Batala

Last Updated: Sep 14 2020 15:26
Reading time: 1 min, 9 secs



ਪੰਜਾਬ ਸਰਕਾਰ ਵੱਲੋਂ ਘਰ ਘਰ ਰੋਜ਼ਗਾਰ ਅਤੇ ਕਰੋਬਾਰ ਮਿਸ਼ਨ ਤਹਿਤ 24 ਸਤੰਬਰ ਤੋਂ 30 ਸਤੰਬਰ ਤੱਕ 6ਵਾਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਰੁਜ਼ਗਾਰ ਮੇਲੇ ਵਿੱਚ ਭਾਗ ਲੈਣ ਲਈ ਆਪਣੇ ਜ਼ਿਲ੍ਹੇ ਦੇ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਆਪਣਾ ਨਾਮ ਦਰਜ ਕਰਾਉਣ।

ਰੁਜ਼ਗਾਰ ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਲੱਗ ਰਹੇ ਇਸ ਰੋਜ਼ਗਾਰ ਮੇਲੇ ਵਿੱਚ 1100 ਤੋਂ ਵੱਧ ਨਿਯੋਜਕ ਹਿੱਸਾ ਲੈਣਗੇ ਜਿਨ੍ਹਾਂ ਵੱਲੋਂ ਤਕਰੀਬਨ 90,000 ਅਸਾਮੀਆਂ ਦੀ ਪੇਸ਼ਕਸ਼ ਕੀਤੀ ਜਾਵੇਗੀ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਗਾਰ ਪ੍ਰਾਪਤ ਕਰਨ ਲਈ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ।

ਐੱਸ.ਡੀ.ਐੱਮ. ਬਟਾਲਾ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਤੱਕ ਪਹੁੰਚ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਕਿ ਨੌਜਵਾਨਾਂ ਨੂੰ ਰੋਜ਼ਗਾਰ ਮੇਲੇ ਵਿੱਚ ਹਿੱਸਾ ਲੈਣ ਸਬੰਧੀ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਸਾਲ ਨੌਕਰੀ ਮੇਲਿਆਂ ਦੌਰਾਨ ਕੋਵਿਡ-19 ਸਬੰਧੀ ਸਾਰੇ ਦਿਸ਼ਾ-ਨਿਰਦੇਸ਼ਾਂ ਅਤੇ ਸੁਰੱਖਿਆ ਉਪਾਵਾਂ ਦੀ ਪਾਲਣਾ ਕੀਤੀ ਜਾਵੇਗੀ ਅਤੇ ਇਸ ਸਬੰਧੀ ਪ੍ਰਸ਼ਾਸਨ ਵੱਲੋਂ ਇੱਕ ਮੁਹਿੰਮ ਵੀ ਚਲਾਈ ਗਈ ਹੈ। ਨੌਕਰੀ ਮੇਲਿਆਂ ਦੌਰਾਨ 10ਵੀਂ ਤੋਂ ਘੱਟ, 10 ਵੀਂ, 12 ਵੀਂ, ਗ੍ਰੈਜੂਏਟ, ਪੋਸਟ ਗ੍ਰੈਜੂਏਟ, ਆਈਟੀਆਈ ਅਤੇ ਡਿਪਲੋਮਾ ਪਾਸ ਨਵੇਂ ਅਤੇ ਤਜਰਬੇਕਾਰ ਵਿਦਿਆਰਥੀਆਂ ਜੋ ਨੌਕਰੀ ਦੀ ਭਾਲ ਕਰ ਰਹੇ ਹਨ, ਲਈ ਅਸਾਮੀਆਂ ਉਪਲਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਦੇ ਹੈਲਪ ਲਾਈਨ ਨੰਬਰ 8196015208 ਉੱਪਰ ਰਾਬਤਾ ਕੀਤਾ ਜਾ ਸਕਦਾ ਹੈ।