੋ ਸਿਹਤ ਵਿਭਾਗ ਦੀਆਂ ਟੀਮਾਂ ਪੀੜਤ ਵਿਅਕਤੀ ਦੀ ਮਰਜੀ ਅਨੁਸਾਰ ਉਸ ਨੂੰ ਹਸਪਤਾਲ ਵਿੱਚ ਜਾਂ ਉਸ ਦੇ ਘਰ ਵਿੱਚ ਹੀ ਇਕਾਂਤਵਾਸ ਕਰ ਸਕਣ। ਉਨਾਂ ਜਿਲੇ ਦੀਆਂ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਸਰਾਰਤੀ ਅਨਸਰ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ’ਤੇ ਯਕੀਨ ਨਾ ਕਰਨ ।