Batala

Last Updated: Sep 17 2020 13:14
Reading time: 2 mins, 24 secs


 

 ਦਮਦਮੀ ਟਕਸਾਲ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨੇ ਸਜਾਵਾਂ ਪੂਰੀਆਂ ਕਰ ਚੁੱਕੇ ਸਿੱਖ ਸਿਆਸੀ ਕੈਦੀਆਂ ਨੂੰ ਤੁਰੰਤ ਰਿਹਾਅ ਕਰਨ ਦੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ। ਉਨ੍ਹਾਂ ਇਸ ਮਕਸਦ ਲਈ ਪੰਜਾਬ ਸਰਕਾਰ ਨੂੰ ਵੀ ਚਾਰਾਜੋਈ ਕਰਨ ਅਤੇ ਦੇਸ਼ ਵਿਦੇਸ਼ ਦੀਆਂ ਸਮੂਹ ਸਿੱਖ ਸੰਗਤਾਂ ਤੇ ਜਥੇਬੰਦੀਆਂ ਨੂੰ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ ਹੈ।
ਦਮਦਮੀ ਟਕਸਾਲ ਦੇ ਮੁਖੀ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸਿੱਖ ਸੰਘਰਸ਼ ਖ਼ਾਤਰ 28 ਸਾਲ ਵੱਖ ਵੱਖ ਜੇਲ੍ਹਾਂ ਵਿਚ ਕੈਦ ਕੱਟਣ ਬਾਅਦ ਬੀਤੇ ਦਿਨੀਂ ਰਿਹਾਅ ਹੋਏ ਜਥੇਦਾਰ ਲਾਲ ਸਿੰਘ ਪਿੰਡ ਅਕਾਲਗੜ੍ਹ (ਨਜ਼ਦੀਕ ਫਗਵਾੜਾ) ਨੂੰ ਸਨਮਾਨਿਤ ਕਰ ਰਹੇ ਸਨ। ਦਮਦਮੀ ਟਕਸਾਲ ਮੁਖੀ ਨੇ ਉਚੇਚੇ ਮੁਲਾਕਾਤ ਕਰਨ ਆਏ ਜਥੇਦਾਰ ਅਕਾਲਗੜ੍ਹ ਨਾਲ  ਸਿੱਖ ਸੰਘਰਸ਼, ਪੰਥਕ ਤੇ ਕੌਮੀ ਮਸਲਿਆਂ ’ਤੇ ਵਿਚਾਰਾਂ ਕੀਤੀਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਸਿੱਖ ਕੌਮ ਲਈ ਜੇਲ੍ਹਾਂ ਕੱਟਣ ਵਾਲੇ ਸਿੱਖ ਸਿਆਸੀ ਕੈਦੀਆਂ ਦੀਆਂ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਜਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਹੁਣ ਤਕ ਰਿਹਾਅ ਨਾ ਕੀਤਾ ਜਾਣਾ ਭਾਰਤ ਵਰਗੇ ਲੋਕਤੰਤਰੀ ਧਰਮ ਨਿਰਪੱਖ ਦੇਸ਼ 'ਚ ਨਾਗਰਿਕ ਹੱਕਾਂ ਦਾ ਘਾਣ ਅਤੇ ਭਾਰਤੀ ਹਕੂਮਤ ਦੀ ਮਨੁੱਖੀ ਅਧਿਕਾਰਾਂ ਪ੍ਰਤੀ ਨਕਾਰਾਤਮਿਕ ਨਜ਼ਰੀਏ ਦਾ ਲਖਾਇਕ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਆਪ ਦਿਲਚਸਪੀ ਲੈਣ ਅਤੇ ਖੁੱਲ ਦਿਲੀ ਦਿਖਾਉਣ ਦੀ ਅਪੀਲ ਕੀਤੀ ਤੇ ਕਿਹਾ ਕਿ ਦਮਦਮੀ ਟਕਸਾਲ ਵੱਲੋਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਕੇਂਦਰ ਸਰਕਾਰ ਤੱਕ ਸਮੇਂ ਸਮੇਂ ਪਹੁੰਚ ਕੀਤੀ ਜਾਂਦੀ ਰਹੀ ਅਤੇ ਕਰਦੀ ਰਹੇਗੀ । ਉਨ੍ਹਾਂ ਕਿਹਾ ਕਿ ਸਿੱਖ ਕੈਦੀਆਂ ਰਿਹਾਈ ਨਾਲ ਦੇਸ਼ 'ਚ ਭਾਈਚਾਰਕ ਸਾਂਝ ਅਤੇ ਸਦਭਾਵਨਾ ਪ੍ਰਤੀ ਇਕ ਚੰਗੀ ਸ਼ੁਰੂਆਤ ਹੋਵੇਗੀ ਅਤੇ ਚੰਗੇ ਸਿੱਟੇ ਸਾਹਮਣੇ ਆਉਣਗੇ। ਸਮੂਹ ਸਿੱਖ ਕੈਦੀਆਂ ਦੀ ਰਿਹਾਈ ਵਰਗਾ ਠੋਸ ਕਦਮ ਨਿਸ਼ਚੇ ਹੀ ਪੰਜਾਬ ਅਤੇ ਸਿੱਖ ਕੌਮ ਨਾਲ ਕੇਂਦਰ ਦੀਆਂ ਕਾਂਗਰਸੀ ਸਰਕਾਰਾਂ ਵੱਲੋਂ ਕੀਤੇ ਜਾਂਦੇ ਗ਼ਲਤ ਵਿਵਹਾਰ ਅਤੇ ਵਿਤਕਰਿਆਂ ਕਾਰਨ ਸਿੱਖ ਕੌਮ 'ਚ ਆਈ ਬੇਗਾਨਗੀ ਦੀ ਭਾਵਨਾ ਨੂੰ ਦੂਰ ਕਰਨ 'ਚ ਸਹਾਈ ਸਿੱਧ ਹੋਵੇਗੀ।   
ਦਮਦਮੀ ਟਕਸਾਲ ਦੇ ਮੁਖੀ ਨੇ ਖੇਤੀ ਆਰਡੀਨੈਂਸ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਸਖ਼ਤ ਰੋਸ ਪ੍ਰਗਟ ਕੀਤਾ ਅਤੇ ਕਿਹਾ ਕਿ ਕੇਂਦਰ ਦੀ ਸਰਕਾਰ ਦੀ ਖੇਤ ਨੀਤੀ ਕਿਸਾਨਾਂ ਅਤੇ ਮਜ਼ਦੂਰਾਂ ਲਈ ਬਹੁਤ ਘਾਤਕ ਹੈ । ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਜੇ ਕਿਸਾਨ ਹੀ ਟੁੱਟ ਗਿਆ ਤਾਂ ਦੇਸ਼ ਦੀ ਅਰਥ ਵਿਵਸਥਾ ਕਿਵੇਂ ਸਥਿਰ ਰਹਿ ਸਕੇਗੀ । ਉਨ੍ਹਾਂ ਕਿਹਾ ਕਿ ਕਿਸਾਨੀ ਦਾ ਮੌਜੂਦਾ ਰੋਸ ਅਤੇ ਵਿਦਰੋਹ ਇਸ ਤੋਂ ਅੱਗੇ ਬਹੁਤ ਹੀ ਖ਼ਤਰਨਾਕ ਰੁੱਖ ਅਖ਼ਤਿਆਰ ਕਰ ਲਵੇ ਇਸ ਤੋਂ ਪਹਿਲਾਂ ਕੇਂਦਰ ਨੂੰ ਕਿਸਾਨ ਪ੍ਰਤੀ ਵਤੀਰਾ ਦਰੁਸਤ ਕਰ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਕਿਸਾਨਾਂ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਅਤੇ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਕੋਈ ਕਾਨੂੰਨ ਬਣਾਵੇ ।
ਦਮਦਮੀ ਟਕਸਾਲ ਦੇ ਮੁਖੀ ਨੇ ਸ਼੍ਰੋਮਣੀ ਕਮੇਟੀ ਅਤੇ ਸਿੱਖ ਜਥੇਬੰਦੀਆਂ ਦੀ ਆਪਸੀ ਦੇ ਟਕਰਾਅ ਨੂੰ ਮੰਦਭਾਗਾ ਦੱਸਿਆ ਅਤੇ ਕਿਹਾ ਕਿ ਦੋਹਾਂ ਧਿਰਾਂ ਨੂੰ ਸੰਜਮ ਤੋਂ ਕੰਮ ਲੈਣਾ ਚਾਹੀਦਾ ਹੈ। ਉਨ੍ਹਾਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਬਾਰੇ ਪਾਰਦਰਸ਼ੀ ਢੰਗ ਨਾਲ ਸੰਗਤਾਂ ਦੀ ਤਸੱਲੀ ਕਰਾਉਣ ਦੀ ਵੀ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ।