Batala

Last Updated: Sep 12 2020 16:31
Reading time: 2 mins, 8 secsਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਚੰਡੀਗੜ ਤੋਂ ਆਨਲਾਈਨ ਪੰਜਾਬ ਦੇ ਸਾਰੇ ਜ਼ਿਲਿਆਂ ਵਿਚ ਹੋਏ ਸਮਾਗਮਾਂ ਦੇ ਸਮਾਂਤਰ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਕਰਵਾਈ ਹੈ। ਇਸ ਸਬੰਧੀ ਅੱਜ ਸਥਾਨਕ ਬਟਾਲਾ ਕਲੱਬ ਵਿਖੇ ਕਰਵਾਏ ਇੱਕ ਵਿਸ਼ੇਸ਼ ਸਮਾਗਮ ਵਿੱਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਅਤੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਲਾਭਪਾਤਰੀਆਂ ਨੂੰ ਸਮਾਰਟ ਕਾਡਰ ਤਕਸੀਮ ਕੀਤੇ। ਇਸ ਮੌਕੇ ਉਨਾਂ ਨਾਲ ਏ.ਡੀ.ਸੀ. (ਜਨਰਲ) ਸ. ਤਜਿੰਦਰਪਾਲ ਸਿੰਘ ਸੰਧੂ, ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ, ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ, ਡੀ.ਐੱਫ.ਐੱਸ.ਓ. ਮੈਡਮ ਸੰਯੋਗਤਾ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਇਸ ਮੌਕੇ ਆਨਲਾਈਨ ਸੰਬੋਧਨ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਉਨਾਂ 9 ਲੱਖ ਹੋਰ ਲਾਭਪਾਤਰੀਆਂ ਨੂੰ ਵੀ ਜਨਤਕ ਵੰਡ ਪ੍ਰਣਾਲੀ ਦੇ ਘੇਰੇ ਵਿਚ ਲਿਆਂਦਾ ਜਾਵੇਗਾ ਜੋ ਕਿ ਕੇਂਦਰ ਸਰਕਾਰ ਦੀ ਭੋਜਨ ਸੁਰੱਖਿਆ ਕਾਨੂੰਨ ਸਕੀਮ ਦੇ ਦਾਇਰੇ ਵਿਚ ਨਹੀਂ ਆਉਂਦੇ ਹਨ। ਉਨਾਂ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਇਕ ਕ੍ਰਾਂਤੀਕਾਰੀ ਕਦਮ ਹੈ ਜੋ ਲੋੜਵੰਦ ਲੋਕਾਂ ਤੱਕ ਅਨਾਜ ਦੀ ਪਹੁੰਚ ਯਕੀਨੀ ਬਣਾਏਗਾ।

ਇਸੇ ਦੌਰਾਨ ਬਟਾਲਾ ਵਿਖੇ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਕਰਦਿਆਂ ਕੈਬਨਿਟ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਮੁੱਖ ਮੰਤਰੀ ਪੰਜਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਰਾਸ਼ਨ ਵੰਡ ਪ੍ਰਣਾਲੀ ਨੂੰ ਪੂਰੀ ਤਰਾਂ ਪਾਰਦਰਸ਼ੀ ਕਰ ਦਿੱਤਾ ਹੈ। ਉਨਾਂ ਕਿਹਾ ਕਿ ਸੂਬੇ ਦੇ 9 ਲੱਖ ਹੋਰ ਲਾਭਪਾਤਰੀਆਂ ਨੂੰ ਜਨਤਕ ਵੰਡ ਪ੍ਰਣਾਲੀ ਦੇ ਘੇਰੇ ਵਿਚ ਲਿਆਉਣ ਨਾਲ ਹੁਣ ਕੋਈ ਗਰੀਬ ਤੇ ਲੋੜਵੰਦ ਵਿਅਕਤੀ ਸਸਤੇ ਅਨਾਜ ਦੀ ਯੋਜਨਾ ਤੋਂ ਵਾਂਝਾ ਨਹੀਂ ਰਹੇਗਾ।

ਕੈਬਨਿਟ ਮੰਤਰੀ ਸ. ਬਾਜਵਾ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਸ: ਮਨਮੋਹਨ ਸਿੰਘ ਦੀ ਸਰਕਾਰ ਨੇ ਦੇਸ਼ ਦੇ ਕਰੋੜਾਂ ਲੋਕਾਂ ਲਈ ਭੋਜਨ ਸੁਰੱਖਿਆ ਯਕੀਨੀ ਬਣਾਉਣ ਲਈ ਕਾਨੂੰਨ ਲਿਆਂਦਾ ਸੀ, ਜਿਸ ਲਈ ਦੇਸ਼ ਦੇ ਲੋਕ ਹਮੇਸਾ ਉਨਾਂ ਨੂੰ ਯਾਦ ਰੱਖਣਗੇ। ਉਨਾਂ ਕਿਹਾ ਕਿ ਇਸ ਸਮਾਰਟ ਕਾਰਡ ਸਕੀਮ ਤਹਿਤ ਹੁਣ ਲਾਭਪਾਤਰੀਆਂ ਦੇ ਹੱਕਾਂ ਦੀ ਰਾਖੀ ਹੋ ਸਕੇਗੀ ਅਤੇ ਇਹ ਸਕੀਮ ਸ਼ੁਰੂ ਕਰਕੇ ਪੰਜਾਬ ਸਰਕਾਰ ਨੇ ਆਪਣੀ ਜਿੰਮੇਵਾਰੀ ਨਿਭਾਈ ਹੈ।

ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਇਸ ਸਕੀਮ ਨਾਲ ਹੁਣ ਲਾਭਪਾਤਰੀ ਪੰਜਾਬ ਵਿਚ ਕਿਸੇ ਵੀ ਡਿਪੂ ਤੋਂ ਰਾਸ਼ਨ ਲੈ ਸਕੇਗਾ। ਉਨਾਂ ਕਿਹਾ ਕਿ ਪਹਿਲਾਂ ਕੰਮਕਾਜੀ ਲੋਕ ਜਦ ਕੰਮ ਦੀ ਭਾਲ ਵਿਚ ਦੂਸਰੇ ਸ਼ਹਿਰਾਂ ਵਿੱਚ ਚੱਲੇ ਜਾਂਦੇ ਸਨ ਤਾਂ ਉਨਾਂ ਨੂੰ ਰਾਸ਼ਨ ਨਹੀਂ ਸੀ ਮਿਲਦਾ ਪਰ ਹੁਣ ਇੰਨਾਂ ਸਮਾਰਟ ਕਾਰਡਾਂ ਨਾਲ ਉਨਾਂ ਨੂੰ ਵੀ ਉਨਾਂ ਦਾ ਹੱਕ ਮਿਲ ਸਕੇਗਾ।

ਇਸ ਮੌਕੇ ਕੈਬਨਿਟ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਤੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਹਲਕਾ ਫ਼ਤਹਿਗੜ ਚੂੜੀਆਂ, ਬਟਾਲਾ ਤੇ ਸ੍ਰੀ ਹਰਗੋਬਿੰਦਪੁਰ ਦੇ ਲਾਭਪਾਤਰੀਆਂ ਨੂੰ ਸਮਾਰਟ ਕਾਰਡ ਤਕਸੀਮ ਕੀਤੇ। ਇਸ ਮੌਕੇ ਨਗਰ ਸੁਧਾਰ ਟਰੱਸਟ ਬਟਾਲਾ ਚੇਅਰਮੈਨ ਕਸਤੂਰੀ ਲਾਲ ਸੇਠ, ਸੁਖਦੀਪ ਸਿੰਘ ਤੇਜਾ, ਗੌਤਮ ਸੇਠ ਗੁੱਡੂ ਸਮੇਤ ਹੋਰ ਵੀ ਮੋਹਤਬਰ ਹਾਜ਼ਰ ਸਨ